ਕਾਂਗਰਸ ਤੇ ਆਪ ਨੂੰ ਪੰਜਾਬ ਨਾਲ ਕੋਈ ਮੋਹ ਨਹੀਂ, ਲੋਕ ਸੁਚੇਤ ਰਹਿਣ: ਬਾਦਲ

ਸਿੱਖ ਕੌਮ ਨੇ ਮਿਹਨਤ ਸਦਕਾ ਅੱਜ ਵਿਸ਼ਵ ਭਰ ਵਿੱਚ ਵਿਲੱਖਣ ਪਛਾਣ ਬਣਾਈ: ਸੁਖਬੀਰ ਬਾਦਲ

ਮਨਜੀਤ ਕੌਰ
ਨਬਜ਼-ਏ-ਪੰਜਾਬ, ਫਤਹਿਗੜ੍ਹ ਸਾਹਿਬ, 26 ਦਸੰਬਰ:
ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਪੰਜਾਬ ਜਾਂ ਪੰਜਾਬੀਆਂ ਨਾਲ ਕੋਈ ਮੋਹ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਪਾਰਟੀਆਂ ਦੇ ਗੁੰਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਬਦਕਿਸਮਤੀ ਨਾਲ ਇਨ੍ਹਾਂ ਦੋਵਾਂ ਪਾਰਟੀਆਂ ’ਚੋਂ ਕੋਈ ਇੱਥ ਵੀ ਪੰਜਾਬ ਦੀ ਸੱਤਾ ’ਤੇ ਕਾਬਜ਼ ਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿਛਲੇ 10 ਸਾਲਾਂ ਵਿੱਚ ਸਵਾ ਦੋ ਲੱਖ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ ਖੁੱਸਣ ਦਾ ਡਰ ਹੈ, ਉਥੇ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਗ਼ਰੀਬ ਲੋਕਾਂ ਨੂੰ ਮਿਲਦੀ ਆਟਾ-ਦਾਲ ਸਕੀਮ ਅਤੇ ਕਿਸਾਨਾਂ ਨੂੰ ਮੁਫ਼ਤ ਬਿਲੀ-ਪਾਣੀ ਅਤੇ ਲੋਕਾਂ ਨੂੰ ਮੁਹੱਈਆ ਕੀਤੀਆਂ ਜਾ ਰਹੀਆਂ ਭਲਾਈ ਸਕੀਮਾਂ ਬੰਦ ਹੋਣ ਦਾ ਖ਼ਦਸ਼ਾ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਸੱਤਾ ਦੀ ਲਾਲਸਾ ਵਿੱਚ ਲੋਕਾਂ ਨੂੰ ਝੂਠੇ ਲਾਰੇ ਤੇ ਸਬਜ਼ਬਾਗ ਦਿਖਾ ਕੇ ਰਾਜ ਦੇ ਭੋਲੇ ਭਾਲੇ ਲੋਕਾਂ ਦੇ ਜ਼ਜਬਾਤਾਂ ਨਾਲ ਖੇਡ ਰਹੀਆਂ ਹਨ। ਉਨ੍ਹਾਂ ਚੇਤੇ ਕਰਵਾਇਆਂ ਕਿ ਜਦੋਂ ਕੈਪਟਨ ਅਮਰਿੰਦਰ ਪੰਜਾਬ ਵਿੱਚ ਮੁੱਖ ਮੰਤਰੀ ਸੀ ਤਾਂ ਉਸ ਨੇ ਆਉਂਦਿਆਂ ਹੀ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਬਿਜਲੀ ਅਤੇ ਕਈ ਹੋਰ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਸਨ। ਇਸ ਮੌਕੇ ਉਨ੍ਹਾਂ ਨੇ ਮੌਜੂਦਾ ਅਕਾਲੀ ਭਾਜਪਾ ਦੀ ਸਰਕਾਰ ਵੱਲੋਂ ਕਰਵਾਏ ਵਿਕਾਸ ਕਾਰਜਾਂ ਦੀ ਖੱੁਲ੍ਹ ਕੇ ਵਿਆਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਵੀ ਬੂੰਦ ਫ਼ਾਲਤੂ ਪਾਣੀ ਨਹੀਂ ਹੈ ਨਾ ਹੀ ਐਸ.ਵਾਈ.ਐਲ. ਨਹਿਰ ਬਣਾਉਣ ਦੀ ਲੋੜ ਹੈ ਅਤੇ ਨਾ ਹੀ ਨਹਿਰ ਬਣਾਉਣ ਦੀ ਆਗਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਰਹੀ ਕਾਂਗਰਸ ਦੀ ਸਰਕਾਰ ਨੇ ਪੰਜਾਬ ਵਿੱਚੋਂ ਐਸ.ਵਾਈ.ਐਲ. ਨਹਿਰ ਕੱਢਣ ਦਾ ਸਮਝੌਤਾ ਕਰਕੇ ਦਰਿਆਈ ਪਾਣੀਆਂ ਦੇ ਰਿਪੇਰੀਅਨ ਸਿਧਾਂਤਾਂ ਨੂੰ ਕੇਵਲ ਅੱਖੋਂ ਪਰੋਖੇ ਹੀ ਨਹੀਂ ਕੀਤਾ ਸਗੋਂ ਪੰਜਾਬ ਨਾਲ ਵੱਡਾ ਧਰੋਹ ਕਮਾਇਆ ਹੈ।
ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਸਿੱਖ ਕੌਮ ਨੇ ਮਿਹਨਤ ਸਦਕਾ ਅੱਜ ਵਿਸ਼ਵ ਭਰ ਵਿਚ ਇਕ ਵੱਖਰੀ ਥਾਂ ਬਣਾ ਲਈ ਹੈ ਅਤੇ ਨਾਮਣਾ ਖੱਟਿਆ ਹੈ। ਉਨ੍ਹਾਂ ਅਕਾਲੀ-ਭਾਜਪਾ ਗੱਠਜੋੜ ਨੂੰ ਤੀਜੀ ਵਾਰ ਸੱਤਾ ਵਿਚ ਲਿਆਉਣ ਦੀ ਲੋਕਾਂ ਨੂੰ ਅਪੀਲ ਕੀਤੀ। ਉਨ੍ਹਾਂ ਵਿਅੰਗਮਈ ਤਰੀਕੇ ਨਾਲ ਕਿਹਾ ਕਿ ’ਕੌਫ਼ੀ ਵਿਦ ਕੈਪਟਨ’ ਦੀ ਅਸਫਲਤਾ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਨੂੰ ’ਜੇਲ੍ਹ ਵਿਦ ਕੈਪਟਨ’ ਸ਼ੁਰੂ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਅਕਾਲੀ-ਭਾਜਪਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਅਤੇ ਵਿਕਾਸ ਸਕੀਮਾਂ ਦਾ ਵੀ ਜ਼ਿਕਰ ਕੀਤਾ ਅਤੇ ਐਲਾਨ ਕੀਤਾ ਕਿ ਅਗਲੇ ਪੰਜ ਸਾਲਾਂ ਵਿਚ ਪੰਜਾਬ ਦੇ ਸਾਰੇ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ 5 ਪਿੰਡਾਂ ਲਈ ਇਕ ਸਕਿੱਲ ਸੈਂਟਰ ਖੋਲ੍ਹਿਆ ਜਾਵੇਗਾ ਅਤੇ 10 ਲੱਖ ਨੌਜਵਾਨਾਂ ਨੂੰ ਖੁਦ ਦੇ ਪੈਰਾਂ ’ਤੇ ਖੜ੍ਹਾ ਕੀਤਾ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ, ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ, ਸੰਸਦ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਐਸਜੀਪੀਸੀ ਮੈਂਬਰ ਸੁਰਜੀਤ ਸਿੰਘ ਗੜੀ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਾਗੀਰ ਕੌਰ, ਫਤਹਿਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ, ਬਸੀ ਪਠਾਣਾ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ, ਐਸਜੀਪੀਸੀ ਮੈਂਬਰ ਕਰਨੈਲ ਸਿੰਘ ਪੰਜੋਲੀ, ਰਵਿੰਦਰ ਸਿੰਘ ਖ਼ਾਲਸਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸੁਰਜੀਤ ਸਿੰਘ ਰੱਖੜਾ, ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੁਖੀ ਪਰਮਜੀਤ ਕੌਰ ਲਾਂਡਰਾਂ, ਵਿਧਾਇਕ ਜਸਟਿਸ ਨਿਰਮਲ ਸਿੰਘ, ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਗੁਰਸੇਵ ਸਿੰਘ ਹਰਪਾਲਪੁਰ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਲਜੀਤ ਸਿੰਘ ਭੁੱਟਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਗੁਰਵਿੰਦਰ ਸਿੰਘ ਭੱਟੀ, ਗੁਰਚਰਨ ਸਿੰਘ ਹਰਬੰਸਪੁਰਾ, ਹਰਵਿੰਦਰ ਸਿੰਘ ਬੱਬਲ, ਪ੍ਰਧਾਨ ਸ਼ੇਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਦਲ ਤੇ ਭਾਜਪਾ ਦੇ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…