ਡੀਸੀ ਅਮਿਤ ਤਲਵਾੜ ਨੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿੱਚ ਪ੍ਰਬੰਧਾਂ ਦਾ ਲਿਆ ਜਾਇਜ਼ਾ

ਨਸ਼ਾ ਛੁਡਾਊ ਕੇਂਦਰ ਵਿੱਚ ਬੈੱਡਾਂ ਦੀ ਗਿਣਤੀ 50 ਤੋਂ ਵਧਾ ਕੇ 70 ਕੀਤੀ ਜਾਵੇਗੀ: ਅਮਿਤ ਤਲਵਾੜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਪਰੈਲ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਇੱਥੋਂ ਦੇ ਸੈਕਟਰ-66 ਸਥਿਤ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜੇਰੇ ਇਲਾਜ ਨਸ਼ਾ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਵਿੱਚ ਬੈੱਡਾਂ ਦੀ ਗਿਣਤੀ 50 ਤੋਂ ਵਧਾ ਕੇ 70 ਕੀਤੀ ਜਾਵੇਗੀ।
ਅਮਿਤ ਤਲਵਾੜ ਨੇ ਦੱਸਿਆ ਕਿ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਚਿੱਟੇ ਜਾਂ ਹੋਰ ਮੈਡੀਕਲ ਨਸ਼ਿਆਂ ਦੇ ਪੀੜਤ ਮਰੀਜ਼ਾ ਲਈ ਵਰਦਾਨ ਸਾਬਤ ਹੋ ਰਹੇ ਹਨ ਕਿਉਂਕਿ ਇੱਥੇ ਬਿਨਾਂ ਹਸਪਤਾਲ ਤੋਂ ਦਾਖ਼ਲ ਕੀਤੇ ਮਰੀਜ਼ਾਂ ਨੂੰ ਓਪੀਡੀ ਰਾਹੀਂ ਦਵਾਈ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਘਰ ਵਰਗਾ ਮਾਹੌਲ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇ ਦੌਰੇ ਦਾ ਮੰਤਵ ਨਸ਼ਾ ਛੁਡਾਊ ਕੇਂਦਰ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਦਵਾਈਆਂ ਦੇ ਸਟਾਕ ਅਤੇ ਸਰਕਾਰੀ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਸੀ। ਡੀਸੀ ਨੇ ਦੱਸਿਆ ਕਿ ਇਸ ਕੇਂਦਰ ਵਿੱਚ ਦਾਖ਼ਲ ਮਰੀਜ਼ਾ ਦੀ ਗਿਣਤੀ ਨੂੰ ਦੇਖ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ 50 ਬੈੱਡਾਂ ਤੋਂ ਵਧਾ ਕੇ 70 ਬੈੱਡ ਕਰਨ ਦਾ ਫ਼ੈਸਲਾ ਲਿਆ ਹੈ।
ਡੀਸੀ ਨੇ ਨਸ਼ਾ ਛੁਡਾਊ ਕੇਂਦਰ ਵਿੱਚ ਤਾਇਨਾਤ ਡਾਕਟਰਾਂ ਕੋਲੋਂ ਵਾਧੂ ਸਟਾਫ਼ ਦੀ ਲੋੜ ਬਾਰੇ ਵੀ ਪੁੱਛਿਆ ਅਤੇ ਭਰੋਸਾ ਦਿੱਤਾ ਕਿ ਜੇਕਰ ਉਨ੍ਹਾਂ ਨੂੰ ਮੇਲ ਸਟਾਫ਼, ਨਰਸ, ਵਾਰਡ ਅਟੈਂਡੈਂਟ, ਸੁਰੱਖਿਆ ਗਾਰਡ ਜਾਂ ਕੌਂਸਲਰਾਂ ਦੀ ਲੋੜ ਹੈ ਤਾਂ ਇਸ ਸਬੰਧੀ ਜ਼ਿਲ੍ਹਾ ਪੱਧਰੀ ਡੀ.ਅਡਿਕਸ਼ਨ ਐਂਡ ਰੀਹੈਬਲੀਟੇਸ਼ਨ ਸੁਸਾਇਟੀ ਦੀ ਮੀਟਿੰਗ ਵਿੱਚ ਮਤਾ ਪਾਸ ਕਰਕੇ ਲੋੜੀਂਦਾ ਸਟਾਫ਼ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਾ ਛੁਡਾਊ ਕੇਂਦਰ ਵਿੱਚ ਵਾਤਾਵਰਨ ਨੂੰ ਸਵੱਛ ਰੱਖਣ ਲਈ ਸਾਫ਼-ਸਫ਼ਾਈ ਅਤੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।
ਸ੍ਰੀ ਤਲਵਾੜ ਨੇ ਦੱਸਿਆ ਕਿ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਮਿਲਕੇ ਹੰਭਲਾ ਮਾਰਨਾ ਚਾਹੀਦਾ ਹੈ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਮਨੁੱਖ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਦੇ ਚਾਹਵਾਨ ਵਿਅਕਤੀਆਂ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਅਜਿਹੇ ਕੇਂਦਰਾਂ ਵਿੱਚ ਬੁਨਿਆਦੀ ਢਾਂਚੇ ਸਬੰਧੀ ਹੋਰ ਵੀ ਸੁਧਾਰ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਿਲਜੀਤ ਸਿੰਘ, ਡਾ. ਗੁਰਮੁੱਖ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਡੀਜ਼ਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ’ਤੇ ਚੜੇ ਸਾਬਕਾ ਸਰਪੰਚ ਹੇਠਾਂ ਲਾਹਿਆ, ਕਾਰਵਾਈ ਦਾ ਭਰੋਸਾ

ਡੀਜ਼ਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ’ਤੇ ਚੜੇ ਸਾਬਕਾ ਸਰਪੰਚ ਹੇਠਾਂ ਲਾਹਿਆ, ਕਾਰਵਾਈ ਦਾ ਭਰੋਸਾ ਨਾਜਾਇਜ਼ ਕ…