Share on Facebook Share on Twitter Share on Google+ Share on Pinterest Share on Linkedin ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਡੀਸੀ ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਰੋਸ ਮੁਜ਼ਾਹਰਾ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਦੀ ਬਿਨਾਂ ਸ਼ਰਤ ਰਿਹਾਈ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਨਬਜ਼-ਏ-ਪੰਜਾਬ, ਮੁਹਾਲੀ, 10 ਮਾਰਚ 2026: ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਮਾਲੇਰਕੋਟਲਾ ਵੱਲੋਂ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੂੰ ਰਾਤ ਕਰੀਬ 12 ਵਜੇ ਪੁਲੀਸ ਵੱਲੋਂ ਉਨ੍ਹਾਂ ਦੀ ਰਿਹਾਇਸ਼ ਤੋਂ ਬਿਨਾਂ ਕਿਸੇ ਕਾਰਨ ਗ੍ਰਿਫ਼ਤਾਰ ਕਰਕੇ ਜੰਡਿਆਲਾ ਗੁਰੂ ਥਾਣੇ (ਸ੍ਰੀ ਅੰਮ੍ਰਿਤਸਰ ਸਾਹਿਬ) ਵਿੱਚ ਹਿਰਾਸਤ ਵਿੱਚ ਰੱਖਣ ਦੇ ਰੋਸ ਵਜੋਂ ਅੱਜ ਡੀਸੀ ਦਫ਼ਤਰ ਮਾਲੇਰਕੋਟਲਾ ਅਤੇ ਐਸਡੀਐਮ ਦਫ਼ਤਰਾਂ ਵਿਖੇ ਮੁਕੰਮਲ ਹੜਤਾਲ ਕਰਕੇ ਸੂਬਾ ਸਰਕਾਰ ਵਿਰੁੱਧ ਰੋਸ ਧਰਨਾ ਦਿੱਤਾ ਗਿਆ। ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਸ਼ਰਨਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਅਤੇ ਆਪਣੀਆਂ ਹੱਕੀ ਮੰਗਾਂ ਲਈ ਲੜ ਰਹੇ ਮੁਲਾਜ਼ਮਾਂ ਉੱਤੇ ਲਗਾਤਾਰ ਤਸ਼ੱਦਦ ਢਾਹਿਆ ਜਾ ਰਿਹਾ ਹੈ। ਬੀਤੀ 8 ਮਾਰਚ ਨੂੰ ਮੁਹਾਲੀ ਵਿੱਚ ਆਪਣੀਆਂ ਹੱਕੀ ਮੰਗਾਂ ਸਬੰਧੀ ਵਿਧਾਨ ਸਭਾ ਵੱਲ ਕੂਚ ਕਰ ਰਹੇ ਕਰਮਚਾਰੀਆਂ ਉੱਤੇ ਵੀ ਸਰਕਾਰ ਵੱਲੋਂ ਲਾਠੀਚਾਰਜ, ਗੰਦੇ ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲੇ ਦਾਗੇ ਗਏ। ਜਿਸ ਵਿੱਚ ਬਹੁਤ ਸਾਰੇ ਮੁਲਾਜ਼ਮ ਫੱਟੜ ਹੋਏ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਰਾਤ ਕਰੀਬ 12 ਵਜੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਬਿਨਾਂ ਕਿਸੇ ਕਾਰਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਘਰ ਵਿੱਚ ਮੌਜੂਦ ਅੌਰਤਾਂ ਅਤੇ ਛੋਟੇ ਬੱਚੇ ਨੂੰ ਅਪਸ਼ਬਦ ਵਰਤੇ ਗਏ, ਜੋ ਅਤਿ ਨਿੰਦਨਯੋਗ ਹੈ। ਸ਼ਰਨਵੀਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਤੇਜਿੰਦਰ ਸਿੰਘ ਨੰਗਲ ਨੂੰ ਬਿਨਾਂ ਸ਼ਰਤ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਡੀਸੀ ਦਫ਼ਤਰਾਂ ਵਿੱਚ ਕੰਮ ਕਰਦੇ ਸਾਰੇ ਮੁਲਾਜ਼ਮ ਹੜਤਾਲ ’ਤੇ ਰਹਿਣਗੇ ਅਤੇ ਸਰਕਾਰ ਦਾ ਕੋਈ ਵੀ ਕੰਮ ਨਹੀਂ ਕੀਤਾ ਜਾਵੇਗਾ। ਇਸ ਮੌਕੇ ਡੀ.ਸੀ. ਦਫ਼ਤਰ ਕਰਮਚਾਰੀਆਂ ਵੱਲੋਂ ਡੀਸੀ ਦਫ਼ਤਰ ਮਾਲੇਰਕੋਟਲਾ ਵਿਖੇ ਧਰਨਾ ਦਿੰਦੇ ਹੋਏ ਸਰਕਾਰ ਖ਼ਿਲਾਫ਼ ਨਾਅਰੇਬਾਜੀ ਵੀ ਕੀਤੀ ਗਈ। ਅੱਜ ਦੇ ਇਸ ਧਰਨੇ ਨੂੰ ਹਰਵੀਰ ਸਿੰਘ ਸੂਬਾ ਪ੍ਰਧਾਨ ਦਿ ਪੰਜਾਬ ਰਾਜ ਰੈਵਨਿਊ ਕਾਨੂੰਗੋ ਐਸੋਸੀਏਸ਼ਨ, ਦੀਦਾਰ ਸਿੰਘ ਛੋਕਰਾਂ ਸੀਨੀਅਰ ਮੀਤ ਪ੍ਰਧਾਨ ਦਿ ਪੰਜਾਬ ਰਾਜ ਰੈਵਨਿਊ ਪਟਵਾਰ ਯੂਨੀਅਨ, ਸੰਦੀਪ ਸਿੰਘ ਸੂਬਾ ਸਹਾਇਕ ਪ੍ਰੈਸ ਸਕੱਤਰ, ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ, ਦਿਲਜਾਨ ਅਲੀ ਜਨਰਲ ਸਕੱਤਰ, ਸੁਖਪ੍ਰੀਤ ਕੌਰ ਸੀਨੀਅਰ ਮੀਤ ਪ੍ਰਧਾਨ, ਮਨਪ੍ਰੀਤ ਸਿੰਘ ਪ੍ਰੈਸ ਸਕੱਤਰ, ਗੁਰਪ੍ਰੀਤ ਸਿੰਘ ਸਹੋਤਾ, ਕੁਲਪ੍ਰੀਤ ਸਿੰਘ, ਅਭਿਸ਼ੇਕ ਜੈਨ, ਨੇਹਾ ਰਾਣੀ, ਅਮਿਤ ਬਾਂਸਲ, ਹਰਜੀਤ ਸਿੰਘ, ਰਾਜੂ ਸਿੰਗਲਾ ਆਦਿ ਕਰਮਚਾਰੀਆਂ ਨੇ ਵੀ ਸੰਬੋਧਨ ਕਰਦਿਆਂ ਸਰਕਾਰ ਵੱਲੋਂ ਕੀਤੇ ਗਏ ਇਸ ਅਣਮਨੁੱਖੀ ਤਸ਼ੱਦਦ ਦੀ ਸਖ਼ਤ ਨਿਖੇਧੀ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ