ਡੀਸੀ ਵੱਲੋਂ ਪੇਚਸ਼, ਹੈਜ਼ਾ ਤੇ ਡੇਂਗੂ ਤੋਂ ਬਚਾਅ ਲਈ ਪਾਣੀ ਦੀ ਜਾਂਚ ਕਰਨ ਦੇ ਹੁਕਮ

ਸਿਹਤ ਤੇ ਸੜਕਾਂ ਦੀ ਮੁਰੰਮਤ ਮੁੱਦੇ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਹੜ੍ਹਾਂ ਕਾਰਨ ਟੁੱਟੀਆਂ ਸੜਕਾਂ ਦੀ ਜਲਦੀ ਮੁਰੰਮਤ ਕੀਤੀ ਜਾਵੇ: ਡੀਸੀ ਆਸ਼ਿਕਾ ਜੈਨ

ਨਬਜ਼-ਏ-ਪੰਜਾਬ, ਮੁਹਾਲੀ, 31 ਜੁਲਾਈ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੀ ਤਬਾਹੀ ਤੋਂ ਬਾਅਦ ਮੁਹਾਲੀ ਜ਼ਿਲ੍ਹੇ ਵਿੱਚ ਪੇਚਸ਼, ਹੈਜ਼ਾ ਤੇ ਡੇਂਗੂ ਤੋਂ ਬਚਾਅ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਸਿਹਤ ਵਿਭਾਗ ਵੱਲੋਂ ਜਿੱਥੇ ਸਰਕਾਰੀ ਹਸਪਤਾਲਾਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਉੱਥੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਚਸ਼, ਹੈਜ਼ਾ ਤੇ ਡੇਂਗੂ ਤੋਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਕੀਤਾ।
ਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੇਚਸ਼, ਹੈਜ਼ਾ ਅਤੇ ਡੇਂਗੂ ਦੇ ਕੇਸਾਂ ਵਿੱਚ ਕਾਫ਼ੀ ਕਮੀ ਆਈ ਹੈ ਪ੍ਰੰਤੂ ਫਿਰ ਵੀ ਸਾਨੂੰ ਸਾਵਧਾਨੀ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਤਾਰ ਪੀਣ ਵਾਲੇ ਪਾਣੀ ਦੇ ਸੈਂਪਲ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ। ਡੇਂਗੂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਸਿਹਤ ਵਿਭਾਗ ਨੂੰ ਡੇਂਗੂ ਚੈਕਿੰਗ ਮੁਹਿੰਮ ਤੇਜ਼ ਕਰਨ ਅਤੇ ਵੱਧ ਤੋਂ ਵੱਧ ਚਲਾਨ ਕਰਨ ਦੇ ਹੁਕਮ ਦਿੱਤੇ ਹਨ।
ਆਸ਼ਿਕਾ ਜੈਨ ਨੇ ਦੱਸਿਆ ਕਿ ਮੁਹਾਲੀ ਦੀ ਜੂਹ ਵਿੱਚ ਬਲੌਂਗੀ ਅਤੇ ਬੜਮਾਜਰਾ ’ਚੋਂ ਪੇਚਸ਼ ਦੇ ਕਾਫ਼ੀ ਕੇਸ ਸਾਹਮਣੇ ਆਏ ਸਨ ਪਰ ਹੁਣ ਸਥਿਤੀ ਕਾਬੂ ਹੇਠ ਹੈ। ਉਨ੍ਹਾਂ ਸਿਹਤ ਵਿਭਾਗ ਅਤੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਘਰ-ਘਰ ਜਾ ਕੇ ਸਰਵੇਖਣ ਹੋਰ ਤੇਜ਼ ਕੀਤਾ ਜਾਵੇ। ਇਸ ਤੋਂ ਇਲਾਵਾ ਡੇਂਗੂ ਲਾਰਵੇ ਦੇ ਖ਼ਾਤਮੇ ਲਈ ਸਪਰੇਅ ਅਤੇ ਫੌਗਿੰਗ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਡੀਸੀ ਨੇ ਹੜ੍ਹਾਂ ਕਾਰਨ ਟੁੱਟੀਆਂ ਸੜਕਾਂ ਤੇ ਪ੍ਰਭਾਵਿਤ ਜਲ ਸਪਲਾਈ ਪਾਈਪਾਂ ਦੀ ਛੇਤੀ ਮੁਰੰਮਤ ਕੀਤੀ ਜਾਵੇ ਅਤੇ ਇਸ ਸਬੰਧੀ ਐਸਟੀਮੇਟ ਤਿਆਰ ਕਰਕੇ ਦਿੱਤੇ ਜਾਣ।
ਮੀਟਿੰਗ ਵਿੱਚ ਏਡੀਸੀ (ਜਨਰਲ) ਪਰਮਦੀਪ ਸਿੰਘ, ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਐੱਸਡੀਐਮ ਸਰਬਜੀਤ ਕੌਰ, ਐੱਸਡੀਐਮ ਖਰੜ ਰਵਿੰਦਰ ਸਿੰਘ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਸਿਵਲ ਸਰਜਨ ਡਾ. ਮਹੇਸ਼ ਅਹੂਜਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਡੀਜ਼ਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ’ਤੇ ਚੜੇ ਸਾਬਕਾ ਸਰਪੰਚ ਹੇਠਾਂ ਲਾਹਿਆ, ਕਾਰਵਾਈ ਦਾ ਭਰੋਸਾ

ਡੀਜ਼ਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ’ਤੇ ਚੜੇ ਸਾਬਕਾ ਸਰਪੰਚ ਹੇਠਾਂ ਲਾਹਿਆ, ਕਾਰਵਾਈ ਦਾ ਭਰੋਸਾ ਨਾਜਾਇਜ਼ ਕ…