ਕਰੋਨਾਵਾਇਰਸ: ਡੀਸੀ ਵੱਲੋਂ ਲੋਕਾਂ ਨੂੰ ਐਤਵਾਰ ਨੂੰ ਪੂਰਾ ਦਿਨ ਘਰਾਂ ’ਚ ਰਹਿਣ ਦੀ ਅਪੀਲ

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਹਦਾਇਤਾਂ ਦਿੱਤੀਆਂ

ਜ਼ਿਲ੍ਹਾ ਮੁਹਾਲੀ ਵਿੱਚ 200 ਤੋਂ ਵੱਧ ਵਿਅਕਤੀ ਸਿਹਤ ਵਿਭਾਗ ਦੀ ਨਿਗਰਾਨੀ ਹੇਠ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਾਰਚ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਰੋਨਾਵਾਇਰਸ ਦੇ ਪ੍ਰਭਾਵ ਨੂੰ ਠੱਲ੍ਹ ਪਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ਤਹਿਤ ਭਲਕੇ ਐਤਵਾਰ ਨੂੰ ਆਮ ਲੋਕਾਂ ਨੂੰ ਪੂਰਾ ਦਿਨ ਆਪਣੇ ਘਰਾਂ ਵਿੱਚ ਰਹਿਣ ਦੀ ਜ਼ੋਰਦਾਰ ਅਪੀਲ ਕੀਤੀ ਹੈ। ਇਸ ਸਬੰਧੀ ਡੀਸੀ ਨੇ ਪਹਿਲਕਦਮੀ ਕਰਦਿਆਂ ਅੱਜ ਆਪਣੇ ਦਫ਼ਤਰ ’ਚੋਂ ਅਪੀਲ ਵਾਲੀ ਵੀਡੀਓ ਜਾਰੀ ਕਰਕੇ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਹਿਸ਼ਤ ਵਿੱਚ ਆਉਣ ਦੀ ਥਾਂ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਸਿਹਤ ਵਿਭਾਗ ਅਤੇ ਸਰਕਾਰ ਦੀਆਂ ਹਦਾਇਤਾਂ ’ਤੇ ਅਮਲ ਕਰਨਾ ਚਾਹੀਦਾ ਹੈ। ਇਸ ਸਬੰਧੀ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।
ਡੀਸੀ ਨੇ ਦੱਸਿਆ ਕਿ ਲੋਕਾਂ ਦੀ ਸੁਵਿਧਾ ਲਈ ਜ਼ਿਲ੍ਹਾ ਪ੍ਰਬੰਧਕ ਕੰਪਲੈਕਸ ਵਿੱਚ ਜ਼ਿਲ੍ਹਾ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਵਾਇਰਸ ਤੋਂ ਪੀੜਤ ਜਾਂ ਸ਼ੱਕੀ ਮਰੀਜ਼ਾਂ ਬਾਰੇ ਇਨ੍ਹਾਂ ਨੰਬਰਾਂ 0172-2219505 ਅਤੇ 2219506 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਜਾਣਕਾਰੀ ਮਿਲਣ ’ਤੇ ਸਿਹਤ ਵਿਭਾਗ ਅਤੇ ਪੁਲੀਸ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚ ਕੇ ਕਾਰਵਾਈ ਨੂੰ ਅੰਜਾਮ ਦੇਵੇਗੀ। ਇਸ ਸਬੰਧੀ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ 12 ਵਿਸ਼ੇਸ਼ ਨਿਗਰਾਨ ਟੀਮਾਂ ਦਾ ਗਠਨ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ’ਤੇ ਵਿਦੇਸ਼ਾਂ ਤੋਂ ਪਰਤੇ ਵਿਅਕਤੀਆਂ ਜਾਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਕਰੀਬ 200 ਤੋਂ ਵੱਧ ਲੋਕਾਂ ਬਾਰੇ ਜਾਣਕਾਰੀ ਅਪਲੋਡ ਕੀਤੀ ਗਈ ਹੈ। ਉਨ੍ਹਾਂ ਆਮ ਲੋਕਾਂ ਨੂੰ ਵੱਡੇ ਇਕੱਠਾਂ ਤੋਂ ਦੂਰ ਰਹਿਣ ਅਤੇ ਘਰੇਲੂ ਸਮਾਗਮ ਵੀ ਘੱਟ ਵਿਅਕਤੀਆਂ ਤੱਕ ਹੀ ਸੀਮਤ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁਹਾਲੀ ਜ਼ਿਲ੍ਹੇ ਦੀ ਹੱਦ ਅੰਦਰ ਆਪਣੀਆਂ ਮੰਡੀਆਂ ਅਤੇ ਹਫ਼ਤਾਵਾਰੀ ਆਪਣੀ ਮੰਡੀਆਂ (ਕਿਸਾਨ ਮੰਡੀਆਂ) ਬੰਦ ਕਰਵਾਉਣ ਦਾ ਫੈਸਲਾ ਵੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਕਿਉਂਕਿ ਇਨ੍ਹਾਂ ਮੰਡੀਆਂ ਵਿੱਚ ਸਬਜ਼ੀਆਂ ਅਤੇ ਫਲ ਖ਼ਰੀਦਣ ਲਈ ਸੈਂਕੜਿਆਂ ਦੀ ਤਾਦਾਦ ਵਿੱਚ ਲੋਕ ਆਉਂਦੇ ਹਨ।
ਮੀਟਿੰਗ ਵਿੱਚ ਏਡੀਸੀ ਸ੍ਰੀਮਤੀ ਆਸ਼ਿਕਾ ਜੈਨ, ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਰਾਜੇਸ਼ ਧੀਮਾਨ, ਐਸਡੀਐਮ ਜਗਦੀਪ ਸਹਿਗਲ, ਖਰੜ ਦੇ ਐਸਡੀਐਮ ਹਿਮਾਂਸ਼ੂ ਜੈਨ, ਡੀਡੀਪੀਓ ਡੀਕੇ ਸਾਲਦੀ ਸਮੇਤ ਸਿਹਤ ਵਿਭਾਗ, ਨਗਰ ਨਿਗਮ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …