ਡੀਸੀ ਤੇ ਕਮਿਸ਼ਨਰ ਨੇ ਸ਼ਹਿਰੀ ਬੁਨਿਆਦੀ ਢਾਂਚੇ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਕੀਤਾ ਦੌਰਾ

ਸੀਵਰੇਜ ਲਾਈਨਾਂ, ਸਟੋਰਮ ਸੀਵਰ ਅਤੇ ਸੜਕਾਂ ਦੀ ਸਮਾਂਬੱਧ ਮੁਰੰਮਤ ਦੇ ਆਦੇਸ਼ ਜਾਰੀ

ਨਬਜ਼-ਏ-ਪੰਜਾਬ, ਮੁਹਾਲੀ, 8 ਸਤੰਬਰ:
ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਤੋਂ ਬਾਅਦ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਨਾਲ ਸਾਂਝਾ ਨਿਰੀਖਣ ਦੌਰਾ ਕੀਤਾ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਪੀਸੀਐਲ ਚੌਂਕ ਤੋਂ ਕੁੰਭੜਾ ਚੌਂਕ ਤੱਕ ਖਰਾਬ ਹੋਈ ਮੁੱਖ ਸੀਵਰੇਜ ਲਾਈਨ ਅਤੇ ਸੀਪੀ-67 ਚੌਕ ਨੇੜੇ ਸਟੋਰਮ ਸੀਵਰ ਦੀ ਨੁਕਸਾਨੀ ਨਿਕਾਸ ਪ੍ਰਣਾਲੀ ਦਾ ਦੌਰਾ ਕੀਤਾ, ਜੋ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਅਤੇ ਨਿਵਾਸੀਆਂ ਲਈ ਮੁਸ਼ਕਲਾਂ ਦਾ ਕਾਰਨ ਬਣ ਰਹੇ ਹਨ। ਉਨ੍ਹਾਂ ਨੇ ਕਾਰਪੋਰੇਸ਼ਨ ਕਮਿਸ਼ਨਰ ਅਤੇ ਇੰਜੀਨੀਅਰਿੰਗ ਸਟਾਫ ਨੂੰ ਪਹਿਲ ਦੇ ਆਧਾਰ ‘ਤੇ ਮੁਰੰਮਤ ਦੇ ਕੰਮ ਨੂੰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਥਿਤੀ ਨੂੰ ਜਲਦੀ ਤੋਂ ਜਲਦੀ ਆਮ ਬਣਾਇਆ ਜਾਵੇ।
ਡੀਸੀ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਉਨ੍ਹਾਂ ਮਾਮਲਿਆਂ ਵਿੱਚ ਠੇਕੇਦਾਰ ਦੀ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ, ਜਿੱਥੇ ਉਸਾਰੀ ਦੀ ਮਾੜੀ ਗੁਣਵੱਤਾ ਜਾਂ ਠੇਕੇਦਾਰਾਂ ਦੀ ਲਾਪਰਵਾਹੀ ਨੁਕਸਾਨ ਦਾ ਮੂਲ ਕਾਰਨ ਪਾਇਆ ਜਾਂਦਾ ਹੈ। ਉਨ੍ਹਾਂ ਨਗਰ ਨਿਗਮ ਨੂੰ ਸਪੱਸ਼ਟ ਲਫ਼ਜ਼ਾ ਵਿੱਚ ਕਿਹਾ ਕਿ ਉਹ ਖਰਾਬ ਹੋਈਆਂ ਸੜਕਾਂ, ਸੀਵਰੇਜ ਲਾਈਨਾਂ ਅਤੇ ਮੀਂਹ ਦੇ ਪਾਣੀ ਦੇ ਨਾਲਿਆਂ (ਸਟੋਰਮ ਸੀਵਰ) ਦੀ ਮੁਰੰਮਤ ਲਈ ਸਮਾਂਬੱਧ ਕਾਰਜ ਯੋਜਨਾ ਅਪਣਾਏ ਤਾਂ ਜੋ ਜਨਤਕ ਅਸੁਵਿਧਾ ਨੂੰ ਘੱਟ ਕੀਤਾ ਜਾ ਸਕੇ।
ਡੀਸੀ ਕੋਮਲ ਮਿੱਤਲ ਨੇ ਕਿਹਾ ਕਿ ਨਗਰ ਨਿਗਮ ਤੋਂ ਇਲਾਵਾ, ਸਾਰੀਆਂ ਸਥਾਨਕ ਸੰਸਥਾਵਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਬਿਨਾਂ ਕਿਸੇ ਦੇਰੀ ਦੇ ਮੁਰੰਮਤ ਦਾ ਕੰਮ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ, ਡਰੇਨੇਜ ਵਿਭਾਗ, ਮੰਡੀ ਬੋਰਡ ਅਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਸੰਪਰਕ ਬਹਾਲ ਕਰਨ, ਡਰੇਨੇਜ ਪ੍ਰਣਾਲੀ ਨੂੰ ਬਿਹਤਰ ਬਣਾਉਣ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਮੁਰੰਮਤ ਲਈ ਸਾਂਝੇ ਹੱਲ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਡੀਸੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁਹਾਲੀ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਪਾਣੀ ਭਰਨ, ਖਰਾਬ ਹੋਈਆਂ ਸੜਕਾਂ ਅਤੇ ਸੀਵਰੇਜ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਿਆਪਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਮੁਰੰਮਤ ਅਤੇ ਪਹਿਲਾਂ ਵਰਗੀ ਸਥਿਤੀ ਬਹਾਲੀ ਦੇ ਕੰਮਾਂ ਨੂੰ ਯੋਜਨਾਬੱਧ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਲਈ ਵਚਨਬੱਧ ਹੈ।

Load More Related Articles
Load More By Nabaz-e-Punjab
Load More In Development and Work

Check Also

ਮੁਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਮੇਅਰ ਅਤੇ ‘ਆਪ’ ਵਿਧਾਇਕ ਦੇ ਬੇਟੇ ’ਚ ਤਲਖ-ਕਲਾਮੀ

ਮੁਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਮੇਅਰ ਅਤੇ ‘ਆਪ’ ਵਿਧਾਇਕ ਦੇ ਬੇਟੇ ’ਚ ਤਲਖ-ਕਲਾਮੀ ਸਫ਼ਾਈ ਵਿਵਸਥਾ ਤੇ ਕੂ…