nabaz-e-punjab.com

ਬੇਅਦਬੀ ਮਾਮਲਾ: ਡੇਰਾ ਪ੍ਰੇਮੀਆਂ ਨੂੰ ਝੂਠੇ ਕੇਸ ਵਿੱਚ ਫਸਾਇਆ: ਬਚਾਅ ਪੱਖ ਦੇ ਵਕੀਲ ਵਿਵੇਕ ਗੁਲਬਦਰ

ਸੀਬੀਆਈ ਦੀ ਕਲੋਜ਼ਰ ਰਿਪੋਰਟ ਨੇ ਡੇਰਾ ਪ੍ਰੇਮੀਆਂ ਦੀ ਬੇਗੁਨਾਹੀ ’ਤੇ ਮੋਹਰ ਲਗਾਈ

ਜੇ ਜੇਲ੍ਹਾਂ ’ਚ ਬੰਦ ਵਿਅਕਤੀ ਦੋਸ਼ੀ ਨਹੀਂ ਹਨ ਤਾਂ ਸੀਬੀਆਈ ਫਿਰ ਇਹ ਤਾਂ ਦੱਸੇ ਕੌਣ ਨੇ ਦੋਸ਼ੀ: ਸ਼ਿਕਾਇਤ ਕਰਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੁਲਾਈ:
ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਪੰਜਾਬ ਪੁਲੀਸ ਵੱਲੋਂ ਨਾਮਜ਼ਦ ਡੇਰਾ ਪ੍ਰੇਮੀ ਸ਼ਕਤੀ ਸਿੰਘ ਅਤੇ ਸੰਨ੍ਹੀ ਦੇ ਵਕੀਲ ਵਿਵੇਕ ਕੁਮਾਰ ਗੁਲਬਦਰ ਨੇ ਕਿਹਾ ਕਿ ਉਸ ਦੇ ਮੁਵਕਿਲ ਨਿਰਦੋਸ਼ ਹਨ। ਉਨ੍ਹਾਂ ਨੂੰ ਗੰਧਲੀ ਸਿਆਸਤ ਦੇ ਚੱਲਦਿਆਂ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਅੱਜ ਸ਼ਾਮੀ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਕਲੋਜ਼ਰ ਰਿਪੋਰਟ ’ਤੇ ਸੁਣਵਾਈ ਮਗਰੋਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਕੀਲ ਵਿਵੇਕ ਕੁਮਾਰ ਨੇ ਡੇਰਾ ਪ੍ਰੇਮੀ ਸ਼ੁਰੂ ਤੋਂ ਕਹਿੰਦੇ ਆ ਰਹੇ ਹਨ ਕਿ ਉਹ ਬੇਕਸੂਰ ਹਨ ਅਤੇ ਉਨ੍ਹਾਂ ਦਾ ਬੇਅਦਬੀ ਮਾਮਲਿਆਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ, ਪ੍ਰੰਤੂ ਉਨ੍ਹਾਂ ਦੀ ਕਿਸੇ ਨੇ ਇਕ ਨਹੀਂ ਸੁਣੀ। ਆਖ਼ਰਕਾਰ ਹੁਣ ਸੀਬੀਆਈ ਦੀ ਜਾਂਚ ਟੀਮ ਨੇ ਪਿਛਲੇ ਦਿਨੀਂ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਕੇਸ ਖ਼ਤਮ ਕਰਨ ਲਈ ਦਾਇਰ ਕਲੋਜ਼ਰ ਰਿਪੋਰਟ ਨੇ ਡੇਰਾ ਪ੍ਰੇਮੀਆਂ ਦੀ ਬੇਗੁਨਾਹੀ ’ਤੇ ਮੋਹਰ ਲਗਾ ਦਿੱਤੀ ਹੈ।
ਇਸ ਮਾਮਲੇ ਵਿੱਚ ਪੰਜਾਬ ਪੁਲੀਸ ਵੱਲੋਂ ਮਹਿੰਦਰਪਾਲ ਸਿੰਘ ਬਿੱਟੂ ਸਮੇਤ ਸ਼ਕਤੀ ਸਿੰਘ ਅਤੇ ਸੰਨ੍ਹੀ ਨੂੰ ਨਾਮਜ਼ਦ ਕੀਤਾ ਗਿਆ ਸੀ। ਕੁਝ ਦਿਨ ਪਹਿਲਾਂ ਹੀ ਨਾਭਾ ਜੇਲ੍ਹ ਵਿੱਚ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਿੱਖ ਨੌਜਵਾਨ ਕੈਦੀਆਂ ਨੇ ਡੇਰਾ ਪ੍ਰੇਮੀ ਬਿੱਟੂ ਦੀ ਹੱਤਿਆ ਕਰ ਦਿੱਤੀ ਗਈ ਸੀ ਜਦੋਂਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸ਼ਕਤੀ ਸਿੰਘ ਅਤੇ ਸੰਨੀ ਨੂੰ ਜ਼ਮਾਨਤ ਦਿੱਤੀ ਗਈ ਹੈ। ਬਿੱਟੂ ਦੀ ਹੱਤਿਆ ਤੋਂ ਬਾਅਦ ਇਨ੍ਹਾਂ ਦੋਵੇਂ ਡੇਰਾ ਪ੍ਰੇਮੀਆਂ ਨੂੰ ਸੁਰੱਖਿਆ ਮੁਹੱਈਆ ਕੀਤੀ ਗਈ ਹੈ ਅਤੇ ਅੱਜ ਅਦਾਲਤ ਵਿੱਚ ਪੇਸ਼ ਦੌਰਾਨ ਵੀ ਉਨ੍ਹਾਂ ਨਾਲ ਸੁਰੱਖਿਆ ਕਰਮੀ ਤਾਇਨਾਤ ਸਨ।
ਬਚਾਅ ਪੱਖ ਦੇ ਵਕੀਲ ਵਿਵੇਕ ਗੁਲਬਦਰ ਨੇ ਕਿਹਾ ਕਿ ਉਸ ਦੇ ਮੁਵਕਿਲ ਕਿਸੇ ਵੀ ਤਰ੍ਹਾਂ ਦੀ ਜਾਂਚ ਵਿੱਚ ਸ਼ਾਮਲ ਹੋਣ ਤਿਆਰ ਹਨ। ਉਂਜ ਪਹਿਲਾਂ ਹੀ ਝੂਠ ਤੇ ਸੱਚ ਫੜਨ ਵਾਲਾ ਟੈਸਟ, ਬਰੇਨ ਮੈਪਿੰਗ ਟੈੱਸਟ, ਡੀਐਨਏ ਟੈੱਸਟ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੰਜਾਬ ਪੁਲੀਸ ਜੇਕਰ ਕਿਸੇ ਹੋਰ ਪਹਿਲੂ ’ਤੇ ਜਾਂਚ ਕਰਨਾ ਚਾਹੁੰਦੀ ਹੈ ਤਾਂ ਡੇਰਾ ਪ੍ਰੇਮੀਆਂ ਦੇ ਕੋਈ ਟੈੱਸਟ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਿਆਂ ਪ੍ਰਣਾਲੀ ’ਤੇ ਪੂਰਾ ਭਰੋਸਾ ਹੈ ਅਤੇ ਵੈਸੇ ਵੀ ਸੀਬੀਆਈ ਦੇਸ਼ ਦੀ ਪ੍ਰਮੁੱਖ ਜਾਂਚ ਏਜੰਸੀ ਹੈ। ਜਿਸ ਨੇ ਆਪਣੀ ਕਲੋਜ਼ਰ ਰਿਪੋਰਟ ਵਿੱਚ ਸਾਰਾ ਕੁਝ ਸਪੱਸ਼ਟ ਕਰ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸਚਾਈ ਸਭ ਦੇ ਸਾਹਮਣੇ ਆ ਜਾਵੇਗੀ।
ਉਧਰ, ਦੂਜੇ ਪਾਸੇ ਸ਼ਿਕਾਇਤ ਕਰਤਾ ਰਣਜੀਤ ਸਿੰਘ ਵਾਸੀ ਪਿੰਡ ਬੁਰਜ ਜਵਾਹਰ ਸਿੰਘ ਵਾਲਾ (ਜ਼ਿਲ੍ਹਾ ਫਰੀਦਕੋਟ) ਅਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗੋਰਾ ਸਿੰਘ ਨੇ ਬੇਅਦਬੀ ਮਾਮਲਿਆਂ ਦੇ ਵੱਖ ਵੱਖ ਪਹਿਲੂਆਂ ’ਤੇ ਚਾਨਣਾ ਪਾਉਂਦਿਆਂ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਮੰਦਭਾਗਾ ਦੱਸਿਆ। ਇਹ ਦੋਵੇਂ ਜਣੇ ਅੱਜ ਕਲੋਜ਼ਰ ਰਿਪੋਰਟ ਦੀ ਕਾਪੀ ਲੈਣ ਲਈ ਆਪਣੇ ਵਕੀਲ ਗਗਨਪ੍ਰਦੀਪ ਸਿੰਘ ਬੱਲ ਅਤੇ ਨਵਦੀਪ ਸਿੰਘ ਬਿੱਟਾ ਨਾਲ ਨਿੱਜੀ ਤੌਰ ’ਤੇ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐਸ ਸੇਖੋਂ ਦੀ ਅਦਾਲਤ ਵਿੱਚ ਪੇਸ਼ ਹੋਣ ਆਏ ਸਨ।
ਸ਼ਿਕਾਇਤ ਕਰਤਾਵਾਂ ਨੇ ਸੀਬੀਆਈ ਨੂੰ ਸਵਾਲ ਕੀਤਾ ਕਿ ਪੰਜਾਬ ਪੁਲੀਸ ਵੱਲੋਂ ਜਿਨ੍ਹਾਂ ਵਿਅਕਤੀਆਂ ਨੂੰ ਆਪਣੀ ਜਾਂਚ ਵਿੱਚ ਕਸੂਰਵਾਰ ਠਹਿਰਾਉਂਦੇ ਹੋਏ ਗ੍ਰਿਫ਼ਤਾਰੀਆਂ ਕੀਤੀਆਂ ਸਨ। ਜੇਕਰ ਇਹ ਵਿਅਕਤੀ ਨਿਰਦੋਸ਼ ਹਨ ਤਾਂ ਸੀਬੀਆਈ ਇਹ ਤਾਂ ਦੱਸੇ ਆਖ਼ਰਕਾਰ ਦੋਸ਼ੀ ਕੌਣ ਹਨ। ਕਿਉਂਕਿ ਇਹ ਵੀ ਸੱਚ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ। ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸ਼ਿਕਾਇਤ ’ਤੇ ਥਾਣਾ ਬਾਜ਼ਾਖਾਨਾ (ਫਰੀਦਕੋਟ) ਵਿੱਚ ਕਈ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਜਦੋਂਕਿ ਉਨ੍ਹਾਂ ਦੇ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗੋਰਾ ਸਿੰਘ ਦੀ ਸ਼ਿਕਾਇਤ ’ਤੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਦਾ ਵੱਖਰਾ ਕੇਸ ਇਸੇ ਥਾਣੇ ਦਰਜ ਕੀਤਾ ਗਿਆ ਸੀ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਮੁਲਜ਼ਮਾਂ ਵੱਲੋਂ ਬਕਾਇਦਾ ਕੰਧਾਂ ਉੱਤੇ ਗੁਮਨਾਮ ਭੜਕਾਊ ਪੋਸਟਰ ਲਗਾਏ ਗਏ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਮਲਿਆਂ ਸਬੰਧੀ ਪੰਜਾਬ ਪੁਲੀਸ ਦੀ ਸਿੱਟ ਨੇ ਕਈ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਹਵਾਲਾਤ ਵਿੱਚ ਬੰਦ ਕੀਤਾ ਗਿਆ ਸੀ ਲੇਕਿਨ ਹੁਣ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੇ ਸਮੁੱਚੇ ਘਟਨਾਕ੍ਰਮ ਦਾ ਰੁੱਖ ਹੀ ਬਦਲ ਕੇ ਰੱਖ ਦਿੱਤਾ ਹੈ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…