nabaz-e-punjab.com

ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਤਾਨਾਸ਼ਾਹੀ ਫੁਰਮਾਨ ਦੱਸਿਆ

ਲੋਕਾਂ ਦੀ ਹੋਈ ਖੱਜਲ-ਖੁਆਰੀ ਲਈ ਤੁਰੰਤ ਮੁਆਫ਼ੀ ਮੰਗੇ ਕੇਂਦਰ ਸਰਕਾਰ: ਕੁਲਜੀਤ ਬੇਦੀ

ਨਬਜ਼-ਏ-ਪੰਜਾਬ, ਮੁਹਾਲੀ, 3 ਜਨਵਰੀ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੇਂਦਰ ਸਰਕਾਰ ਵੱਲੋਂ ਲਏ ਗਏ ਲੋਕ ਵਿਰੋਧੀ ਫ਼ੈਸਲਿਆਂ ਨੂੰ ਤਾਨਾਸ਼ਾਹੀ ਫੁਰਮਾਨ ਦੱਸਦਿਆਂ ਕਿਹਾ ਕਿ ਭਾਜਪਾ ਦੇਸ਼ ਵਿੱਚ ਲੋਕਤੰਤਰ ਦੀਆਂ ਧੱਜੀਆਂ ਉਡਾਉਣ ’ਤੇ ਲੱਗੀ ਹੋਈ ਹੈ। ਜਿਸ ਕਾਰਨ ਸਾਰੇ ਵਰਗਾਂ ਨੂੰ ਕੇਂਦਰ ਦੇ ਫ਼ੈਸਲਿਆਂ ਖ਼ਿਲਾਫ਼ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਅੱਜ ਇੱਥੇ ਕੁਲਜੀਤ ਬੇਦੀ ਨੇ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਵਿਰੋਧੀ ਕਾਨੂੰਨ ਪਾਸ ਕੀਤੇ ਗਏ। ਜਿਨ੍ਹਾਂ ਖ਼ਿਲਾਫ਼ ਜਨ ਅੰਦੋਲਨ ਸ਼ੁਰੂ ਹੋਣ ਤੋਂ ਬਾਅਦ ਵਾਪਸ ਲੈਣਾ ਪਿਆ ਅਤੇ ਸੰਘਰਸ਼ ਦੌਰਾਨ 750 ਤੋਂ ਵੱਧ ਕਿਸਾਨਾਂ ਦੀ ਜਾਨ ਚਲੀ ਗਈ। ਹੁਣ ਹਿੱਟ ਐਂਡ ਰਨ ਵਰਗੇ ਸਖ਼ਤ ਕਾਨੂੰਨ ਬਣਾ ਕੇ ਲੋਕਾਂ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਕੀਤਾ ਗਿਆ। ਟਰੱਕ ਡਰਾਈਵਰਾਂ ਅਤੇ ਟਰਾਂਸਪੋਰਟਰਾਂ ਦੀ ਹੜਤਾਲ ਕਾਰਨ ਆਮ ਜਨਜੀਵਨ ਪੂਰੀ ਤਰ੍ਹਾਂ ਲੀਹੋਂ ਲੱਥ ਗਿਆ ਅਤੇ ਨਿੱਤ ਵਰਤੋਂ ਦੀਆਂ ਚੀਜ਼ਾਂ ਦੀ ਕਾਲਾਬਾਜ਼ਾਰੀ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦੇਸ਼ ਦੇ ਹੁਕਮਰਾਨਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੇ ਸਬਰ ਦੀ ਪ੍ਰੀਖਿਆ ਲੈਣਾ ਬੰਦ ਕਰਨ ਅਤੇ ਵਿਕਾਸ ਨੂੰ ਤਰਜ਼ੀਹ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲੋਕਤੰਤਰ ਵਿਵਸਥਾ ਦੀਆਂ ਧੱਜੀਆਂ ਉਡਾਉਂਦਿਆਂ ਵੱਡੀ ਗਿਣਤੀ ਵਿੱਚ ਵਿਰੋਧੀ ਧਿਰ ਦੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਨੂੰ ਮੁਅੱਤਲ ਕਰਕੇ ਮਨ ਮਰਜ਼ੀ ਮੁਤਾਬਕ ਕਾਨੂੰਨ ਪਾਸ ਕੀਤੇ ਗਏ। ਉਨ੍ਹਾਂ ਕਿਹਾ ਕਿ ਜੇਕਰ ਲੋਕ ਸਭਾ ਅਤੇ ਰਾਜ ਸਭਾ ਵਿੱਚ ਉਸਾਰੂ ਬਹਿਸ ਤੋਂ ਬਾਅਦ ਸਾਰਿਆਂ ਦੀ ਰਾਏ ਨਾਲ ਮਤੇ ਪਾਸ ਹੋਣ ਤਾਂ ਦੇਸ਼ ਦਾ ਭਲਾ ਹੋ ਸਕਦਾ ਹੈ ਪ੍ਰੰਤੂ ਕੇਂਦਰ ਗਲਤ ਫ਼ੈਸਲੇ ਕਰਨ ਲਈ ਲੋਕਤੰਤਰ ਦੀ ਸੰਘੀ ਘੁੱਟਣ ਦੇ ਰਾਹ ਪੈ ਰਿਹਾ ਹੈ। ਜਿਸ ਦੇ ਆਮ ਲੋਕਾਂ ਨੂੰ ਖ਼ਮਿਆਜ਼ਾ ਭੁਗਤਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਬੀਤੇ ਕੱਲ੍ਹ ਦੇਸ਼ ਦੇ ਲੋਕਾਂ ਦੀ ਹੋਈ ਖੱਜਲ-ਖੁਆਰੀ ਲਈ ਜਨਤਕ ਤੌਰ ’ਤੇ ਮੁਆਫ਼ੀ ਮੰਗੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…