ਅਦਾਲਤੀ ਹੁਕਮਾਂ ਦੇ ਬਾਵਜੂਦ ਹੁਣ ਤੱਕ ਜ਼ਿਲ੍ਹਾ ਪੱਧਰ ’ਤੇ ਨਹੀਂ ਬਣੇ ਬਿਰਧ ਆਸ਼ਰਮ

ਪੰਜਾਬ ਦੇ ਮੁੱਖ ਸਕੱਤਰ, ਪ੍ਰਿੰਸੀਪਲ ਸਕੱਤਰ, ਗਮਾਡਾ ਦੇ ਸੀਏ ਤੇ ਕੇਂਦਰੀ ਕੈਬਨਿਟ ਸਕੱਤਰ ਨੂੰ ਕਾਨੂੰਨੀ ਨੋਟਿਸ ਭੇਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਪਰੈਲ:
ਸਮੇਂ ਦੀਆਂ ਸਰਕਾਰਾਂ ਨਿਆਂਪਾਲਿਕਾ ਦੇ ਹੁਕਮਾਂ ਦੀ ਅਵੱਗਿਆ ਕਰਨ ਦੇ ਮਾਮਲੇ ਵਿੱਚ ਸ਼ਾਇਦ ਗੋਲਡ ਮੈਡਲਿਸਟ ਹਨ। ਉੱਚ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੁਣ ਤੱਕ ਜ਼ਿਲ੍ਹਾ ਪੱਧਰ ’ਤੇ ਬਿਰਧ ਆਸ਼ਰਮ (ਓਲਡ ਏਡ ਹੋਮ) ਨਹੀਂ ਬਣ ਸਕੇ ਹਨ। ਇਸ ਸਬੰਧੀ ਕਾਨੂੰਨੀ ਚਾਰਾਜੋਈ ਕਰਨ ਵਾਲੇ ਆਰਟੀਆਈ ਕਾਰਕੁਨ ਅਤੇ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਮੁੱਖ ਸਕੱਤਰ, ਸਮਾਜਿਕ ਸੁਰੱਖਿਆ ਅਤੇ ਅੌਰਤਾਂ ਤੇ ਬੱਚਿਆਂ ਦੀ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ, ਗਮਾਡਾ ਦੇ ਮੁੱਖ ਪ੍ਰਸ਼ਾਸਕ ਅਤੇ ਭਾਰਤ ਸਰਕਾਰ ਦੇ ਕੈਬਨਿਟ ਸਕੱਤਰ ਖ਼ਿਲਾਫ਼ ਅਦਾਲਤ ਦਾ ਅਪਮਾਨ ਕਰਨ ਦਾ ਦੋਸ਼ ਲਗਾਉਂਦੇ ਹੋਏ ਉਕਤ ਅਧਿਕਾਰੀਆਂ ਨੂੰ ਆਪਣੇ ਵਕੀਲ ਰੰਜੀਵਨ ਸਿੰਘ ਰਾਹੀਂ ਕਾਨੂੰਨੀ ਨੋਟਿਸ ਭੇਜਿਆ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਉਸ ਨੇ 2014 ਵਿੱਚ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ 2007 ਦੇ ਕੇਂਦਰ ਸਰਕਾਰ ਦੇ ਐਕਟ (ਮੈਂਟੀਨੈਂਸ ਐਂਡ ਵੈਲਫੇਅਰ ਆਫ਼ ਪੇਰੈਂਟਸ ਐਂਡ ਸੀਨੀਅਰ ਸਿਟੀਜਨ ਐਕਟ 2007) ਤਹਿਤ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਸਰਕਾਰੀ ਓਲਡ ਏਜ ਹੋਮ (ਬਿਰਧ ਆਸ਼ਰਮ) ਬਣਾਏ ਜਾਣ। ਪੰਜਾਬ ਵਿੱਚ ਸਿਰਫ਼ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹੀ ਇੱਕੋ ਇੱਕ ਸਰਕਾਰੀ ਓਲਡ ਏਜ ਹੋਮ ਹੈ।
ਕੁਲਜੀਤ ਬੇਦੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹਾਈ ਕੋਰਟ ਨੇ ਪੰਜਾਬ ਸਮੇਤ ਹਰਿਆਣਾ ਅਤੇ ਚੰਡੀਗੜ੍ਹ ਨੂੰ ਆਪਣੇ ਖੇਤਰਾਂ ਵਿੱਚ ਓਲਡ ਏਜ ਹੋਮ ਬਣਾਉਣ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਜਵਾਬ ਵਿੱਚ ਯੂਟੀ ਪ੍ਰਸ਼ਾਸਨ ਨੇ ਅਦਾਲਤ ਨੂੰ ਦੱਸਿਆ ਸੀ ਕਿ ਚੰਡੀਗੜ੍ਹ ਵਿੱਚ ਲੋੜੀਂਦੀ ਗਿਣਤੀ ਦੇ ਓਲਡ ਏਜ ਹੋਮ ਪਹਿਲਾਂ ਹੀ ਬਣੇ ਹੋਏ ਹਨ ਜਦੋਂਕਿ ਪੰਜਾਬ ਸਰਕਾਰ ਨੇ 2022 ਤੱਕ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਸਰਕਾਰੀ ਓਲਡ ਏਜ ਹੋਮ ਬਣਾਉਣ ਦਾ ਹਲਫ਼ਨਾਮਾ ਦਾਇਰ ਕੀਤਾ ਸੀ ਜਦੋਂਕਿ ਹਰਿਆਣਾ ਸਰਕਾਰ ਨੇ 2024 ਤੱਕ ਹਰੇਕ ਜ਼ਿਲ੍ਹੇ ਵਿੱਚ ਸਰਕਾਰੀ ਓਲਡ ਏਜ ਹੋਮ ਬਣਾਉਣ ਬਾਰੇ ਹਲਫ਼ਨਾਮਾ ਦਿੱਤਾ ਸੀ। ਇੰਜ ਹੀ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਹਲਫ਼ਨਾਮੇ ’ਤੇ ਭਰੋਸਾ ਕਰਦਿਆਂ ਉਨ੍ਹਾਂ ਦੀ ਪਟੀਸ਼ਨ ਦਾ ਨਿਬੇੜਾ ਕਰ ਦਿੱਤਾ ਸੀ।
ਡਿਪਟੀ ਮੇਅਰ ਨੇ ਕਿਹਾ ਕਿ ਸਤੰਬਰ 2022 ਤੱਕ ਜਦੋਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ ਤਾਂ ਉਨ੍ਹਾਂ ਨੇ ਸਰਕਾਰ ਨੂੰ ਨੋਟਿਸ ਭੇਜ ਕੇ ਚੇਤੇ ਕਰਵਾਇਆ ਕਿ ਸਾਲ ਬੀਤਦਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਹਰੇਕ ਜ਼ਿਲ੍ਹੇ ਵਿੱਚ ਓਲਡ ਏਜ ਹੋਮ ਸਬੰਧੀ ਸਟੇਟਸ ਰਿਪੋਰਟ ਦਿੱਤੀ ਜਾਵੇ ਪ੍ਰੰਤੂ ਸਰਕਾਰ ਨੇ ਉਨ੍ਹਾਂ ਨੂੰ ਹੁਣ ਤੱਕ ਕੋਈ ਜਵਾਬ ਨਹੀਂ ਦਿੱਤਾ। ਜਿਸ ਤੋਂ ਸਰਕਾਰ ਦੀ ਨੀਅਤ ਵਿੱਚ ਖੋਟ ਨਜ਼ਰ ਆ ਰਹੀ ਹੈ।
ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਮਾਜ ਸੇਵੀ ਸੰਸਥਾਵਾਂ ਨੂੰ ਓਲਡ ਏਜ ਹੋਮ ਚਲਾਉਣ ਸਬੰਧੀ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਗਏ, ਜੋ ਕਿ ਸਰਕਾਰ ਵੱਲੋਂ ਅਦਾਲਤ ਵਿੱਚ ਦਾਇਰ ਕੀਤੇ ਹਲਫ਼ਨਾਮੇ ਦੀ ਤੌਹੀਨ ਹੈ ਕਿਉਂਕਿ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ ਸਰਕਾਰੀ ਓਲਡ ਏਜ ਹੋਮ ਬਣਾਉਣ ਦਾ ਲਿਖਤੀ ਭਰੋਸਾ ਦਿੱਤਾ ਸੀ। ਡਿਪਟੀ ਮੇਅਰ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਉੱਚ ਅਧਿਕਾਰੀਆਂ ਸਮੇਤ ਗਮਾਡਾ ਨੂੰ ਅਦਾਲਤ ਦੀ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮਹੀਨੇ ਦੇ ਅੰਦਰ-ਅੰਦਰ ਪੰਜਾਬ ਸਰਕਾਰ ਆਪਣੀ ਸਥਿਤੀ ਸਪੱਸ਼ਟ ਨਹੀਂ ਕਰਦੀ ਹੈ ਤਾਂ ਉਹ ਮੁੜ ਹਾਈ ਕੋਰਟ ਦੀ ਸ਼ਰਨ ਵਿੱਚ ਜਾ ਕੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਅਦਾਲਤ ਦੀ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 13 ਮਈ…