Nabaz-e-punjab.com

ਬੇਅਦਬੀ ਕਾਂਡ: ਕਲੋਜ਼ਰ ਰਿਪੋਰਟ ਨੂੰ ਉੱਚ ਅਦਾਲਤ ਵਿੱਚ ਚੁਣੌਤੀ ਦੇਣਗੇ ਸ਼ਿਕਾਇਤ ਕਰਤਾ

23 ਜੁਲਾਈ ਨੂੰ ਹੋਵੇਗੀ ਕਲੋਜ਼ਰ ਰਿਪੋਰਟ, ਪੰਜਾਬ ਸਰਕਾਰ ਤੇ ਸ਼ਿਕਾਇਤ ਕਰਤਾਵਾਂ ਦੀਆਂ ਅਰਜ਼ੀਆਂ ’ਤੇ ਸੁਣਵਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੁਲਾਈ:
ਪੰਜਾਬ ਵਿੱਚ ਹੋਰ ਵੱਖ-ਵੱਖ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ਸਬੰਧੀ ਸ਼ਿਕਾਇਤ ਕਰਤਾਵਾਂ ਵੱਲੋਂ ਸੀਬੀਆਈ ਦੀ ਤਾਜ਼ਾ ਕਲੋਜ਼ਰ ਰਿਪੋਰਟ ਨੂੰ ਉੱਚ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਵੇਗੀ। ਇਸ ਸਬੰਧੀ ਸੀਨੀਅਰ ਵਕੀਲਾਂ ਨਾਲ ਤਾਲਮੇਲ ਕਰਕੇ ਕਾਨੂੰਨ ਰਾਇ ਲਈ ਜਾ ਰਹੀ ਹੈ। ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਸੀਬੀਆਈ ਦੀ ਕਲੋਜ਼ਰ ਰਿਪੋਰਟ, ਪੰਜਾਬ ਸਰਕਾਰ ਅਤੇ ਸ਼ਿਕਾਇਤ ਕਰਤਾਵਾਂ ਦੀਆਂ ਅਰਜ਼ੀਆਂ ’ਤੇ ਇਕੋ ਦਿਨ ਸੁਣਵਾਈ ਹੋਵੇਗੀ। ਸੀਬੀਆਈ ਦੇ ਵਿਸ਼ੇਸ਼ ਜੱਜ ਜੀਐਸ ਸੇਖੋਂ ਨੇ ਉਕਤ ਸਾਰੀਆਂ ਅਰਜ਼ੀਆਂ ਨੂੰ ਸੁਣਵਾਈ ਲਈ 23 ਜੁਲਾਈ ਦਾ ਦਿਨ ਨਿਰਧਾਰਿਤ ਕੀਤਾ ਹੈ। ਸੂਬਾ ਸਰਕਾਰ ਵੱਲੋਂ ਪੰਜਾਬ ਪੁਲੀਸ ਦੇ ਏਆਈਜੀ (ਕਰਾਈਮ) ਸਰਬਜੀਤ ਸਿੰਘ ਅਤੇ ਸ਼ਿਕਾਇਤ ਕਰਤਾਵਾਂ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਵਕੀਲ ਗਗਨਪ੍ਰਦੀਪ ਸਿੰਘ ਬੱਲ ਅਤੇ ਜ਼ਿਲ੍ਹਾ ਅਦਾਲਤ ਦੇ ਵਕੀਲ ਨਵਦੀਪ ਸਿੰਘ ਬਿੱਟਾ ਰਾਹੀਂ ਕਲੋਜ਼ਰ ਰਿਪੋਰਟ ਦੀ ਤਸਦੀਕਸ਼ੁਦਾ ਕਾਪੀ ਲੈਣ ਲਈ ਵੱਖੋ-ਵੱਖਰੀ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਹਨ।
ਸ਼ਿਕਾਇਤ ਕਰਤਾ ਰਣਜੀਤ ਸਿੰਘ ਵਾਸੀ ਪਿੰਡ ਬੁਰਜ ਜਵਾਹਰ ਸਿੰਘ ਵਾਲਾ (ਜ਼ਿਲ੍ਹਾ ਫਰੀਦਕੋਟ) ਨੇ ਦੱਸਿਆ ਕਿ ਬੇਅਦਬੀ ਮਾਮਲੇ ਸਬੰਧੀ ਸੀਬੀਆਈ ਵੱਲੋਂ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਕੇਸ ਖ਼ਤਮ ਕਰਨ ਲਈ ਦਾਇਰ ਕੀਤੀ ਤਾਜ਼ਾ ਕਲੋਜ਼ਰ ਰਿਪੋਰਟ ਦੀ ਤਸਦੀਕਸ਼ੁਦਾ ਕਾਪੀ ਮਿਲਣ ਤੋਂ ਬਾਅਦ ਰਿਪੋਰਟ ਵਿਚਲੇ ਤੱਥਾਂ ਅਤੇ ਵੱਖ ਵੱਖ ਪਹਿਲੂਆਂ ਨੂੰ ਬਰੀਕੀ ਨਾਲ ਜਾਚਣ ਬਾਅਦ ਉੱਚ ਅਦਾਲਤ ਵਿੱਚ ਚੁਣੌਤੀ ਦੇਣ ਲਈ ਸੀਨੀਅਰ ਵਕੀਲਾਂ ਦੇ ਪੈਨਲ ਤੋਂ ਕਾਨੂੰਨੀ ਰਾਇ ਲਈ ਜਾਵੇਗੀ। ਉਨ੍ਹਾਂ ਮੁੜ ਦੁਹਰਾਇਆ ਕਿ ਪੰਜਾਬ ਪੁਲੀਸ ਦੀ ਸਿੱਟ ਦੀ ਮੁੱਢਲੀ ਪੜਤਾਲ ਤੋਂ ਬਾਅਦ ਬੇਅਦਬੀ ਘਟਨਾਵਾਂ ਲਈ ਜ਼ਿੰਮੇਵਾਰ ਮੁਲਜ਼ਮਾਂ ਦੇ ਫੜੇ ਜਾਣ ਸਬੰਧੀ ਲਗਭਗ ਸਾਰੀਆਂ ਧਿਰਾਂ ਸੰਤੁਸ਼ਟ ਸਨ ਪ੍ਰੰਤੂ ਹੁਣ ਸੀਬੀਆਈ ਦੀ ਕਲੋਜ਼ਰ ਰਿਪੋਰਟ ਕਾਰਨ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ।
ਰਣਜੀਤ ਸਿੰਘ ਨੇ ਕਿਹਾ ਕਿ ਭਾਵੇਂ ਇਹ ਸਾਰਾ ਕੁਝ ਰਾਜਨੀਤਕ ਪੈਂਤੜੇਬਾਜ਼ੀ ਹੈ ਲੇਕਿਨ ਉਨ੍ਹਾਂ ਨੇ ਨੈਤਿਕਤਾ ਦੇ ਆਧਾਰ ’ਤੇ ਕਲੋਜ਼ਰ ਰਿਪੋਰਟ ਦੀ ਕਾਪੀ ਹਾਸਲ ਕਰਨ ਲਈ ਮੁਹਾਲੀ ਅਦਾਲਤ ਦਾ ਬੂਹਾ ਖੜਕਾ ਕੇ ਆਪਣਾ ਫਰਜ਼ ਨਿਭਾਇਆ ਹੈ। ਉਂਜ ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੰਮ ਸਰਕਾਰੀ ਪੱਧਰ ’ਤੇ ਕਰਨ ਵਾਲੇ ਹਨ ਪ੍ਰੰਤੂ ਉਨ੍ਹਾਂ ਨੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਅਦਾਲਤ ਤੱਕ ਪਹੁੰਚ ਕੀਤੀ ਹੈ ਤਾਂ ਜੋ ਬਾਅਦ ਵਿੱਚ ਸਿੱਖ ਸੰਗਤ ਇਹ ਨਾ ਕਹਿੰਦੀ ਕਿ ਜੇਕਰ ਉਨ੍ਹਾਂ (ਸ਼ਿਕਾਇਤ ਕਰਤਾ) ਨੇ ਉਦੋਂ ਕੋਈ ਯਤਨ ਕੀਤਾ ਹੁੰਦਾ ਤਾਂ ਸ਼ਾਇਦ ਅੱਜ ਐਵੇਂ ਹੋਣਾ ਸੀ ਜਾਂ ਇਹ ਨਾ ਹੁੰਦਾ। ਉਨ੍ਹਾਂ ਖ਼ਦਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਹੋਣਾ ਹੁਣ ਵੀ ਕੁਝ ਨਹੀਂ ਹੈ ਕਿਉਂਕਿ ਅਜਿਹੇ ਸੰਵੇਦਨਸ਼ੀਲ ਮੁੱਦਿਆਂ ਨੂੰ ਰਾਜਨੀਤਕ ਲੋੜ ਅਨੁਸਾਰ ਵਰਤਿਆਂ ਅਤੇ ਉਛਾਲਿਆ ਜਾਂਦਾ ਹੈ ਪ੍ਰੰਤੂ ਉਹ ਇਹ ਸੋਚ ਕੇ ਕੀ ਹੋਣ ਤਾਂ ਕੁਝ ਨਹੀਂ ਹੈ, ਢੇਰੀ ਢਾਹ ਕੇ ਨਹੀਂ ਬੈਠ ਸਕਦੇ ਹਨ। ਇਸ ਲਈ ਗੁਰੂ ਮਹਾਰਾਜ ਦੇ ਸੱਚੇ ਸਿੱਖ ਹੋਣ ਦੇ ਨਾਤੇ ਉਹ ਆਪਣਾ ਫਰਜ ਨਿਭਾ ਰਹੇ ਹਨ।
(ਬਾਕਸ ਆਈਟਮ)
ਉਧਰ, ਸੀਬੀਆਈ ਦੀ ਕਲੋਜ਼ਰ ਰਿਪੋਰਟ ਪੰਜਾਬ ਪੁਲੀਸ ਦੀ ਸਿੱਟ ਦੇ ਗਲੇ ਦੀ ਹੱਡੀ ਬਣ ਗਈ ਹੈ। ਲੋਕ ਸਭਾ ਚੋਣਾਂ ਦੌਰਾਨ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਵੱਲੋਂ ਸਿੱਟ ਦੇ ਸੀਨੀਅਰ ਮੈਂਬਰ ਆਈਜੀ ਕੁਵਰ ਵਿਜੈ ਪ੍ਰਤਾਪ ਸਿੰਘ ਨੂੰ ਜਾਂਚ ਤੋਂ ਲਾਂਭੇ ਕਰ ਦਿੱਤਾ ਗਿਆ ਸੀ ਲੇਕਿਨ ਆਦਰਸ਼ ਚੋਣ ਜ਼ਾਬਤਾ ਹਟਣ ਤੋਂ ਤੁਰੰਤ ਬਾਅਦ ਸੂਬਾ ਸਰਕਾਰ ਨੇ ਉਕਤ ਅਧਿਕਾਰੀ ਨੂੰ ਮੁੜ ਪਹਿਲਾਂ ਵਾਲੇ ਅਹੁਦੇ ’ਤੇ ਬਹਾਲ ਕਰ ਦਿੱਤਾ। ਜਿਨ੍ਹਾਂ ਵੱਲੋਂ ਮੁਲਜ਼ਮਾਂ ਦੇ ਖ਼ਿਲਾਫ਼ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਜਾ ਚੁੱਕਾ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…