Share on Facebook Share on Twitter Share on Google+ Share on Pinterest Share on Linkedin ਬੇਅਦਬੀ ਕਾਂਡ: ਸ਼ਿਕਾਇਤ ਕਰਤਾਵਾਂ ਵੱਲੋਂ ਕਲੋਜ਼ਰ ਰਿਪੋਰਟ ਲੈਣ ਲਈ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਪੰਜਾਬ ਸਰਕਾਰ ਦੀ ਸੀਬੀਆਈ ਦੀ ਤਸਦੀਕਸ਼ੁਦਾ ਕਲੋਜ਼ਰ ਰਿਪੋਰਟ ਲੈਣ ਵਾਲੀ ਅਰਜ਼ੀ ’ਤੇ ਹੋਈ ਬਹਿਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੁਲਾਈ: ਪੰਜਾਬ ਵਿੱਚ ਹੋਰ ਵੱਖ-ਵੱਖ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ਸਬੰਧੀ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸ਼ਿਕਾਇਤ ਕਰਤਾਵਾਂ ਦੀ ਅਪੀਲ ਮਨਜ਼ੂਰ ਕਰ ਲਈ ਹੈ। ਸ਼ਿਕਾਇਤ ਕਰਤਾ ਰਣਜੀਤ ਸਿੰਘ ਵਾਸੀ ਪਿੰਡ ਬੁਰਜ ਜਵਾਹਰ ਸਿੰਘ ਵਾਲਾ (ਜ਼ਿਲ੍ਹਾ ਫਰੀਦਕੋਟ) ਅਤੇ ਇਸੇ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗੋਰਾ ਸਿੰਘ ਆਪਣੇ ਵਕੀਲ ਗਗਨਪ੍ਰਦੀਪ ਸਿੰਘ ਬੱਲ ਅਤੇ ਨਵਦੀਪ ਸਿੰਘ ਬਿੱਟਾ ਨਾਲ ਨਿੱਜੀ ਤੌਰ ’ਤੇ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐਸ ਸੇਖੋਂ ਦੀ ਅਦਾਲਤ ਵਿੱਚ ਪੇਸ਼ ਹੋਏ ਅਤੇ ਪਿਛਲੇ ਦਿਨੀਂ ਸੀਬੀਆਈ ਵੱਲੋਂ ਬੇਅਦਬੀ ਮਾਮਲੇ ਵਿੱਚ ਦਾਇਰ ਕੀਤੀ ਕਲੋਜ਼ਰ ਰਿਪੋਰਟ ਦੀ ਕਾਪੀ ਮੁਹੱਈਆ ਕਰਵਾਉਣ ਦੀ ਗੁਹਾਰ ਲਗਾਈ। ਉਨ੍ਹਾਂ ਜੱਜ ਨੂੰ ਬੇਅਦਬੀ ਮਾਮਲਿਆਂ ਦੇ ਵੱਖ ਵੱਖ ਪਹਿਲੂਆਂ ਦੀਆਂ ਬਰੀਕੀਆਂ ਤੋਂ ਜਾਣੂ ਕਰਵਾਇਆ। ਜਿਰ੍ਹਾ ਦੌਰਾਨ ਜ਼ਿਲ੍ਹਾ ਅਟਾਰਨੀ ਸੰਦੀਪ ਬੱਤਰਾ ਅਤੇ ਉਪ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਅਤੇ ਪੰਜਾਬ ਪੁਲੀਸ ਦੇ ਏਆਈਜੀ (ਕਰਾਈਮ) ਸਰਬਜੀਤ ਸਿੰਘ ਵੀ ਮੌਜੂਦ ਸਨ। ਅਦਾਲਤ ਦੇ ਬਾਹਰ ਕਾਫੀ ਸਖ਼ਤੀ ਕੀਤੀ ਹੋਈ ਸੀ। ਸ਼ਿਕਾਇਤ ਕਰਤਾਵਾਂ, ਉਨ੍ਹਾਂ ਦੇ ਵਕੀਲਾਂ ਅਤੇ ਪੁਲੀਸ ਅਧਿਕਾਰੀ ਅਤੇ ਸਰਕਾਰੀ ਵਕੀਲਾਂ ਤੋਂ ਬਿਨਾਂ ਕਿਸੇ ਨੂੰ ਅਦਾਲਤ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ ਅਤੇ ਅਦਾਲਤ ਦਾ ਕੋਈ ਵੀ ਨੁਮਾਇੰਦਾ ਆਪਣਾ ਮੂੰਹ ਖੋਲਣ ਲਈ ਤਿਆਰ ਨਹੀਂ ਸੀ। ਇਸ ਕਾਰਵਾਈ ਮਗਰੋਂ ਅਦਾਲਤ ’ਚੋਂ ਬਾਹਰ ਆਉਂਦੇ ਹੋਏ ਸ਼ਿਕਾਇਤ ਕਰਤਾਵਾਂ ਦੇ ਵਕੀਲਾਂ ਗਗਨਪ੍ਰਦੀਪ ਸਿੰਘ ਬੱਲ ਅਤੇ ਨਵਦੀਪ ਸਿੰਘ ਬਿੱਟਾ ਨੇ ਦੱਸਿਆ ਕਿ ਉਨ੍ਹਾਂ ਕਲੋਜ਼ਰ ਰਿਪੋਰਟ ਲੈਣ ਲਈ ਸੀਬੀਆਈ ਅਦਾਲਤ ਵਿੱਚ ਅਰਜ਼ੀ ਦਾਇਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਵੱਲੋਂ ਅਦਾਲਤ ’ਚ ਦਾਇਰ ਕੀਤੀ ਪੇਸ਼ ਕਲੋਜ਼ਰ ਰਿਪੋਰਟ ਵਿਚਲੇ ਵੱਖ ਵੱਖ ਪਹਿਲੂਆਂ ਨੂੰ ਵਾਚਣ ਤੋਂ ਬਾਅਦ ਸੀਬੀਆਈ ਦੀ ਰਿਪੋਰਟ ਨੂੰ ਚੁਣੌਤੀ ਦੇਣ ਬਾਰੇ ਨਿਰਣਾ ਲਿਆ ਜਾਵੇਗਾ। ਵਕੀਲਾਂ ਨੇ ਦੱਸਿਆ ਕਿ ਪੰਜਾਬ ਪੁਲੀਸ ਦੀ ਸਿੱਟ ਵੱਲੋਂ ਮੁਲਜ਼ਮਾਂ ਦੇ ਖ਼ਿਲਾਫ਼ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ ਅਤੇ ਇਹ ਕੇਸ ਵੱਖ-ਵੱਖ ਅਦਾਲਤਾਂ ਵਿੱਚ ਚਲ ਰਹੇ ਹਨ ਲੇਕਿਨ ਹੁਣ ਕਲੋਜ਼ਰ ਰਿਪੋਰਟ ਪੇਸ਼ ਹੋਣ ਨਾਲ ਉਨ੍ਹਾਂ ਕੇਸਾਂ ਦੀ ਸੁਣਵਾਈ ’ਤੇ ਪ੍ਰਭਾਵਿਤ ਹੋ ਸਕਦੀ ਹੈ। ਉਧਰ, ਪੰਜਾਬ ਸਰਕਾਰ ਵੱਲੋਂ ਸੀਬੀਆਈ ਦੀ ਤਸਦੀਕਸ਼ੁਦਾ ਕਲੋਜ਼ਰ ਰਿਪੋਰਟ ਦੀ ਕਾਪੀ ਹਾਸਲ ਕਰਨ ਲਈ ਸੂਬਾ ਸਰਕਾਰ ਦੀ ਤਰਫੋਂ ਜ਼ਿਲ੍ਹਾ ਅਟਾਰਨੀ ਸੰਦੀਪ ਬੱਤਰਾ ਅਤੇ ਉਪ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਮੁਹਾਲੀ ਅਦਾਲਤ ਵਿੱਚ ਦਾਇਰ ਅਰਜ਼ੀ ਸਬੰਧੀ ਵੀ ਅੱਜ ਸਰਕਾਰੀ ਵਕੀਲਾਂ ਨੇ ਜਿਰ੍ਹਾ ਕੀਤੀ। ਉਪ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਨੇ ਦੱਸਿਆ ਕਿ ਤਸਦੀਕਸ਼ੁਦਾ ਕਾਪੀ ਲੈਣ ਲਈ ਏਆਈਜੀ (ਕਰਾਈਮ) ਸਰਬਜੀਤ ਸਿੰਘ ਵੱਲੋਂ ਅਰਜ਼ੀ ਦਾਇਰ ਕੀਤੀ ਸੀ। ਜੱਜ ਨੇ ਵੱਖ ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਕੇਸ ਦੀ ਅਗਲੀ ਸੁਣਵਾਈ 23 ਜੁਲਾਈ ’ਤੇ ਪਾ ਦਿੱਤੀ। ਇਸ ਦਿਨ ਸੀਬੀਆਈ ਦੀ ਕਲੋਜ਼ਰ ਰਿਪੋਰਟ ’ਤੇ ਵੀ ਸੁਣਵਾਈ ਹੋਣੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ