nabaz-e-punjab.com

ਨਸ਼ਾ ਤਸਕਰੀ: 100 ਗਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ:
ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਮਨਜੀਤ ਸਿੰਘ ਵਾਸੀ ਲੋਹਗੜ੍ਹ (ਜ਼ੀਰਕਪੁਰ) ਨੂੰ 100 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਨਸ਼ੀਲੇ ਪਦਾਰਥ ਵੇਚਣ ਦਾ ਧੰਦਾ ਕਰਦਾ ਹੈ ਅਤੇ ਉਹ ਖਰੜ ਅਤੇ ਕੁਰਾਲੀ ਇਲਾਕੇ ਵਿੱਚ ਆਪਣੇ ਪੱਕੇ ਗਾਹਕਾਂ ਨੂੰ ਹੈਰੋਇਨ ਦਾ ਨਸ਼ਾ ਸਪਲਾਈ ਕਰਨ ਲਈ ਆ ਰਿਹਾ ਹੈ।
ਐਸਐਸਪੀ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ ਅਤੇ ਡੀਐਸਪੀ (ਡੀ) ਗੁਰਚਰਨ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਾਲੀ ਟੀਮ ਦੇ ਮੈਂਬਰ ਸਬ ਇੰਸਪੈਕਟਰ ਪਵਨ ਕੁਮਾਰ ਨੇ ਭੁਰੂ ਚੌਕ ਨੇੜੇ ਨਾਕਾਬੰਦੀ ਕਰਕੇ ਮਨਜੀਤ ਸਿੰਘ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 100 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲੀਸ ਨੇ ਮੁਲਜ਼ਮ ਦਾ ਸਪਲੈਂਡਰ ਮੋਟਰ ਸਾਈਕਲ ਵੀ ਆਪਣੇ ਕਬਜ਼ੇ ਵਿੱਚ ਲਿਆ ਗਿਆ ਹੈ। ਜਿਸ ’ਤੇ ਸਵਾਰ ਹੋ ਕੇ ਮੁਲਜ਼ਮ ਨਸ਼ਾ ਸਪਲਾਈ ਕਰਦਾ ਸੀ।
ਐਸਐਸਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਮਨਜੀਤ ਸਿੰਘ ਆਪਣੇ ਘਰ ਲੋਹਗੜ੍ਹ ਵਿੱਚ ਵਾਹਨ ਧੋਣ ਦਾ ਕੰਮ ਕਰਦਾ ਹੈ ਅਤੇ ਇਸ ਦੌਰਾਨ ਉਹ ਪੈਸਿਆਂ ਦੇ ਲਾਲਚ ਵਿੱਚ ਆ ਕੇ ਕਾਫੀ ਲੰਮੇ ਸਮੇਂ ਤੋਂ ਦਿੱਲੀ ਤੋਂ ਘੱਟ ਕੀਮਤ ’ਤੇ ਹੈਰੋਇਨ ਲਿਆ ਕੇ ਮੁਹਾਲੀ ਜ਼ਿਲ੍ਹੇ ਵਿੱਚ ਮਹਿੰਗੇ ਭਾਅ ਵੇਚਣ ਦਾ ਨਾਜਾਇਜ਼ ਧੰਦਾ ਕਰਦਾ ਆ ਰਿਹਾ ਸੀ। ਮਨਜੀਤ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਮਾਮਲੇ ਵਿੱਚ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਖਰੜ ਸਿਟੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Drugs Case and Issues

Check Also

Day 134 of Yudh Nashian Virud: 113 drug smugglers held with 4.2kg heroin

Day 134 of Yudh Nashian Virud: 113 drug smugglers held with 4.2kg heroin Police teams in s…