‘ਈਜ਼ੀ ਰਜਿਸਟਰੀ ਪ੍ਰਣਾਲੀ’: ਗਰਾਉਂਡ ਰਿਐਲਟੀ ਚੈੱਕ ਕਰਨ ਲਈ ਤਹਿਸੀਲ ਵਿੱਚ ਪਹੁੰਚੇ ਭਗਵੰਤ ਮਾਨ

ਮੁੱਖ ਮੰਤਰੀ ਨੇ ਨਵੀਂ ਸ਼ੁਰੂ ਕੀਤੀ ਗਈ ਈਜ਼ੀ ਰਜਿਸਟ੍ਰੇਸ਼ਨ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਸਰਕਾਰ ਦਾ ਉਦੇਸ਼ ਆਮ ਆਦਮੀ ਨੂੰ ਜ਼ਮੀਨ-ਜਾਇਦਾਦ ਦੀ ਭ੍ਰਿਸ਼ਟਾਚਾਰ ਮੁਕਤ ਰਜਿਸਟਰੀ ਦੀ ਸਹੂਲਤ ਪ੍ਰਦਾਨ ਕਰਨਾ

ਨਬਜ਼-ਏ-ਪੰਜਾਬ, ਮੁਹਾਲੀ, 27 ਮਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੂਜੇ ਦਿਨ ਮੁਹਾਲੀ ਦੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਦੌਰਾ ਕਰਕੇ ਗਰਾਉਂਡ ਰਿਐਲਟੀ ਚੈੱਕ ਕੀਤੀ। ਇਸ ਮੌਕੇ ਉਨ੍ਹਾਂ ਨੇ ਡੀਸੀ ਸ੍ਰੀਮਤੀ ਕੋਮਲ ਮਿੱਤਲ ਤੇ ਤਹਿਸੀਲ ਅਧਿਕਾਰੀਆਂ ਤੋਂ ‘ਈਜ਼ੀ ਰਜਿਸਟਰੀ ਪ੍ਰਣਾਲੀ ਸਬੰਧੀ ਜਾਣਕਾਰੀ ਲਈ ਅਤੇ ਤਹਿਸੀਲ ਦਫ਼ਤਰ ਵਿੱਚ ਆਪਣੀ ਜਾਇਦਾਦ ਦੀਆਂ ਰਜਿਸਟਰੀਆਂ ਅਤੇ ਪ੍ਰਸ਼ਾਸਨਿਕ ਸੇਵਾਵਾਂ ਲੈਣ ਪਹੁੰਚੇ ਲੋਕਾਂ ਨਾਲ ਵੀ ਸਿੱਧੀ ਗੱਲਬਾਤ ਕੀਤੀ ਅਤੇ ਸਰਕਾਰੀ ਕੰਮਾਂ ਬਾਰੇ ਫੀਡਬੈੱਕ ਲਈ।
ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਪਹਿਲਕਦਮੀ ਕਰਦਿਆਂ ਸ਼ੁਰੂ ਕੀਤੀ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਾਂਝੇ ਤੌਰ ’ਤੇ ਕੀਤਾ ਸੀ ਅਤੇ ਅੱਜ ਦੂਜੇ ਦਿਨ ਗਰਾਉਂਡ ਰਿਐਲਟੀ ਚੈੱਕ ਕਰਨ ਲਈ ਭਗਵੰਤ ਮਾਨ ਅਚਾਨਕ ਮੁਹਾਲੀ ਤਹਿਸੀਲ ਵਿੱਚ ਪਹੁੰਚ ਗਏ। 20 ਕੁ ਮਿੰਟਾਂ ਦੀ ਆਪਣੀ ਫੇਰੀ ਦੌਰਾਨ ਉਨ੍ਹਾਂ ਨੇ ਸਬ-ਰਜਿਸਟਰਾਰ ਦਫ਼ਤਰ ਵਿੱਚ ਆਪਣੇ ਕੰਮਾਂ-ਕਾਰਾਂ ਲਈ ਆਏ ਲੋਕਾਂ ਨਾਲ ਗੱਲ ਕੀਤੀ ਅਤੇ ਨਵੀਂ ਪ੍ਰਣਾਲੀ ਤਹਿਤ ਹੋਈਆਂ ਰਜਿਸਟਰੀਆਂ ਦੇ ਦਸਤਾਵੇਜ਼ਾਂ ਨੂੰ ਚੈੱਕ ਕਰਦਿਆਂ ਪ੍ਰਗਤੀ ਦਾ ਜਾਇਜ਼ਾ ਲਿਆ।
ਮੁੱਖ ਮੰਤਰੀ ਨੇ ਸਪੱਸ਼ਟ ਆਖਿਆ ਕਿ ਇਸ ਦੌਰੇ ਦਾ ਉਦੇਸ਼ ਅਧਿਕਾਰੀਆਂ ਵਿੱਚ ਕਮੀਆਂ ਲੱਭਣਾ ਨਹੀਂ ਸੀ ਸਗੋਂ ਸਰਕਾਰੀ ਦਫ਼ਤਰਾਂ ਵਿੱਚ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣਾ ਹੈ। ਇਹ ਸ਼ਾਇਦ ਪਹਿਲੀ ਵਾਰ ਹੋਵੇਗਾ ਜਦੋਂ ਪੰਜਾਬ ਦੇ ਲੋਕਾਂ ਨੇ ਕਿਸੇ ਮੁੱਖ ਮੰਤਰੀ ਨੂੰ ਇਸ ਤਰੀਕੇ ਨਾਲ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਦੇ ਦੇਖਿਆ ਹੋਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਨਾਗਰਿਕ-ਕੇਂਦਰਿਤ ਸੇਵਾਵਾਂ ਨੂੰ ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਕੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਉਹ ਪ੍ਰਾਜੈਕਟ ਦੇ ਨਤੀਜਿਆਂ ਦਾ ਨਿੱਜੀ ਤੌਰ ’ਤੇ ਮੁਲਾਂਕਣ ਕਰਕੇ ਸਬ-ਰਜਿਸਟਰਾਰ ਦਫ਼ਤਰ ਦੇ ਕੰਮਕਾਜ ਦੀ ਸਮੀਖਿਆ ਕਰਨਾ ਚਾਹੁੰਦੇ ਹਨ। ਇਸ ਪਹਿਲਕਦਮੀ ਨੂੰ ਦੇਸ਼ ਭਰ ’ਚੋਂ ਆਪਣੀ ਕਿਸਮ ਦੀ ਪਹਿਲੀ ਪਹਿਲ ਦੱਸਦਿਆਂ ਉਨ੍ਹਾਂ ਕਿਹਾ ਕਿ ਇਸਦਾ ਉਦੇਸ਼ ਜਾਇਦਾਦ ਰਜਿਸਟ੍ਰੇਸ਼ਨ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਬਣਾਉਣਾ ਹੈ। ਇਸ ਯੋਜਨਾ ਦੇ ਫ਼ਾਇਦਿਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਦਿਆਂ ਪ੍ਰਾਈਵੇਟ ਫੀਡ ਰਾਈਟਰਾਂ (ਵਸੀਕ ਨਵੀਸਾਂ) ’ਤੇ ਨਿਰਭਰਤਾ ਨੂੰ ਘਟਾਉਂਦੀ ਹੈ ਅਤੇ ਨਾਗਰਿਕਾਂ ਨੂੰ ਆਪਣੇ ਲੈਣ-ਦੇਣ ਦੇ ਸੁਤੰਤਰ ਢੰਗ ਨਾਲ ਪ੍ਰਬੰਧਨ ਦੀ ਸਹੂਲਤ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਲੋਕਾਂ ਨੂੰ ਹੁਣ ਫੀਸ ਦੇ ਭੁਗਤਾਨਾਂ ਲਈ ਬੈਂਕਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਆਨਲਾਈਨ ਭੁਗਤਾਨ ਪ੍ਰਣਾਲੀ ਸਾਰੀਆਂ ਲੋੜੀਂਦੀਆਂ ਫੀਸਾਂ- ਸਮੇਤ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਫੀਸਾਂ ਨੂੰ ਇੱਕ ਸਿੰਗਲ ਡਿਜੀਟਲ ਟ੍ਰਾਂਜੈਕਸ਼ਨ ਰਾਹੀਂ ਅਦਾ ਕਰਨ ਵਿੱਚ ਮਦਦ ਕਰਦਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਮੁਹਾਲੀ ਵਿੱਚ ਸ਼ੁਰੂ ਕੀਤੀ ਇਸ ਯੋਜਨਾ ਨੂੰ ਛੇਤੀ ਹੀ ਪੰਜਾਬ ਭਰ ਵਿੱਚ ਲਾਗੂ ਕੀਤਾ ਜਾਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਇਹ ਪਹਿਲ ਤਹਿਸੀਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਵਿੱਚ ਮੁੱਖ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ 15 ਜੁਲਾਈ ਤੋਂ 1 ਅਗਸਤ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਇਸ ਸਕੀਮ ਦਾ ਟਰਾਇਲ ਕੀਤਾ ਜਾਵੇਗਾ ਅਤੇ 1 ਅਗਸਤ ਤੋਂ ਇਸ ਨੂੰ ਪੰਜਾਬ ਭਰ ਵਿੱਚ ਲਾਗੂ ਕਰ ਦਿੱਤਾ ਜਾਵੇਗਾ, ਜਿਸ ਨਾਲ ਸਾਰੇ ਨਾਗਰਿਕਾਂ ਨੂੰ ਸੁਚਾਰੂ ਢੰਗ ਨਾਲ ਰਜਿਸਟ੍ਰੇਸ਼ਨ ਸੇਵਾਵਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…