nabaz-e-punjab.com

ਈਡੀ ਕੇਸ: ਮੁਹਾਲੀ ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਭੇਜਿਆ

ਜੰਗਲਾਤ ਵਿਭਾਗ ਦੇ ਕਈ ਅਧਿਕਾਰੀ ਵੀ ਈਡੀ ਦੀ ਰਾਡਾਰ ’ਤੇ

ਨਬਜ਼-ਏ-ਪੰਜਾਬ, ਮੁਹਾਲੀ, 22 ਜਨਵਰੀ:
ਕੇਂਦਰੀ ਜਾਂਚ ਏਜੰਸੀ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪਹਿਲਾਂ ਦਿੱਤਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਦੁਬਾਰਾ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੀਨੀਅਰ ਕਾਂਗਰਸ ਆਗੂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ’ਤੇ ਭੇਜ ਦਿੱਤਾ। ਈਡੀ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਪਿਛਲੇ ਦਿਨੀਂ ਮਾਮਲੇ ਦੀ ਪੜਤਾਲ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਸੀ। ਜੁਡੀਸ਼ਲ ਰਿਮਾਂਡ ਦੌਰਾਨ ਧਰਮਸੋਤ ਕੇਂਦਰੀ ਜੇਲ੍ਹ ਨਾਭਾ ਵਿੱਚ ਬੰਦ ਰਹਿਣਗੇ।
ਹਾਲਾਂਕਿ ਪੰਜਾਬ ਵਿੱਚ ਸਤਾ ਪਰਿਵਰਤਨ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਵਿਭਾਗ ਦੀ ਜ਼ਮੀਨ ਵਿੱਚ ਖੜੇ ਦਰਖ਼ਤ ਕੱਟਣ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਵੱਡੇ ਘੁਟਾਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪਿਛਲੇ ਸਾਲ 30 ਨਵੰਬਰ ਨੂੰ ਈਡੀ ਨੇ ਇਹ ਮਾਮਲਾ ਆਪਣੇ ਹੱਥਾਂ ਵਿੱਚ ਲੈ ਲਿਆ ਸੀ ਅਤੇ ਕੁੱਝ ਦਿਨ ਪਹਿਲਾਂ ਹੀ ਈਡੀ ਦੀਆਂ ਵੱਖ-ਵੱਖ ਟੀਮਾਂ ਵੱਲੋਂ ਪੰਜਾਬ ਵਿੱਚ 14 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਸੀ। ਜਾਣਕਾਰੀ ਅਨੁਸਾਰ ਸੰਮਨਾਂ ਦੀ ਤਾਮੀਲ ਕਰਦੇ ਹੋਏ ਹਫ਼ਤਾ ਪਹਿਲਾਂ ਧਰਮਸੋਤ ਦੂਜੀ ਵਾਰ ਈਡੀ ਦੀ ਜਾਂਚ ਟੀਮ ਅੱਗੇ ਪੇਸ਼ ਹੋਏ ਸਨ ਅਤੇ ਪੁੱਛਗਿੱਛ ਦੌਰਾਨ ਕਾਂਗਰਸ ਆਗੂ ਮਨੀ ਲਾਂਡਰਿੰਗ ਅਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ ਅਤੇ ਈਡੀ ਨੇ ਉਨ੍ਹਾਂ ਨੂੰ ਜਾਂਚ ਦੌਰਾਨ ਹੀ ਗ੍ਰਿਫ਼ਤਾਰ ਕਰ ਲਿਆ ਸੀ।
ਈਡੀ ਦੀ ਜਾਣਕਾਰੀ ਅਨੁਸਾਰ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸਾਬਕਾ ਮੰਤਰੀ ਧਰਮਸੋਤ ਆਪਣੇ ਚਹੇਤੇ ਠੇਕੇਦਾਰ ਹਰਵਿੰਦਰ ਸਿੰਘ ਹੰਮੀ, ਕਾਂਗਰਸ ਵਜ਼ਾਰਤ ਦੌਰਾਨ ਉਨ੍ਹਾਂ ਨਾਲ ਓਐਸਡੀ ਰਹੇ ਕੰਵਲਪ੍ਰੀਤ ਸਿੰਘ ਰਾਹੀਂ ਰਿਸ਼ਵਤ ਦਾ ਪੈਸਾ ਲੈਂਦਾ ਸੀ। ਇਹ ਦੋਸ਼ ਵਿਜੀਲੈਂਸ ਨੇ ਵੀ ਆਪਣੀ ਜਾਂਚ ਦੌਰਾਨ ਲਗਾਏ ਸੀ। ਇਸ ਮਾਮਲੇ ਵਿੱਚ ਉਕਤ ਵਿਅਕਤੀਆਂ ਸਮੇਤ ਹੋਰਨਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਪ੍ਰੰਤੂ ਫਿਲਹਾਲ ਗ੍ਰਿਫ਼ਤਾਰੀ ਧਰਮਸੋਤ ਦੀ ਹੀ ਹੋਈ ਹੈ ਅਤੇ ਬਾਕੀ ਫ਼ਰਾਰ ਦੱਸੇ ਜਾ ਰਹੇ ਹਨ। ਇੱਕ ਹੋਰ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆ ਦੀ ਭੂਮਿਕਾ ਬਾਰੇ ਈਡੀ ਵੱਲੋਂ ਵੱਖਰੇ ਤੌਰ ’ਤੇ ਤਫ਼ਤੀਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਕਈ ਅਧਿਕਾਰੀ ਵੀ ਈਡੀ ਦੀ ਰਾਡਾਰ ’ਤੇ ਹਨ। ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਈ ਸ਼ੱਕੀ ਅਧਿਕਾਰੀ ਰੂਪੋਸ਼ ਹੋ ਗਏ ਦੱਸੇ ਜਾ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…