ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਤੇ ਵਿਸ਼ੇਸ਼ ਅਧਿਆਪਕਾਂ ਵੱਲੋਂ ਸਿੱਖਿਆ ਭਵਨ ਦਾ ਘਿਰਾਓ

ਮੁੱਖ ਮੰਤਰੀ ਤੇ ਕੈਬਨਿਟ ਸਬ ਕਮੇਟੀ ਵੱਲੋਂ ਫ਼ੈਸਲਾ ਲੈਣ ਦੇ ਬਾਵਜੂਦ ਠੇਕਾ ਮੁਲਾਜ਼ਮਾਂ ਨੂੰ ਨਹੀਂ ਕੀਤਾ ਜਾ ਰਿਹੈ ਰੈਗੂਲਰ

ਠੇਕਾ ਮੁਲਾਜ਼ਮਾਂ ਦੀ ਕੈਬਨਿਟ ਸਬ ਕਮੇਟੀ ਨਾਲ 6 ਮਾਰਚ ਨੂੰ ਪੈਨਲ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦਿੱਤਾ

ਨਬਜ਼-ਏ-ਪੰਜਾਬ, ਮੁਹਾਲੀ, 4 ਮਾਰਚ:
ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਵੱਲੋਂ ਅੱਜ ਮੁਹਾਲੀ ਵਿਖੇ ਸਿੱਖਿਆ ਭਵਨ ਦਾ ਘਿਰਾਓ ਕਰਕੇ ਹੁਕਮਰਾਨਾਂ ਦਾ ਜ਼ਬਰਦਸਤ ਪਿੱਟ ਸਿਆਪਾ ਕੀਤਾ। ਬੁਲਾਰਿਆਂ ਨੇ ਕਿਹਾ ਕਿ ਪਹਿਲਾਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦਾ ਭਵਿੱਖ ਰੋਲਣ ਦੇ ਰਾਹ ਪੈ ਗਈ ਹੈ। ਜਿਸ ਕਾਰਨ ਕਰਮਚਾਰੀਆਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਅਤੇ ਗੁੱਸੇ ਦੀ ਲਹਿਰ ਹੈ।
ਯੂਨੀਅਨ ਆਗੂ ਕੁਲਦੀਪ ਸਿੰਘ, ਪ੍ਰਵੀਨ ਸ਼ਰਮਾ, ਰਜਿੰਦਰ ਸਿੰਘ ਸੰਧਾ, ਵਰਿੰਦਰ ਵੋਹਰਾ, ਗੁਰਮੀਤ ਮਾਂਗਟ, ਜਗਮੋਹਨ ਸਿੰਘ, ਚਮਕੌਰ ਸਿੰਘ ਅਤੇ ਰਮਨ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ’ਤੇ ਅਫ਼ਸਰਸ਼ਾਹੀ ਭਾਰੂ ਹੋਣ ਕਾਰਨ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਵਿੱਚ ਬੇਲੋੜੀ ਦੇਰੀ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਕੈਬਨਿਟ ਸਬ ਕਮੇਟੀ ਵੱਲੋਂ 22 ਨਵੰਬਰ 2023 ਅਤੇ 31 ਜਨਵਰੀ 2024 ਨੂੰ ਫ਼ੈਸਲਾ ਲੈਣ ਦੇ ਬਾਵਜੂਦ ਅਫ਼ਸਰ ਕਮੇਟੀ ਪਿਛਲੇ ਤਿੰਨ ਮਹੀਨਿਆਂ ਤੋਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਫਾਈਲ ਦੱਬੀ ਬੈਠੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖ ਕੇ ਇੰਜ ਜਾਪਦਾ ਹੈ ਜਿਵੇਂ ਅਧਿਕਾਰੀਆਂ ਦੀ ਵਿਸ਼ੇਸ਼ ਕਮੇਟੀ ਸਰਕਾਰ ਨਾਲੋਂ ਵੱਧ ਪਾਵਰਫੁੱਲ ਹੈ।
ਬੁਲਾਰਿਆਂ ਨੇ ਕਿਹਾ ਕਿ ਕਿਸੇ ਵੀ ਸਰਕਾਰ ਜਾਂ ਵਿਭਾਗ ਨੂੰ ਚਲਾਉਣ ਲਈ ਦਫ਼ਤਰੀ ਮੁਲਾਜ਼ਮ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਹਨ ਪ੍ਰੰਤੂ ਸਰਕਾਰ ਭਾਵੇਂ ਕਿਸੇ ਵੀ ਪਾਰਟੀ ਦੀ ਹੋਵੇ, ਸਿੱਖਿਆ ਵਿਭਾਗ ਦੇ ਬਾਬੂਆਂ ਦਾ ਆਪਣਾ ਹੀ ਵੱਖਰਾ ਕਾਨੂੰਨ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਕਹਿਣੀ ਅਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ। ਚੋਣਾਂ ਸਮੇਂ ਆਪ ਆਗੂਆਂ ਨੇ ਕੱਚੇ ਮੁਲਾਜ਼ਮਾਂ ਨਾਲ ਜਿਹੜੇ ਵਾਅਦੇ ਕੀਤੇ ਸੀ, ਹੁਣ ਉਨ੍ਹਾਂ ਨੂੰ ਪੂਰਾ ਕਰਨ ਦੀ ਥਾਂ ਆਏ ਦਿਨ ਝੂਠੇ ਲਾਰੇ ਲਗਾ ਕੇ ਡੰਗ ਟਪਾਇਆ ਜਾ ਰਿਹਾ ਹੈ।
ਆਗੂਆਂ ਨੇ ਦੱਸਿਆ ਕਿ ਦਫ਼ਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖ਼ਾਹ ਕਟੌਤੀ ਕੀਤੀ ਜਾ ਰਹੀ ਹੈ। ਇੰਜ ਹੀ ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀਆਂ ਦੀ ਸਾਲ 2019 ਤੋਂ ਤਨਖ਼ਾਹ ਵਿੱਚ ਕੀਤਾ ਜਾਣ ਵਾਲਾ ਵਾਧਾ ਵੀ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਕੈਬਨਿਟ ਸਬ ਕਮੇਟੀ ਦੀ ਮਨਜ਼ੂਰੀ ਮਿਲਣ ਦੇ ਬਾਵਜੂਦ ਦਫ਼ਤਰੀ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਹੋਰ ਮਸਲੇ ਹੱਲ ਨਹੀਂ ਕੀਤੇ ਜਾ ਰਹੇ। ਜਿਸ ਕਾਰਨ ਦਫ਼ਤਰੀ ਸਟਾਫ਼ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ। ਇਸ ਮੌਕੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਦਾ ਘਿਰਾਓ ਕਰਨ ਦਾ ਮਤਾ ਵੀ ਪਾਸ ਕੀਤਾ ਗਿਆ।
ਇਸੇ ਦੌਰਾਨ ਸਿੱਖਿਆ ਮੰਤਰੀ ਦੇ ਦਫ਼ਤਰ ਵੱਲੋਂ ਯੂਨੀਅਨ ਆਗੂਆਂ ਦੀ ਕੈਬਨਿਟ ਸਬ ਕਮੇਟੀ ਨਾਲ 6 ਮਾਰਚ ਨੂੰ ਪੈਨਲ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦੇ ਕੇ ਉਨ੍ਹਾਂ ਸ਼ਾਂਤ ਕੀਤਾ ਗਿਆ। ਇਸ ਭਰੋਸੇ ਮਗਰੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰਨ ਦਾ ਪ੍ਰੋਗਰਾਮ ਮੁਲਤਵੀ ਕੀਤਾ ਗਿਆ। ਨਾਲ ਹੀ ਇਹ ਐਲਾਨ ਕੀਤਾ ਕਿ 6 ਮਾਰਚ ਤੱਕ ਸਿੱਖਿਆ ਭਵਨ ਦੇ ਬਾਹਰ ਸ਼ਾਂਤਮਈ ਧਰਨਾ ਜਾਰੀ ਰੱਖਿਆ ਜਾਵੇਗਾ ਅਤੇ ਜੇਕਰ ਬੁੱਧਵਾਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਕਿਸੇ ਮਸਲੇ ਦਾ ਹੱਲ ਨਹੀਂ ਕੀਤਾ ਗਿਆ ਜਾਂ ਮੀਟਿੰਗ ਮੁਲਤਵੀ ਕੀਤੀ ਗਈ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਇਸੇ ਦੌਰਾਨ ਦੇਰ ਸ਼ਾਮ ਡੀਜੀਐਸਪੀ ਵਿਨੈ ਬਬਲਾਨੀ ਨੇ ਯੂਨੀਅਨ ਦੇ ਮੋਹਰੀ ਆਗੂਆਂ ਨਾਲ ਮੀਟਿੰਗ ਕੀਤੀ ਲੇਕਿਨ ਇਹ ਮੀਟਿੰਗ ਵੀ ਬੇਸਿੱਟਾ ਰਹੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…