ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਤੇਜਿੰਦਰਪਾਲ ਸਿੰਘ ਸਿੱਧੂ ਵੱਲੋਂ ਚੋਣ ਪ੍ਰਚਾਰ ਤੇਜ਼

ਕਾਂਗਰਸੀ ਵਿਧਾਇਕ ਨੇ ਕੰਬਲ ਤੇ ਲੋਈਆਂ ਵੰਡ ਕੇ ਗਰੀਬੀ ਦਾ ਮਜ਼ਾਕ ਉਡਾਇਆ: ਪਰਮਿੰਦਰ ਸੋਹਾਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ:
ਕਾਂਗਰਸ ਸਰਕਾਰ ਦੇ ਵਿਧਾਇਕ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਜਿਥੇ ਮੋਹਾਲੀ ਹਲਕੇ ਦੇ ਪਿੰਡਾਂ ਨੂੰ ਆਰਥਿਕ ਤੌਰ ’ਤੇ ਪਛਾੜ ਦਿੱਤਾ, ਉਥੇ ਗਰੀਬ ਪਰਿਵਾਰਾਂ ਨੂੰ ਕੰਬਲ ਅਤੇ ਲੋਈਆਂ ਵੰਡ ਕੇ ਉਨ੍ਹਾਂ ਦੀ ਗਰੀਬੀ ਦਾ ਮਜ਼ਾਕ ਵੀ ਉਡਾਇਆ ਹੈ। ਇਹ ਪ੍ਰਗਟਾਵਾ ਅੱਜ ਪਿੰਡ ਸੋਹਾਣਾ ਅਤੇ ਜਗਤਪੁਰਾ ਵਿੱਚ ਸਰਪੰਚ ਗੁਰਇਕਬਾਲ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰ ਪਾਲ ਸਿੰਘ ਸਿੱਧੂ ਦੇ ਹੱਕ ਵਿੱਚ ਰੱਖੀ ਗਈ ਮੀਟਿੰਗ ਦੌਰਾਨ ਲੇਬਰਫੈਡ ਪੰਜਾਬ ਦੇ ਐਮਡੀ ਪਰਮਿੰਦਰ ਸਿੰਘ ਸੋਹਾਣਾ ਨੇ ਲੋਕਾਂ ਦੇ ਭਰਵੇਂ ਇਕੱਠ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਾ ਨਸ਼ਾ ਛੁਡਾਉਣ ਦੀ ਗੱਲ ਕਰਦਾ ਹੈ ਜਦੋਂ ਕਿ ਸਭ ਜਾਣਦੇ ਹਨ ਕਿ ਵਿਧਾਇਕ ਸਿੱਧੂ ਦੇ ਸ਼ਰਾਬ ਦੇ ਠੇਕੇ ਹਨ। ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਦੇ ਵਿਕਾਸ ਲਈ ਅਕਾਲੀ-ਭਾਜਪਾ ਦੇ ਉਮੀਦਵਾਰ ਨੂੰ ਜਿਤਾਉਣਾ ਓਨਾ ਹੀ ਜ਼ਰੂਰੀ ਹੈ, ਜਿੰਨਾ ਢਿੱਡ ਭਰਨ ਲਈ ਰੋਟੀ ਖਾਣਾ।
ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਲੋਕਾਂ ਨੂੰ ਭਰਮਾਉਣ ਲਈ ਗਰੀਬ ਪਰਿਵਾਰਾਂ ਨੂੰ ਲਾਲਚ ਦੇ ਕੇ ਝੂਠੇ ਵਾਅਦੇ ਕਰ ਰਹੇ ਹਨ ਪਰ ਉਨ੍ਹਾਂ ਕਿਹਾ ਕਿ ਹੁਣ ਵੋਟਰ ਸੂਝਵਾਨ ਹੋ ਗਿਆ ਹੈ ਜੋ ਆਪਣੀ ਵੋਟ ਦਾ ਇਸਤੇਮਾਲ ਸੋਚ ਸਮਝ ਕੇ ਕਰਨਾ ਚਾਹੁੰਦਾ ਹੈ ਅਤੇ ਉਨ੍ਹਾਂ ਦਾ ਭਵਿੱਖ ਸਿਰਫ ਤੇ ਸਿਰਫ ਅਕਾਲੀ-ਭਾਜਪਾ ਸਰਕਾਰ ਹੀ ਸੰਵਾਰ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਸੁਨਹਿਰੇ ਭਵਿੱਖ ਲਈ ਕੈਪਟਨ ਸਿੱਧੂ ਨੂੰ ਭਾਰੀ ਵੋਟਾਂ ਦੇ ਅੰਤਰ ਨਾਲ ਜਿਤਾਉਣ ਲਈ ਉਨ੍ਹਾਂ ਦਾ ਡਟ ਕੇ ਸਹਿਯੋਗ ਦੇਣ। ਇਸ ਮੌਕੇ ਪਹੁੰਚੇ ਕੌਂਸਲਰ ਅਰੁਣ ਸ਼ਰਮਾ ਨੇ ਵੀ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕੀਤਾ ’ਤੇ ਲੋਕਾਂ ਨੂੰ ਕੈਪਟਨ ਸਿੱਧੂ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਆਪਣੇ ਡੀ.ਸੀ. ਦੇ ਕਾਰਜ਼ਕਾਲ ਦੌਰਾਨ ਉਨ੍ਹਾਂ ਨੂੰ ਪਿੰਡ ਜਗਤਪੁਰਾ ਆਉਣ ਦਾ ਕਈ ਵਾਰ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਜਗਤਪੁਰਾ ਦਾ ਪੁਲ ਟੁੱਟਣ ਕਰਕੇ ਪਿੰਡ ਦੇ ਲੋਕ ਕਾਫੀ ਪ੍ਰੇਸ਼ਾਨ ਸਨ ਜਿਸ ਕਰਕੇ ਉਨ੍ਹਾਂ ਦੀ ਇਸ ਪ੍ਰੇਸ਼ਾਨੀ ਨੂੰ ਮੁੱਖ ਰੱਖਦਿਆਂ ਪੁਲ ਦੀ ਨਵੇਂ ਸਿਰੇ ਤੋਂ ਉਸਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਲਾਕੇ ਦੀ ਬਿਹਤਰੀ ਅਤੇ ਵਿਕਾਸ ਲਈ ਲੋਕਾਂ ਨੂੰ ਅਕਾਲੀ-ਭਾਜਪਾ ਪਾਰਟੀ ਦੇ ਹੱਥ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਸਰਕਾਰ ਬਣਨ ’ਤੇ ਸਾਰੇ ਛੋਟੇ ਕਿਸਾਨ 2 ਲੱਖ ਰੁਪਏ ਦਾ ਵਿਆਜ਼ ਮੁਕਤ ਫਸਲੀ ਕਰਜ਼ਾ ਲੈਣ ਦੇ ਯੋਗ ਹੋਣਗੇ। ਇਸ ਤੋਂ ਇਲਾਵਾ ਸਰਕਾਰ ਸਾਰੇ ਕਿਸਾਨਾਂ ਨੂੰ ਬਿਨਾਂ ਕੋਈ ਰਕਬੇ ਦੀ ਸੀਮਾ ਮਿਥੇ ਟਿਊਬਵੈਲ ਕੁਨੈਕਸ਼ਨ ਦੇਵੇਗੀ ਅਤੇ ਖੇਤੀਬਾੜੀ ਦੇ ਕੰਮਾਂ ਲਈ ਦਿਨ ਵਿੱਚ 10 ਘੰਟੇ ਮੁਫ਼ਤ ਅਤੇ ਲਗਾਤਾਰ ਬਿਜਲੀ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਹੁਣ ਸਾਰੇ ਪਿੰਡਾਂ ਦੀਆਂ ਗਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਹਲਕੇ ਦੇ ਪਿੰਡਾਂ ’ਚ ਸੋਲਰ ਲਾਈਟਾਂ ਵੀ ਲਗਾਈਆਂ ਜਾਣਗੀਆਂ। ਪਿੰਡਾਂ ਵਿਚ ਆਟਾ ਦਾਲ ਸਕੀਮ ਵਿੱਚ ਹੋਰ ਵਾਧੇ ਕਰਦੇ ਹੋਏ ਚੀਨੀ ਅਤੇ ਘਿਓ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸਾਰੀਆਂ ਲਿੰਕ ਸੜਕਾਂ 18 ਫੁੱਟ ਚੌੜੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਇਹ ਵਿਕਾਸ ਕਾਰਜ ਤਾਂ ਹੀ ਪੂਰੇ ਹੋ ਸਕਦੇ ਹਨ ਜੇਕਰ ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਆਵੇ। ਉਨ੍ਹਾਂ ਦੀ ਇੱਕ-ਇੱਕ ਵੋਟ ਅਕਾਲੀ-ਭਾਜਪਾ ਸਰਕਾਰ ਲਈ ਕੀਮਤੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 4 ਫਰਵਰੀ ਨੂੰ ਉਨ੍ਹਾਂ ਦੇ ਹੱਕ ਵਿੱਚ ਵੋਟਾਂ ਪਾਉਣ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਭਾਜਪਾ ਕੌਂਸਲਰ ਅਰੁਣ ਸ਼ਰਮਾ, ਬਲਾਕ ਸੰਮਤੀ ਦੇ ਚੇਅਰਮੈਨ ਰੇਸ਼ਮ ਸਿੰਘ, ਰਵਿ ਲੰਬੜਦਾਰ, ਸਰਪੰਚ ਗੁਰਇਕਬਾਲ ਸਿੰਘ, ਅਵਤਾਰ ਸਿੰਘ, ਦਲਜੀਤ ਸਿੱਘ ਪੱਪੂ, ਬਚਿੱਤਰ ਸਿੰਘ ਸਾਬਕਾ ਪੰਚ, ਕਰਮਪਾਲ, ਜਗਤਾਰ ਸਿੰਘ, ਅਵਤਾਰ ਸਿੰਘ, ਮੇਜਰ ਸਿੰਘ, ਰਾਮ ਅਰੋੜਾ ਅਤੇ ਹੋਰ ਪਿੰਡ ਵਾਸੀ ਤੇ ਪਤਵੰਤੇ ਵੱਡੀ ਗਿਣਤੀ ਵਿੱਚ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…