Share on Facebook Share on Twitter Share on Google+ Share on Pinterest Share on Linkedin ਚੋਣ ਅਧਿਕਾਰੀ ਵੱਲੋਂ ਹੁਣ ਤੱਕ ਉਮੀਦਵਾਰਾਂ ਨੂੰ ਖਰਚੇ ਸਬੰਧੀ 45 ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ 72 ਨੋਟਿਸ ਜਾਰੀ ਸਭ ਤੋਂ ਵੱਧ ਹੁਕਮਰਾਨ ਪਾਰਟੀ ਅਕਾਲੀ ਦਲ ਨੂੰ ਜਾਰੀ ਹੋਏ ਨੋਟਿਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ: ਪੰਜਾਬ ਵਿੱਚ 4 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਅਧਿਕਾਰੀ ਵੱਲੋਂ ਚੋਣ ਲੜ ਰਹੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹੁਣ ਤੱਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਵਿੱਚ ਕਰੀਬ 117 ਨੋਟਿਸ ਜਾਰੀ ਕੀਤੇ ਗਏ ਹਨ। ਜਿਨ੍ਹਾਂ ਵਿੱਚ ਹੁਕਮਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਸਭ ਤੋਂ ਵੱਧ ਨੋਟਿਸ ਜਾਰੀ ਹੋਏ ਹਨ। ਇਸ ਗੱਲ ਦਾ ਖੁਲਾਸਾ ਕਰਦਿਆਂ ਮੁਹਾਲੀ ਦੇ ਰਿਟਰਨਿੰਗ ਅਫ਼ਸਰ-ਕਮ-ਐਸਡੀਐਮ ਸ੍ਰੀਮਤੀ ਅਨੁਪ੍ਰੀਤਾ ਜੌਹਲ ਨੇ ਦੱਸਿਆ ਕਿ ਅਕਾਲੀ ਦਲ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ 21 ਅਤੇ ਚੋਣ ਪ੍ਰਚਾਰ ’ਤੇ ਖਰਚਾ ਕਰਨ ਸਬੰਧੀ ਸਮੇਂ ਸਿਰ ਹਿਸਾਬ ਨਾ ਦੇਣ ਦੇ ਦੋਸ਼ ਵਿੱਚ 16 ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਕਾਂਗਰਸ ਪਾਰਟੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਵਿੱਚ 14 ਨੋਟਿਸ ਅਤੇ ਸਮੇਂ ਸਿਰ ਚੋਣ ਮੁਹਿੰਮ ਦੌਰਾਨ ਕੀਤੇ ਖਰਚੇ ਦਾ ਹਿਸਾਬ ਨਾ ਦੇਣ ਦੇ ਦੋਸ਼ ਵਿੱਚ 12 ਨੋਟਿਸ ਜਾਰੀ ਕੀਤੇ ਗਏ ਹਨ। ਇੰਝ ਹੀ ਆਮ ਆਦਮੀ ਪਾਰਟੀ (ਆਪ) ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਵਿੱਚ 13 ਅਤੇ ਵੱਖ-ਵੱਖ ਚੋਣ ਰੈਲੀਆਂ, ਚੋਣ ਮੀਟਿੰਗਾਂ ਅਤੇ ਹੋਰ ਚੋਣ ਪ੍ਰਚਾਰ ਸਮੱਗਰੀ ਸਬੰਧੀ ਵੇਰਵਾ ਨਾ ਦੇਣ ਦੇ ਦੋਸ਼ ਵਿੱਚ 10 ਨੋਟਿਸ ਜਾਰੀ ਕੀਤੇ ਗਏ ਹਨ। ਚੋਣ ਅਧਿਕਾਰੀ ਨੇ ਦੱਸਿਆ ਕਿ ਬੀਤੇ ਦਿਨੀਂ ਆਪ ਦੇ ਹੱਕ ਵਿੱਚ ਗਾਇਕ ਤੇ ਅਦਾਕਾਰ ਬੱਬੂ ਮਾਨ ਵੱਲੋਂ ਚੋਣ ਰੈਲੀ ਦੌਰਾਨ ਆਪ ਵਾਲੰਟੀਅਰਾਂ ਅਤੇ ਆਮ ਲੋਕਾਂ ਦਾ ਮਨੋਰੰਜਨ ਕਰਨ ਸਬੰਧੀ ਆਪ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਖਾਤੇ ਵਿੱਚ ਬੱਬੂ ਮਾਨ ਦੀ ਸਟੇਜ ਦਾ ਕਰੀਬ 60 ਹਜ਼ਾਰ ਰੁਪਏ ਖਰਚਾ ਜੋੜਿਆ ਗਿਆ ਹੈ। ਇਸ ਤੋਂ ਇਲਾਵਾ ਰੈਲੀ ਵਿੱਚ ਜੁਟੀ ਭੀੜ ਅਤੇ ਖਾਣ-ਪੀਣ ਦਾ ਵੱਖਰਾ ਖਰਚਾ ਜੋੜਿਆ ਗਿਆ ਹੈ। ਚੋਣ ਅਧਿਕਾਰੀ ਨੇ ਦੱਸਿਆ ਕਿ ਬਹੁਜਨ ਸਮਾਜ ਪਾਰਟੀ (ਬਸਪਾ) ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਵਿੱਚ 5 ਅਤੇ ਚੋਣ ਖਰਚੇ ਸਬੰਧੀ ਸਮੇਂ ਸਿਰ ਹਿਸਾਬ ਨਾ ਦੇਣ ਬਾਬਤ 3 ਨੋਟਿਸ ਜਾਰੀ ਕੀਤੇ ਗਏ ਹਨ। ਇੰਝ ਹੀ ਡੈਮੋਕ੍ਰੇਟਿਕ ਸਵਰਾਜ ਪਾਰਟੀ (ਡੀਐਸਪੀ) ਦੇ ਉਮੀਦਵਾਰ ਬਲਵਿੰਦਰ ਸਿੰਘ ਕੁੰਭੜਾ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਵਿੱਚ 4 ਅਤੇ ਖਰਚੇ ਸਬੰਧੀ 2 ਨੋਟਿਸ ਜਾਰੀ ਕੀਤੇ ਗਏ ਹਨ। ਇੰਝ ਹੀ ਪੰਜਾਬ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੇ ਸੂਬਾਈ ਪ੍ਰਧਾਨ ਇੰਜ: ਗੁਰਕਿਰਪਾਲ ਸਿੰਘ ਮਾਨ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ 2 ਅਤੇ ਖਰਚੇ ਸਬੰਧੀ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ। ਸ੍ਰੀਮਤੀ ਜੌਹਲ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਵਾਰ ਵਾਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਕੋਈ ਵੀ ਉਮੀਦਵਾਰ ਸਿਰਫ਼ 28 ਲੱਖ ਰੁਪਏ ਤੱਕ ਹੀ ਖਰਚਾ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 3 ਵਾਰ ਉਮੀਦਵਾਰਾਂ ਦੇ ਖ਼ਰਚਿਆਂ ਦਾ ਜਾਇਜ਼ਾ ਲਿਆ ਜਾ ਚੁੱਕਾ ਹੈ ਅਤੇ ਮਤਦਾਨ ਤੋਂ 25 ਦਿਨਾਂ ਬਾਅਦ ਚੋਣਾਂ ਸਬੰਧੀ ਮੁਕੰਮਲ ਖ਼ਰਚੇ ਦੀ ਸਮੀਖਿਆ ਕਰਕੇ ਆਪਣੀ ਰਿਪੋਰਟ ਮੁੱਖ ਚੋਣ ਕਮਿਸ਼ਨ ਦੇ ਦਫ਼ਤਰ ਨੂੰ ਭੇਜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਵੋਟਰਾਂ ਨੂੰ ਸ਼ਰਾਬ ਵਰਤਾਉਣ ਬਾਰੇ ਸ਼ਿਕਾਇਤ ਮਿਲੀ ਸੀ ਪ੍ਰੰਤੂ ਜਦੋਂ ਉਡਣ ਦਸਤੇ ਦੀ ਟੀਮ ਨੇ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ ਤਾਂ ਸ਼ਿਕਾਇਤ ਝੂਠੀ ਪਾਈ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ