‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’: ਸਿਵਲ ਸਰਜਨ ਤੇ ਐਸਐਮਓ ਨੇ ਖ਼ੁਦ ਕੀਤੀ ਡੇਂਗੂ ਲਾਰਵੇ ਦੀ ਜਾਂਚ

ਨਬਜ਼-ਏ-ਪੰਜਾਬ, ਮੁਹਾਲੀ, 23 ਮਈ:
‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਅੱਜ ਮੁਹਾਲੀ ਦੇ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਐਸਐਮਓ ਡਾ. ਐਚਐਸ ਚੀਮਾ ਨੇ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਖ਼ੁਦ ਡੇਂਗੂ ਲਾਰਵੇ ਦੀ ਜਾਂਚ ਕੀਤੀ। ਉਨ੍ਹਾਂ ਨੇ ਰਿਹਾਇਸ਼ੀ ਖੇਤਰ ਫੇਜ਼-5 ਅਤੇ ਹੋਰਨਾਂ ਥਾਵਾਂ ’ਤੇ ਘਰਾਂ ਵਿੱਚ ਡੇਂਗੂ ਬਾਬਤ ਕੂਲਰਾਂ ਅਤੇ ਹੋਰ ਵੇਸਟ ਸਮਾਨ ਦਾ ਨਿਰੀਖਣ ਕੀਤਾ ਅਤੇ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ।
ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਪੂਰੇ ਜ਼ਿਲ੍ਹੇ ਵਿੱਚ ਚੱਲ ਰਹੀ ਹੈ। ਅਧਿਕਾਰੀ ਅਤੇ ਕਰਮਚਾਰੀ ਜਿੱਥੇ ਘਰ-ਘਰ ਜਾ ਕੇ ਸਰਵੇਖਣ ਕਰ ਰਹੇ ਹਨ, ਉੱਥੇ ਚਲਾਨ ਵੀ ਕੱਟੇ ਜਾ ਰਹੇ ਹਨ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਡੇਂਗੂ ਤੋਂ ਬਚਣ ਦਾ ਇੱਕੋ-ਇੱਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।
ਡਾ. ਜੈਨ ਨੇ ਦੱਸਿਆ ਕਿ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿੱਚ ਖ਼ਤਰਨਾਕ ਮੱਛਰ ਦਾ ਰੂਪ ਧਾਰ ਲੈਂਦਾ ਹੈ, ਜੋ ਮਰੀਜ਼ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਜੁਲਾਈ ਤੋਂ ਨਵੰਬਰ ਦੇ ਅਖੀਰ ਤੱਕ ਜ਼ਿਆਦਾ ਹੁੰਦਾ ਹੈ। ਡੇਂਗੂ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪਲਦਾ ਹੈ। ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ, ਦਿਨੇਸ਼ ਚੌਧਰੀ, ਏਰੀਆ ਕੌਂਸਲਰ ਸਮੇਤ ਸਿਹਤ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…