‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ: ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਿੱਜੀ ਹਸਪਤਾਲਾਂ ਦੀ ਚੈਕਿੰਗ

ਨਬਜ਼-ਏ-ਪੰਜਾਬ, ਮੁਹਾਲੀ, 6 ਜੂਨ:
‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਮੁਹਾਲੀ ਦੇ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਵੱਖ-ਵੱਖ ਥਾਵਾਂ ’ਤੇ ਡੇਂਗੂ ਲਾਰਵੇ ਦੀ ਜਾਂਚ ਕੀਤੀ। ਡਾ. ਜੈਨ ਨੇ ਦੱਸਿਆ ਕਿ ਸਿਹਤ ਟੀਮਾਂ ਨੇ ਨਿੱਜੀ ਹਸਪਤਾਲਾਂ ਵਿੱਚ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ। ਉਨ੍ਹਾਂ ਮੌਕੇ ’ਤੇ ਹੀ ਹਸਪਤਾਲਾਂ ਦੇ ਸਟਾਫ਼ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਸਮਝਾਇਆ ਗਿਆ।
ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਸਾਰੇ ਪੂਰੇ ਜ਼ਿਲ੍ਹੇ ਵਿੱਚ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਅਧਿਕਾਰੀਆਂ ਸਮੇਤ ਹੋਰ ਸਟਾਫ਼ ਜਿੱਥੇ ਘਰ-ਘਰ ਜਾ ਕੇ ਸਰਵੇਖਣ ਕਰ ਰਹੇ ਹਨ, ਉੱਥੇ ਚਲਾਨ ਕੱਟਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਦਾ ਇੱਕੋ-ਇੱਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।
ਡਾ. ਜੈਨ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿੱਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ, ਜੋ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖੀਰ ਤੱਕ ਜ਼ਿਆਦਾ ਹੁੰਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਦੀ ਸੁਵਿਧਾ ਮੁਫ਼ਤ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸਮੇਤ ਸਿਹਤ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਸਿਵਲ ਸਰਜਨ ਲੇ ਦੱਸਿਆ ਕਿ ਡੇਂਗੂ ਇੱਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਬਾਰੇ ਦੱਸਦਿਆਂ ਕਿਹਾ ਕਿ ਤੇਜ਼ ਸਿਰ-ਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿੱਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜ੍ਹਿਆਂ ’ਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਸ਼ਾਮਲ ਹਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…