ਪੰਜਾਬ ਦੇ ਕਿਸਾਨਾਂ ਵੱਲੋਂ ਆਪ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ, ਮੁੱਖ ਮੰਤਰੀ ਦੀ ਕੋਠੀ ਵੱਲ ਕੂਚ

ਮੁਹਾਲੀ ਪੁਲੀਸ ਨੇ ਟਰੈਫ਼ਿਕ ਲਾਈਟ ਪੁਆਇੰਟ ਫੇਜ਼-7 ’ਤੇ ਰੋਕਿਆਂ, ਖੇਤੀਬਾੜੀ ਮੰਤਰੀ ਵੱਲੋਂ ਮੰਗਾਂ ਮੰਨਣ ਦਾ ਭਰੋਸਾ

ਸੰਯੁਕਤ ਕਿਸਾਨ ਮੋਰਚਾ ਨੇ 3 ਜੁਲਾਈ ਨੂੰ ਲੁਧਿਆਣਾ ਵਿੱਚ ਮੀਟਿੰਗ ਸੱਦੀ, ਕਿਸਾਨ ਅਗਲੀ ਰਣਨੀਤੀ ਕਰਨਗੇ ਤੈਅ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ:
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਮੰਗਲਵਾਰ ਨੂੰ ਮੁਹਾਲੀ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮੱਕੀ ਅਤੇ ਮੂੰਗੀ ਦੀ ਫ਼ਸਲ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦ ਯਕੀਨੀ ਬਣਾਉਣ ਸਮੇਤ ਹੋਰ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਅਤੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੰਜਾਬ ਭਰ ’ਚੋਂ ਕਿਸਾਨਾਂ ਦੇ ਕਾਫ਼ਲੇ ਅੱਜ ਸਵੇਰੇ 10 ਵਜੇ ਹੀ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਦੇ ਬਾਹਰ ਪਹੁੰਚਣੇ ਸ਼ੁਰੂ ਹੋ ਗਏ ਅਤੇ ਦੁਪਹਿਰ 12 ਵਜੇ ਤੱਕ ਕਿਸਾਨਾਂ ਦੀ ਵੱਡੀ ਭੀੜ ਜਮ੍ਹਾਂ ਹੋ ਗਈ। ਇੱਥੇ ਕਿਸਾਨਾਂ ਨੇ ਆਪਣੀ ਮੰਗਾਂ ’ਤੇ ਲੰਬੀ ਚਰਚਾ ਕੀਤੀ। ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਕੂਚ ਕਰਨ ਦਾ ਯਤਨ ਕੀਤਾ ਲੇਕਿਨ ਮੁਹਾਲੀ ਪੁਲੀਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਟਰੈਫ਼ਿਕ ਲਾਈਟ ਪੁਆਇੰਟ ਫੇਜ਼-7 ’ਤੇ ਰੋਕ ਲਿਆ। ਇਸ ਰੋਸ ਪ੍ਰਦਰਸ਼ਨ ਮੌਕੇ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਕਰੀਬ 33 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨ ਪਾਲ, ਕਿਸਾਨ ਯੂਨੀਅਨ (ਲੱਖੋਵਾਲ) ਦੇ ਜਰਨਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕਿਸਾਨ ਯੂਨੀਅਨ ਦੁਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਰਾਜਵਿੰਦਰ ਕੌਰ, ਬੂਟਾ ਸਿੰਘ ਬੁਰਜਗਿੱਲ, ਨਿਰਭੈ ਸਿੰਘ ਢੱੁਡੀਕੇ ਸਮੇਤ ਹੋਰ ਪ੍ਰਮੁੱਖ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ।
ਬੁਲਾਰਿਆਂ ਨੇ ਕਿਹਾ ਕਿ ਸੱਤਾ ਵਿੱਚ ਆਉਂਦੇ ਸਾਰ ਆਮ ਆਦਮੀ ਪਾਰਟੀ ਨੇ ਕਿਸਾਨਾਂ ਨੂੰ ਫ਼ਸਲਾਂ ’ਤੇ ਐਮਐਸਪੀ ਗਰੰਟੀ ਦੇਣ ਦਾ ਭਰੋਸਾ ਦਿੱਤਾ ਸੀ ਲੇਕਿਨ ਪਿਛਲੇ ਸਾਲ ਤੋਂ ਸਰਕਾਰ ਨੇ ਆਪਣਾ ਵਾਅਦਾ ਨਹੀਂ ਨਿਭਾਇਆ। ਉਨ੍ਹਾਂ ਕਿਹਾ ਕਿ ਮੱਕੀ ਦਾ ਐਮਐਸਪੀ 2090 ਰੁਪਏ ਪ੍ਰਤੀ ਕੁਇੰਟਲ ਹੈ ਪ੍ਰੰਤੂ ਮੰਡੀਆਂ ਵਿੱਚ 1000 ਰੁਪਏ ਖਰੀਦੀ ਜਾ ਰਹੀ ਹੈ। ਇੰਜ ਹੀ ਮੂੰਗੀ ਦਾ ਐਮਐਸਪੀ 8556 ਰੁਪਏ ਪ੍ਰਤੀ ਕੁਇੰਟਲ ਮਿਥਿਆ ਗਿਆ ਹੈ ਪ੍ਰੰਤੂ ਮੰਡੀ ਵਿੱਚ 6700 ਰੁਪਏ ਪ੍ਰਤੀ ਕੁਇੰਟਲ ਖਰੀਦੀ ਜਾ ਰਹੀ ਹੈ, ਜੋ ਅੰਨਦਾਤਾ ਨਾਲ ਸਰਾਸਰ ਧੱਕਾ ਹੈ। ਬੁਲਾਰਿਆਂ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਫ਼ਸਲੀ ਵਿਭਿੰਨਤਾ ਲਿਆਉਣ ਅਤੇ ਪੰਜਾਬ ਦਾ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਮੱਕੀ ਅਤੇ ਮੂੰਗੀ ਬੀਜਣ ਲਈ ਕਹਿ ਰਹੇ ਹਨ ਪ੍ਰੰਤੂ ਸਰਕਾਰ ਖ਼ੁਦ ਕਿਸਾਨਾਂ ਦੀ ਬਾਂਹ ਫੜਨ ਤੋਂ ਭੱਜ ਰਹੀ ਹੈ।
ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਜ਼ਿਲ੍ਹਾ ਮੁਹਾਲੀ ਦੇ ਦਵਿੰਦਰ ਸਿੰਘ ਦੇਹਕਲਾਂ, ਜਰਨਲ ਸਕੱਤਰ ਜਸਪਾਲ ਸਿੰਘ ਨਿਆਮੀਆਂ, ਪ੍ਰੈਸ ਸਕੱਤਰ ਰਣਬੀਰ ਸਿੰਘ ਗਰੇਵਾਲ, ਮੁਕੇਸ਼ ਚੰਦਰ, ਵੀਰ ਸਿੰਘ ਬਡਵਾ, ਸਤਨਾਮ ਸਿੰਘ ਸਾਹਨੀ, ਪ੍ਰਸ਼ੋਤਮ ਸਿੰਘ ਮਾਨਸਾ, ਜਸਵਿੰਦਰ ਸਿੰਘ ਲੌਂਗੋਵਾਲ, ਬਲਜਿੰਦਰ ਸਿੰਘ ਭਾਗੋਮਾਜਰਾ, ਰਾਮ ਚੰਦਰ, ਰਘਬੀਰ ਸਿੰਘ, ਸੱਜਣ ਸਿੰਘ ਅਤੇ ਹੋਰ ਕਈ ਆਗੂ ਮੌਜੂਦ ਸਨ।
ਇਸੇ ਦੌਰਾਨ ਧਰਨਾ ਪ੍ਰਦਰਸ਼ਨ ਦੌਰਾਨ ਮੁਹਾਲੀ ਪ੍ਰਸ਼ਾਸਨ ਵੱਲੋਂ ਡੀਐਸਪੀ ਹਰਸਿਮਰਨ ਸਿੰਘ ਬੱਲ ਅਤੇ ਐਸਡੀਐਮ ਰਵਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਦੇ ਮੋਹਰੀ ਆਗੂਆਂ ਦੀ ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਕਰਵਾਈ ਅਤੇ ਮੰਤਰੀ ਨੇ ਕਿਸਾਨਾਂ ਨੂੰ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਅੱਜ ਸ਼ਾਮ ਤੱਕ ਮੁੱਖ ਮੰਤਰੀ ਨਾਲ ਮਿਲਣ ਦੀ ਕੋਸ਼ਿਸ਼ ਕਰਨਗੇ ਅਤੇ ਭਲਕੇ ਬੁੱਧਵਾਰ ਨੂੰ ਸਵੇਰੇ 10 ਵਜੇ ਜਾਂ ਅਗਲੇ ਦਿਨਾਂ ਵਿੱਚ ਜਲਦੀ ਮੀਟਿੰਗ ਕਰਵਾਈ ਜਾਵੇਗੀ। ਇਸ ਤੋਂ ਬਾਅਦ ਕਿਸਾਨਾਂ ਨੇ ਸ਼ਾਮ ਨੂੰ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ।

ਕਿਸਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਦੀ 3 ਜੁਲਾਈ ਨੂੰ ਲੁਧਿਆਣਾ ਵਿੱਚ ਅਹਿਮ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਖੇਤੀਬਾੜੀ ਮੰਤਰੀ ਨੇ ਭਗਵੰਤ ਮਾਨ ਨਾਲ ਮੀਟਿੰਗ ਕਰਵਾਉਣ ਦਾ ਵਾਅਦਾ ਨਹੀਂ ਨਿਭਾਇਆ ਤਾਂ ਇਸ ਮੀਟਿੰਗ ਵਿੱਚ ਅਗਲੇ ਸੰਘਰਸ਼ ਦੀ ਰਣਨੀਤੀ ਉਲੀਕੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਐਸਟੀਐਫ਼ ਵੱਲੋਂ 55 ਗਰਾਮ ਹੈਰੋਇਨ ਸਣੇ ਭਗੌੜਾ ਮੁਲਜ਼ਮ ਕਾਬੂ, 8 ਲੱਖ ਡਰੱਗ ਮਨੀ ਬਰਾਮਦ

ਐਸਟੀਐਫ਼ ਵੱਲੋਂ 55 ਗਰਾਮ ਹੈਰੋਇਨ ਸਣੇ ਭਗੌੜਾ ਮੁਲਜ਼ਮ ਕਾਬੂ, 8 ਲੱਖ ਡਰੱਗ ਮਨੀ ਬਰਾਮਦ ਨਬਜ਼-ਏ-ਪੰਜਾਬ, ਮੁਹਾਲੀ…