ਮੁਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਸਫ਼ਾਈ ਤੇ ਹੋਰਨਾਂ ਮੁੱਦਿਆਂ ’ਤੇ ਤਿੱਖੀ ਬਹਿਸ, ਮੇਅਰ ਤੇ ਕੌਂਸਲਰ ਮੇਹਣੋ ਮੇਹਣੀ

ਨਿਗਮ ਦਫ਼ਤਰ ਵਿੱਚ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਮਾਣ ਸਨਮਾਨ ਬਹਾਲ ਕਰਾਂਗੇ: ਮੇਅਰ ਜੀਤੀ ਸਿੱਧੂ

ਕੌਂਸਲਰ ਦੀ ਗੱਲ ਨਾ ਸੁਣਨ ਤੇ ਲੇਟਤਲੀਫ਼ੀ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਲਈ ਸਰਕਾਰ ਨੂੰ ਲਿਖਿਆ ਜਾਵੇਗਾ

ਨਬਜ਼-ਏ-ਪੰਜਾਬ, ਮੁਹਾਲੀ, 22 ਅਗਸਤ:
ਮੁਹਾਲੀ ਨਗਰ ਨਿਗਮ ਦੀ ਅੱਜ ਕਰੀਬ ਸਾਢੇ ਪੰਜ ਮਹੀਨੇ ਬਾਅਦ ਮੀਟਿੰਗ ਵਿੱਚ ਸ਼ਹਿਰ ਦੀ ਬਦਤਰ ਸਫ਼ਾਈ ਵਿਵਸਥਾ ਅਤੇ ਹੋਰਨਾਂ ਮੱੁਦਿਆਂ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਕਈ ਕੌਂਸਲਰ ਮੇਹਣੋ ਮੇਹਣੀ ਹੋਏ ਅਤੇ ਇੱਕ ਦੂਜੇ ’ਤੇ ਦੂਸ਼ਣਬਾਜ਼ੀ ਕੀਤੀ। ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਨੇ ਨਿਗਮ ਅਧਿਕਾਰੀਆਂ ’ਤੇ ਉਨ੍ਹਾਂ ਦੀ ਗੱਲ ਨਾ ਸੁਣਨ ਦਾ ਦੋਸ਼ ਲਾਇਆ। ‘ਆਪ’ ਦੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਮੀਟਿੰਗ ਲੇਟ ਹੋਣ ਕਾਰਨ ਸ਼ਹਿਰ ਦੇ ਵਿਕਾਸ ਦਾ ਵਿਕਾਸ ਪ੍ਰਭਾਵਿਤ ਹੋਣ ਦੀ ਗੱਲ ਕਹੀ। ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਾਏ। ਅਕਾਲੀ ਦਲ ਦੀ ਕੌਂਸਲਰ ਹਰਜਿੰਦਰ ਕੌਰ ਬੈਦਵਾਨ ਨੇ ਮੁਹਾਲੀ ਨਿਗਮ ਅਧੀਨ ਆਉਂਦੇ ਪਿੰਡਾਂ ਲਈ ਵੱਖਰੇ ਬਿਲਡਿੰਗ ਬਾਇਲਾਜ ਬਣਾਉਣ ਅਤੇ ਜੱਦੀ ਪੁਸ਼ਤੀ ਜਾਇਦਾਦ ’ਤੇ ਪ੍ਰਾਪਰਟੀ ਟੈਕਸ ਖ਼ਤਮ ਕਰਨ ਦੀ ਮੰਗ ਕੀਤੀ।
ਮੇਅਰ ਜੀਤੀ ਸਿੱਧੂ ਨੇ ਹਾਊਸ ਨੂੰ ਭਰੋਸਾ ਦਿੱਤਾ ਕਿ ਨਿਗਮ ਦਫ਼ਤਰ ਵਿੱਚ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਹਰ ਕੀਮਤ ’ਤੇ ਮਾਣ ਸਨਮਾਨ ਬਹਾਲ ਕੀਤਾ ਜਾਵੇਗਾ ਅਤੇ ਕੌਂਸਲਰਾਂ ਦੀ ਗੱਲ ਨਾ ਸੁਣਨ, ਫੋਨ ਨਾ ਚੁੱਕਣ ਅਤੇ ਵਿਕਾਸ ਕੰਮਾਂ ਅਤੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਲੇਟ-ਲਤੀਫ਼ੀ ਵਾਲੇ ਅਧਿਕਾਰੀਆਂ ਅਤੇ ਹੋਰ ਸਬੰਧਤ ਅਮਲੇ ਖ਼ਿਲਾਫ਼ ਬਣਦੀ ਕਾਰਵਾਈ ਪੰਜਾਬ ਸਰਕਾਰ ਨੂੰ ਲਿਖਿਆ ਜਾਵੇਗਾ। ਸਾਢੇ ਪੰਜ ਮਹੀਨੇ ਬਾਅਦ ਮੀਟਿੰਗ ਕਰਨ ਬਾਰੇ ਮੇਅਰ ਨੇ ਕਿਹਾ ਕਿ ਮਾਰਚ ਮਹੀਨੇ ਵਿੱਚ ਹੋਈ ਬਜਟ ਮੀਟਿੰਗ ਤੋਂ ਬਾਅਦ ਚੋਣ ਜ਼ਾਬਤਾ ਲੱਗ ਗਿਆ ਸੀ। ਚੋਣਾਂ ਤੋਂ ਬਾਅਦ ਉਨ੍ਹਾਂ ਨੂੰ ਵਿਦੇਸ਼ ਜਾਣ ਪੈ ਗਿਆ। ਇਸ ਕਰਕੇ ਮੀਟਿੰਗ ਨਹੀਂ ਹੋ ਸਕੀ। ਉਂਜ ਉਨ੍ਹਾਂ ਵਿਰੋਧੀ ਧਿਰ ਦੇ ਕੌਂਸਲਰਾਂ ਬਾਰੇ ਕਿਹਾ ਕਿ ਉਨ੍ਹਾਂ ਨੂੰ ਸ਼ਹਿਰ ਦੇ ਵਿਕਾਸ ਨਾਲ ਕੋਈ ਸਰੋਕਾਰ ਨਹੀਂ ਹੈ, ਉਹ ਸਿਰਫ਼ ਮੀਡੀਆ ਲਈ ਫੋਟੋ ਖਿਚਵਾਉਣ ਤੱਕ ਸੀਮਤ ਹਨ।
ਸ਼ਹਿਰ ਵਿੱਚ ਇਸ਼ਤਿਹਾਰਬਾਜ਼ੀ ਦੀਆਂ ਸਾਈਟਾਂ ਦੇ 5 ਵਾਰ ਟੈਂਡਰ ਜਾਰੀ ਕੀਤੇ ਜਾਣ ਦੇ ਬਾਵਜੂਦ ਕਿਸੇ ਕੰਪਨੀ ਵੱਲੋਂ ਟੈਂਡਰ ਪ੍ਰਕਿਰਿਆ ਵਿੱਚ ਭਾਗ ਨਾ ਲੈਣ ਸਬੰਧੀ ਮਤੇ ’ਤੇ ਬਹਿਸ ਕਰਦਿਆਂ ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਅਧਿਕਾਰੀਆਂ ’ਤੇ ਇਸ ਕੰਮ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦਿਆਂ ਪੂਰੇ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਉਣ ਦੀ ਮੰਗ ਕੀਤੀ। ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਨਿਗਮ ਅਧਿਕਾਰੀ ਇਸ਼ਤਿਹਾਰਬਾਜ਼ੀ ਦਾ ਠੇਕਾ ਹੀ ਦੇਣਾ ਨਹੀਂ ਚਾਹੁੰਦੇ ਅਤੇ ਉਹ ਬਾਹਰੋਂ ਬਾਹਰ ਇਸ਼ਤਿਹਾਰ ਲਗਵਾ ਕੇ ਆਪਣੀਆਂ ਜੇਬਾਂ ਭਰਨ ਤੱਕ ਸੀਮਤ ਹਨ। ਇਸ ਤਰ੍ਹਾਂ ਨੇ ਹਾਊਸ ਨੇ ਇਸ਼ਤਿਹਾਰਬਾਜ਼ੀ ਦਾ ਨਵੇਂ ਸਿਰਿਓਂ ਟੈਂਡਰ ਜਾਰੀ ਕਰਨ ਅਤੇ ਇਸ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਉਣ ਦਾ ਮਤਾ ਪਾਸ ਕੀਤਾ ਗਿਆ। ਹਰਜੀਤ ਸਿੰਘ ਭੋਲੂ ਨੇ ਸੋਹਾਣਾ ਪਿੰਡ ਦੀ ਬਦਤਰ ਸਫ਼ਾਈ ਵਿਵਸਥਾ ਦਾ ਮੁੱਦਾ ਚੁੱਕਦਿਆਂ ਇਸ ਪਾਸੇ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ।
ਕੌਂਸਲਰ ਵਿਨੀਤ ਮਲਿਕ ਨੇ ਸੁਸਾਇਟੀਆਂ ਦੇ ਕੂੜੇ ਦੇ ਪ੍ਰਬੰਧਨ ਦਾ ਮੁੱਦਾ ਚੁੱਕਦਿਆਂ ਮੰਗ ਕੀਤੀ ਕਿ ਨਿਗਮ ਵੱਲੋਂ ਸੁਸਾਇਟੀਆਂ ਦਾ ਕੂੜਾ ਪਹਿਲਾਂ ਵਾਂਗ ਹੀ ਚੁਕਵਾਇਆ ਜਾਵੇ। ਹਾਊਸਿੰਗ ਸੁਸਾਇਟੀਆਂ ਵਿੱਚ 30 ਹਜ਼ਾਰ ਤੋਂ ਵੱਧ ਲੋਕ ਰਹਿੰਦੇ ਹਨ, ਉਨ੍ਹਾਂ ਨਾਲ ਪੱਖਪਾਤ ਨਹੀਂ ਹੋਣਾ ਚਾਹੀਦਾ। ਕੌਂਸਲਰਾਂ ਨੇ ਮਾਰਕੀਟਾਂ ਦੇ ਪਿਛਲੇ ਸੀਵਰੇਜ ਦਾ ਗੰਦਾ ਪਾਣੀ ਓਵਰਫਲੋ ਹੋਣ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਇਸ ਨਾਲ ਸ਼ਹਿਰ ਵਿੱਚ ਗੰਦਗੀ ਅਤੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਸ਼ਹਿਰ ਵਿੱਚ ਜਨਤਕ ਪਖਾਨਿਆਂ ਦੇ ਰੱਖ-ਰਖਾਓ ਦਾ ਕੰਮ ਐਨਜੀਓ ਨੂੰ ਦੇਣ ਦਾ ਮਤਾ ਵੀ ਪਾਸ ਕੀਤਾ ਗਿਆ। ਕੌਂਸਲਰ ਰੁਪਿੰਦਰ ਕੌਰ ਰੀਨਾ, ਜਸਪ੍ਰੀਤ ਕੌਰ ਅਤੇ ਬਲਜੀਤ ਕੌਰ ਨੇ ਵੀ ਆਪੋ ਆਪਣੇ ਵਾਰਡਾਂ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕੀਤੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…