nabaz-e-punjab.com

ਬਰਖ਼ਾਸਤ ਏਆਈਜੀ ਸਿੱਧੂ ਤੇ ਪੱਤਰਕਾਰ ਰਜਿੰਦਰ ਤੱਗੜ ਦਾ ਚਾਰ ਰੋਜ਼ਾ ਪੁਲੀਸ ਰਿਮਾਂਡ

ਨਬਜ਼-ਏ-ਪੰਜਾਬ, ਮੁਹਾਲੀ, 29 ਅਪਰੈਲ:
ਪੰਜਾਬ ਪੁਲੀਸ ਦੇ ਬਰਖ਼ਾਸਤ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਅਤੇ ਇਸ ਮਾਮਲੇ ਵਿੱਚ ਨਾਮਜ਼ਦ ਸੀਨੀਅਰ ਪੱਤਰਕਾਰ ਰਜਿੰਦਰ ਤੱਗੜ ਨੂੰ ਅੱਜ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਏਆਈਜੀ ਅਤੇ ਪੱਤਰਕਾਰ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਬਰਖ਼ਾਸਤ ਏਆਈਜੀ ’ਤੇ ਜਾਅਲੀ ਐਸਸੀ ਸਰਟੀਫਿਕੇਟ ਮਾਮਲੇ ਵਿੱਚ ਲੋਕਾਂ ਨੂੰ ਪੈਸੇ ਦੇ ਕੇ ਧਰਨਾ ਲਗਾਉਣ ਦਾ ਦੋਸ਼ ਹੈ। ਇਸ ਸਬੰਧੀ ਸਿੱਧੂ ਖ਼ਿਲਾਫ਼ ਫੇਜ਼-1 ਥਾਣੇ ਵਿੱਚ ਵੱਖਰਾ ਪਰਚਾ ਦਰਜ ਕੀਤਾ ਗਿਆ ਹੈ। ਜਦੋਂਕਿ ਪੱਤਰਕਾਰ ਤੱਗੜ ਨੂੰ ਸਹਿ ਮੁਲਜ਼ਮ ਬਣਾਇਆ ਗਿਆ ਹੈ। ਸਿੱਧੂ ਨੂੰ ਜੇਲ੍ਹ ’ਚੋਂ ਪ੍ਰੋਡਕਸ਼ਨ ਵਰੰਟ ’ਤੇ ਪੁੱਛਗਿੱਛ ਲਈ ਲਿਆਂਦਾ ਗਿਆ ਹੈ।
ਉਧਰ, ਏਆਈਜੀ ਸਿੱਧੂ ਵੱਲੋਂ ਸੀਨੀਅਰ ਵਕੀਲ ਬਿਕਰਮ ਸਿੰਘ ਆਹਲੂਵਾਲੀਆ, ਪੱਤਰਕਾਰ ਤੱਗੜ ਵੱਲੋਂ ਐਚਐਸ ਧਨੋਆ ਅਤੇ ਦਰਸ਼ਨ ਸਿੰਘ ਧਾਲੀਵਾਲ ਪੇਸ਼ ਹੋਏ ਅਤੇ ਬਚਾਅ ਪੱਖ ਦੇ ਵਕੀਲਾਂ ਨੇ ਏਆਈਜੀ ਸਿੱਧੂ ਅਤੇ ਪੱਤਰਕਾਰ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਗੱਲ ਕਹੀ। ਵਕੀਲ ਧਨੋਆ ਅਤੇ ਧਾਲੀਵਾਲ ਨੇ ਕਿਹਾ ਕਿ ਤੱਗੜ ਪੇਸ਼ੇ ਵਜੋਂ ਪੱਤਰਕਾਰ ਹੈ, ਜੋ ਧਰਨੇ ਦੀ ਕਵਰੇਜ ਕਰਨ ਉੱਥੇ ਗਿਆ ਸੀ। ਜਿਸ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕਰ ਲਿਆ ਗਿਆ ਹੈ, ਜੋ ਸਰਾਸਰ ਗਲਤ ਹੈ। ਸਰਕਾਰੀ ਵਕੀਲ ਨੇ ਮੁਲਜ਼ਮਾਂ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਪੱਤਰਕਾਰ ਤੱਗੜ ਦੇ ਮੁਹਾਲੀ ਵਿਚਲੇ ਘਰ ਅਤੇ ਸਟੂਡੀਓ ਦੀ ਸਰਚ ਕਰਨੀ ਹੈ ਅਤੇ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਣੀ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਰਖ਼ਾਸਤ ਏਆਈਜੀ ਮਾਲਵਿੰਦਰ ਸਿੱਧੂ ਅਤੇ ਪੱਤਰਕਾਰ ਤੱਗੜ ਨੂੰ ਮੁੜ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਉਧਰ, ਬਚਾਅ ਪੱਖ ਦੇ ਵਕੀਲਾਂ ਦਾ ਕਹਿਣਾ ਸੀ ਕਿ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਅਤੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਦਲਿਤ ਸੰਗਠਨਾਂ ਵੱਲੋਂ ਲੜੀਵਾਰ ਧਰਨਾ ਦਿੱਤਾ ਗਿਆ ਸੀ ਅਤੇ ਪੰਜਾਬ ਦੇ ਇੱਕ ਕੈਬਨਿਟ ਮੰਤਰੀ ਨੇ ਧਰਨੇ ਵਿੱਚ ਪਹੁੰਚ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਦਾ ਭਰੋਸਾ ਦੇ ਕੇ ਧਰਨਾ ਖ਼ਤਮ ਕਰਵਾਇਆ ਸੀ। ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਖ਼ੁਦ ਇਹ ਬਿਆਨ ਦਿੱਤਾ ਸੀ ਕਿ ਜਾਅਲੀ ਸਰਟੀਫਿਕੇਟ ਮਾਮਲੇ ਵਿੱਚ ਕਿਸੇ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਲੇਕਿਨ ਜਦੋਂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ ਤਾਂ ਮੌਜੂਦਾ ਸਮੇਂ ਵਿੱਚ ਵੀ ਮੁਹਾਲੀ ਵਿੱਚ ਉਕਤ ਮਾਮਲੇ ਨੂੰ ਲੈ ਕੇ ਦਲਿਤ ਸੰਗਠਨਾਂ ਦਾ ਲੜੀਵਾਰ ਧਰਨਾ ਚੱਲ ਰਿਹਾ ਹੈ। ਵਕੀਲਾਂ ਨੇ ਕਿਹਾ ਕਿ ਪੱਤਰਕਾਰ ਤੱਗੜ ਪਿਛਲੇ ਕੁੱਝ ਸਮੇਂ ਤੋਂ ਲਗਾਤਾਰ ਸੂਬਾ ਸਰਕਾਰ ਅਤੇ ਪੁਲੀਸ ਤੰਤਰ ਦੀਆਂ ਵਧੀਕੀਆਂ ਖ਼ਿਲਾਫ਼ ਆਪਣੇ ਸੋਸ਼ਲ ਮੀਡੀਆ ਨਿਊਜ਼ ਨੈੱਟਵਰਕ ’ਤੇ ਖ਼ਬਰਾਂ ਪ੍ਰਕਾਸ਼ਿਤ ਕਰ ਰਿਹਾ ਸੀ। ਜਿਸ ਕਾਰਨ ਉਹ ਹੁਕਮਰਾਨਾਂ ਅਤੇ ਪੁਲੀਸ ਅਫ਼ਸਰਾਂ ਦੀਆਂ ਅੱਖਾਂ ਵਿੱਚ ਚੁਬ ਰਿਹਾ ਸੀ। ਜਿਸ ਕਾਰਨ ਬਦਲਾਖੋਰੀ ਦੀ ਭਾਵਨਾ ਤਹਿਤ ਉਸ ਦੇ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਪਹਿਲੇ ਮੁੱਖ ਗ੍ਰੰਥੀ ਗਿਆਨੀ ਬਲਵੰਤ ਸਿੰਘ ਦੀ 39ਵੀਂ ਬਰਸੀ ਸ਼ਰਧਾ ਨਾਲ ਮਨਾਈ

ਪਹਿਲੇ ਮੁੱਖ ਗ੍ਰੰਥੀ ਗਿਆਨੀ ਬਲਵੰਤ ਸਿੰਘ ਦੀ 39ਵੀਂ ਬਰਸੀ ਸ਼ਰਧਾ ਨਾਲ ਮਨਾਈ ਨਬਜ਼-ਏ-ਪੰਜਾਬ, ਮੁਹਾਲੀ, 15 ਮਈ:…