ਸਾਬਕਾ ਏਆਈਜੀ ਸਰਬਜੀਤ ਪੰਧੇਰ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਭਰੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਫਰਵਰੀ:
ਪੰਜਾਬ ਪੁਲੀਸ ਦੇ ਸੇਵਾਮੁਕਤ ਏਆਈਜੀ ਅਤੇ ਆਪ ਆਗੂ ਸਰਬਜੀਤ ਸਿੰਘ ਪੰਧੇਰ ਨੇ ਅੱਜ ਮੁਹਾਲੀ ਨਗਰ ਨਿਗਮ ਚੋਣਾਂ ਲਈ ਰਿਟਰਨਿੰਗ ਅਫ਼ਸਰ ਜਗਦੀਪ ਸਹਿਗਲ ਕੋਲ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਉਹ ਇੱਥੋਂ ਦੇ ਵਾਰਡ ਨੰਬਰ-14 ਤੋਂ ਬਤੌਰ ਆਜ਼ਾਦ ਉਮੀਦਵਾਰ ਵਜੋਂ ਨਗਰ ਨਿਗਮ ਦੀ ਚੋਣ ਲੜ ਰਹੇ ਹਨ। ਹਾਲਾਂਕਿ ਆਮ ਆਦਮੀ ਪਾਰਟੀ ਨੇ ਨਿਗਮ ਚੋਣਾਂ ਸਬੰਧੀ ਸਾਬਕਾ ਮੇਅਰ ਕੁਲਵੰਤ ਸਿੰਘ ਦੇ ਆਜ਼ਾਦ ਗਰੁੱਪ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ ਪ੍ਰੰਤੂ ਸ੍ਰੀ ਪੰਧੇਰ ਇਸ ਫੈਸਲੇ ਦੇ ਉਲਟ ਆਪਣੇ ਬਲਬੂਤੇ ਚੋਣ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਆਜ਼ਾਦ ਗਰੁੱਪ ਨਾਲ ਚੋਣ ਸਮਝੌਤੇ ਤੋਂ ਜ਼ਿਲ੍ਹਾ ਲੀਡਰਸ਼ਿਪ ਅਤੇ ਸਰਗਰਮ ਵਲੰਟੀਅਰ ਸਖ਼ਤ ਨਾਰਾਜ਼ ਹਨ। ਸ੍ਰੀ ਪੰਧੇਰ ਨੇ ਕਿਹਾ ਕਿ ਨਗਰ ਨਿਗਮ ਦੀ ਚੋਣ ਜਿੱਤਣ ਤੋਂ ਬਾਅਦ ਵਾਰਡ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ।