ਕੋਵਿਡ-19 ਦੀ ਚੌਥੀ ਲਹਿਰ ਦਾ ਖ਼ਦਸ਼ਾ: ਮਹਾਮਾਰੀ ਤੋਂ ਬਚਾਅ ਲਈ ਮਾਸਕ ਪਾਇਆ ਜਾਵੇ: ਸਿਵਲ ਸਰਜਨ

ਸਿਵਲ ਸਰਜਨ ਨੇ ਗ਼ੈਰ-ਜ਼ਰੂਰੀ ਸਫ਼ਰ ਤੇ ਭੀੜ ਵਿੱਚ ਜਾਣ ਤੋਂ ਬਚਣ ਦੀ ਕੀਤੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ:
ਕੋਵਿਡ-19 ਮਹਾਮਾਰੀ ਦੀ ਚੌਥੀ ਲਹਿਰ ਦੇ ਖ਼ਦਸ਼ੇ ਨੂੰ ਦੇਖਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਇਕ ਵਾਰ ਫਿਰ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਮਾਰੂ ਬੀਮਾਰੀ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ। ਉਨ੍ਹਾਂ ਕਿਹਾ ਕਿ ਭਾਵੇਂ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੁਆਰਾ ਇਸ ਮਾਰੂ ਬੀਮਾਰੀ ਨੂੰ ਕਾਫ਼ੀ ਹੱਦ ਤਕ ਕਾਬੂ ਕਰ ਲਿਆ ਗਿਆ ਹੈ ਪਰ ਇਸ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਨੂੰ ਵੀ ਅਪਣੀ ਜ਼ਿੰਮੇਵਾਰੀ ਸਮਝਦਿਆਂ ਮਾਸਕ ਪਾਉਣ, ਇਕ ਦੂਜੇ ਤੋਂ ਦੋ ਗਜ਼ ਦੀ ਸਮਾਜਕ ਦੂਰੀ ਰੱਖਣ ਅਤੇ ਵਾਰ-ਵਾਰ ਹੱਥ ਧੋਣ ਜਿਹੇ ਬੁਨਿਆਦੀ ਪ੍ਰੋਟੋਕਾਲ ਦੀ ਪਾਲਣਾ ਕਰਨੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਬੀਤੇ ਦਿਨੀਂ ਲੋਕਾਂ ਨੂੰ ਸਲਾਹ ਦਿੱਤੀ ਸੀ ਕਿ ਕਿ ਭੀੜ ਵਾਲੀਆਂ ਥਾਵਾਂ, ਜਨਤਕ ਬੱਸਾਂ, ਟੈਕਸੀਆਂ, ਸਿਨੇਮਾ ਹਾਲ, ਖ਼ਰੀਦਦਾਰੀ ਕੇਂਦਰਾਂ, ਦੁਕਾਨਾਂ ਆਦਿ ‘ਤੇ ਜਾਣ ਸਮੇਂ ਮਾਸਕ ਪਾਇਆ ਜਾਵੇ।
ਸਿਵਲ ਸਰਜਨ ਨੇ ਕਿਹਾ ਕਿ ਕੋਵਿਡ-19 ਤੋਂ ਬਚਾਅ ਲਈ ਉਕਤ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਸਾਰੇ ਲਾਭਪਾਤਰੀਆਂ ਜਿਨ੍ਹਾਂ ਵਿੱਚ 12 ਸਾਲ ਤੋਂ ਉਪਰਲਾ ਹਰ ਵਿਅਕਤੀ ਸ਼ਾਮਲ ਹੈ, ਨੂੰ ਮੁਕੰਮਲ ਟੀਕਾਕਰਨ ਕਰਵਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੋਵਿਡ ਪਾਬੰਦੀਆਂ ਹਟਾਏ ਜਾਣ ਦਾ ਮਤਲਬ ਇਹ ਨਾ ਸਮਝਿਆ ਜਾਵੇ ਕਿ ਇਹ ਬੀਮਾਰੀ ਹਮੇਸ਼ਾ ਲਈ ਖ਼ਤਮ ਹੋ ਗਈ ਹੈ ਕਿਉਂਕਿ ਵਿਸ਼ਵ ਸਿਹਤ ਸੰਸਥਾ ਨੇ ਇਸ ਬੀਮਾਰੀ ਦੇ ਖ਼ਾਤਮੇ ਦਾ ਹਾਲੇ ਕੋਈ ਐਲਾਨ ਨਹੀਂ ਕੀਤਾ।
ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਟੀਕਾਕਰਨ ਅਤੇ ਕੋਵਿਡ ਸੈਂਪਲਿੰਗ ਦਾ ਕੰਮ ਪਹਿਲਾਂ ਵਾਂਗ ਜਾਰੀ ਹੈ। ਸਿਵਲ ਸਰਜਨ ਨੇ ਦੁਹਰਾਇਆ ਕਿ ਇਸ ਬੀਮਾਰੀ ਤੋਂ ਬਚਾਅ ਵਾਸਤੇ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ। ਜਿਹੜੇ ਲੋਕਾਂ ਨੇ ਹਾਲੇ ਤਕ ਵੀ ਕੋਵਿਡ ਤੋਂ ਬਚਾਅ ਲਈ ਕੋਈ ਵੀ ਟੀਕਾ ਨਹੀਂ ਲਗਵਾਇਆ ਜਾਂ ਜਿਨ੍ਹਾਂ ਨੇ ਦੂਜਾ ਟੀਕਾ ਨਹੀਂ ਲਗਵਾਇਆ, ਉਹ ਤੁਰੰਤ ਟੀਕਾਕਰਨ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੋਵਿਡ ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਟੀਕਾਕਰਨ ਮਗਰੋਂ ਵੀ ਕਿਸੇ ਕਾਰਨ ਕੋਵਿਡ ਦੀ ਲਾਗ ਲੱਗ ਜਾਂਦੀ ਹੈ ਤਾਂ ਟੀਕਾਕਰਨ ਕਰਵਾ ਚੁੱਕੇ ਵਿਅਕਤੀ ਨੂੰ ਹਸਪਤਾਲ ਵਿੱਚ ਦਾਖ਼ਲ ਹੋਣ ਜਾਂ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ।
ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਕਿ ਬਹੁਤ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ। ਗ਼ੈਰ-ਜ਼ਰੂਰੀ ਸਫ਼ਰ ਅਤੇ ਭੀੜ ਵਿੱਚ ਜਾਣ ਤੋਂ ਬਚਿਆ ਜਾਵੇ। ਇਸ ਤੋਂ ਇਲਾਵਾ, ਜੇ ਲਗਾਤਾਰ ਖੰਘ, ਜ਼ੁਕਾਮ, ਬੁਖ਼ਾਰ ਆਦਿ ਜਿਹੀ ਤਕਲੀਫ਼ ਹੋਵੇ ਤਾਂ ਸਰਕਾਰੀ ਸਿਹਤ ਸੰਸਥਾ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ ਅਤੇ ਕੋਵਿਡ ਟੈਸਟ ਕਰਵਾਇਆ ਜਾਵੇ। ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰਕੇ ਵੀ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ।

Load More Related Articles
Load More By Nabaz-e-Punjab
Load More In General News

Check Also

ਪਹਿਲੇ ਮੁੱਖ ਗ੍ਰੰਥੀ ਗਿਆਨੀ ਬਲਵੰਤ ਸਿੰਘ ਦੀ 39ਵੀਂ ਬਰਸੀ ਸ਼ਰਧਾ ਨਾਲ ਮਨਾਈ

ਪਹਿਲੇ ਮੁੱਖ ਗ੍ਰੰਥੀ ਗਿਆਨੀ ਬਲਵੰਤ ਸਿੰਘ ਦੀ 39ਵੀਂ ਬਰਸੀ ਸ਼ਰਧਾ ਨਾਲ ਮਨਾਈ ਨਬਜ਼-ਏ-ਪੰਜਾਬ, ਮੁਹਾਲੀ, 15 ਮਈ:…