ਗਰੀਬਾਂ ’ਤੇ ਕਹਿਰ: ਮੁਹਾਲੀ ਨਗਰ ਨਿਗਮ ਵਿੱਚ ਕੰਮ ਕਰਦੇ 170 ਠੇਕਾ ਮੁਲਾਜ਼ਮਾਂ ਦੀ ਛੁੱਟੀ

170 ਆਊਟਸੋਰਸਿਸ ਕਾਮਿਆਂ ਨੂੰ ਬਿਨਾਂ ਕਾਰਨ ਦੱਸੇ ਨੌਕਰੀ ਤੋਂ ਹਟਾਉਣਾ ਬਿਲਕੁਲ ਗਲਤ: ਮੇਅਰ ਜੀਤੀ ਸਿੱਧੂ

ਮੇਅਰ ਜੀਤੀ ਸਿੱਧੂ ਨੇ ‘ਆਪ’ ਸਰਕਾਰ ਦੇ ਘਰ-ਘਰ ਰੁਜ਼ਗਾਰ ਦੇਣ ਦੇ ਵੱਡੇ ਵਾਅਦਿਆਂ ’ਤੇ ਚੁੱਕੇ ਸਵਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਪਰੈਲ:
ਮੁਹਾਲੀ ਨਗਰ ਨਿਗਮ ਵਿੱਚ ਆਊਟਸੋਰਸਿੰਗ ਏਜੰਸੀ ਰਾਹੀਂ ਠੇਕੇ ’ਤੇ ਕੰਮ ਕਰ ਰਹੇ ਲਗਪਗ 170 ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। ਪੀੜਤ ਕਰਮਚਾਰੀਆਂ ਨੇ ਅੱਜ ਨਗਰ ਨਿਗਮ ਦੇ ਬਾਹਰ ਧਰਨਾ ਦਿੱਤਾ ਅਤੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਗਰੀਬ ਪਰਿਵਾਰਾਂ ਨਾਲ ਸਬੰਧਤ ਇਨ੍ਹਾਂ ਠੇਕਾ ਮੁਲਾਜ਼ਮਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਉਨ੍ਹਾਂ ਦਾ ਰੁਜ਼ਗਾਰ ਨਾ ਖੋਹਿਆ ਜਾਵੇ। ਨੌਕਰੀ ਤੋਂ ਫਾਰਗ ਕੀਤੇ ਕਰਮਚਾਰੀਆਂ ਵਿੱਚ ਦਰਜਾ ਚਾਰ, ਡਰਾਈਵਰ, ਫਾਇਰਮੈਨ ਅਤੇ ਹੋਰ ਕੈਟਾਗਰੀ ਦੇ ਮੁਲਾਜ਼ਮ ਸ਼ਾਮਲ ਹਨ। ਜਿਨ੍ਹਾਂ ਵਿੱਚ ਸ਼ਮਸ਼ਾਨਘਾਟ ਵਿੱਚ ਕੰਮ ਕਰਦੇ ਕਰਮਚਾਰੀ ਵੀ ਸ਼ਾਮਲ ਹਨ। ਇਨ੍ਹਾਂ ਕਰਮਚਾਰੀਆਂ ਦਾ ਬੀਤੀ 31 ਮਾਰਚ ਨੂੰ ਕੰਟਰੈਕਟ ਖ਼ਤਮ ਹੋ ਗਿਆ ਸੀ। ਜਿਨ੍ਹਾਂ ਨੂੰ ਬੀਤੇ ਕੱਲ੍ਹ ਫਾਰਗ ਕਰਨ ਦਾ ਫੁਰਮਾਨ ਜਾਰੀ ਕਰ ਦਿੱਤਾ ਗਿਆ।
ਉਧਰ, ਭਾਜਪਾ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਨੌਕਰੀ ਤੋਂ ਫਾਰਗ ਕੀਤੇ ਇਨ੍ਹਾਂ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਬਹਾਲ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਵੱਡੇ ਪੱਧਰ ’ਤੇ ਕਰਮਚਾਰੀਆਂ ਨੂੰ ਕੱਢਣ ਦੇ ਫ਼ੈਸਲੇ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਇਸ ਦਾ ਗਰੀਬ ਪਰਿਵਾਰਾਂ ’ਤੇ ਸਿੱਧਾ ਅਸਰ ਪਾਵੇਗਾ। ਮੇਅਰ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਇਹ ਫ਼ੈਸਲਾ ਲੈਣ ਤੋਂ ਪਹਿਲਾਂ ਉਨ੍ਹਾਂ ਸਮੇਤ ਹਾਊਸ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ। ਇਹੀ ਨਹੀਂ ਇਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਨੋਟਿਸ ਦਿੱਤੇ ਹੀ ਫਾਰਗ ਕਰ ਦੇਣਾ ਗਲਤ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਨਿੱਜੀ ਦਖ਼ਲ ਦੇ ਕੇ ਇਸ ਮਾਮਲੇ ਨੋਟਿਸ ਲੈਣ ਅਤੇ ਫਾਰਗ ਕੀਤੇ ਕਰਮਚਾਰੀਆਂ ਦੀਆਂ ਸੇਵਾਵਾਂ ਤੁਰੰਤ ਬਹਾਲ ਕੀਤੀਆਂ ਜਾਣ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁਕਦਿਆਂ ਕਿਹਾ ਕਿ ਨੌਜਵਾਨਾਂ ਨੂੰ ਘਰਘਰ ਰੁਜ਼ਗਾਰ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵਾਅਦੇ ਤੋਂ ਮੁੱਖ ਮੰਤਰੀ ਭਗਵੰਤ ਮਾਨ ਭੱਜਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਨਵੀਂ ਭਰਤੀ ਕਰਨ ਦੀ ਥਾਂ ਪਹਿਲਾਂ ਤੋਂ ਕੰਮ ਕਰਦੇ ਕਰਮਚਾਰੀਆਂ ਤੋਂ ਰੁਜ਼ਗਾਰ ਖੋਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਊਟਸੋਰਸਿਸ ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ ਕਰਨ ਨਾਲ ਜਿੱਥੇ ਨਗਰ ਨਿਗਮ ਦੇ ਦਫ਼ਤਰੀ ਕੰਮਕਾਜ ਪ੍ਰਭਾਵਿਤ ਹੋਵੇਗਾ, ਉੱਥੇ ਇਨ੍ਹਾਂ ਗਰੀਬ ਪਰਿਵਾਰਾਂ ਨੂੰ ਮਹਿੰਗਾਈ ਦੇ ਜ਼ਮਾਨੇ ਵਿੱਚ ਆਪਣੇ ਬੱਚਿਆਂ ਦਾ ਪਾਲਣਪੋਸ਼ਣ ਕਰਨ ਵਿੱਚ ਮੁਸ਼ਕਲ ਹੋਵੇਗੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਨਵਾਂ ਵਿੱਦਿਅਕ ਸੈਸ਼ਲ ਸ਼ੁਰੂ ਹੋ ਗਿਆ ਹੈ ਤਾਂ ਅਜਿਹੇ ਸਮੇਂ ਵਿੱਚ ਗਰੀਬ ਲੋਕਾਂ ਨੂੰ ਆਪਣੇ ਬੱਚੇ ਸਕੂਲਾਂ ਵਿੱਚ ਦਾਖ਼ਲ ਕਰਵਾਉਣ, ਕਿਤਾਬਾਂ ਅਤੇ ਵਰਦੀਆਂ ਖ਼ਰੀਦਣ ਸਮੇਤ ਘਰ ਦਾ ਰਾਸ਼ਨ ਲਿਆਉਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਪਣੇ ਫ਼ੈਸਲੇ ਮੁੜ ਗੌਰ ਕਰੇ।

Load More Related Articles
Load More By Nabaz-e-Punjab
Load More In General News

Check Also

ਡੀਜ਼ਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ’ਤੇ ਚੜੇ ਸਾਬਕਾ ਸਰਪੰਚ ਹੇਠਾਂ ਲਾਹਿਆ, ਕਾਰਵਾਈ ਦਾ ਭਰੋਸਾ

ਡੀਜ਼ਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ’ਤੇ ਚੜੇ ਸਾਬਕਾ ਸਰਪੰਚ ਹੇਠਾਂ ਲਾਹਿਆ, ਕਾਰਵਾਈ ਦਾ ਭਰੋਸਾ ਨਾਜਾਇਜ਼ ਕ…