ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰ ਵਚਨਬੱਧ: ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੁਹਾਲੀ ਦੇ ਸਰਕਾਰੀ ਸਕੂਲਾਂ ’ਚ ਦਾਖ਼ਲਾ ਮੁਹਿੰਮ ਦਾ ਆਗਾਜ਼

ਨਬਜ਼-ਏ-ਪੰਜਾਬ, ਮੁਹਾਲੀ, 12 ਫਰਵਰੀ:
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖ਼ਲਾ-ਦਰ ਵਧਾਉਣ ਲਈ ਸਿੱਖਿਆ ਵਿਭਾਗ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਾਖ਼ਲਾ ਮੁਹਿੰਮ ਸ਼ੁਰੂ ਕੀਤੀ ਗਈ। ਮੁਹਾਲੀ ਵਿੱਚ ਇਸ ਮੁਹਿੰਮ ਦਾ ਆਗਾਜ਼ ਅੱਜ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਫੇਜ਼-2 ਤੋਂ ਕੀਤਾ। ਉਨ੍ਹਾਂ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਲਈ ਦਾਖ਼ਲਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਕਿਸੇ ਵੀ ਗੱਲੋਂ ਪ੍ਰਾਈਵੇਟ ਕਾਨਵੈਂਟ ਸਕੂਲਾਂ ਤੋਂ ਘੱਟ ਨਹੀਂ ਹਨ। ਉਨ੍ਹਾਂ ਸਾਲਾਨਾ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਸਕੂਲੀ ਸਿੱਖਿਆ ’ਚ ਵਧੇਰੇ ਸੁਧਾਰ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਚੰਗੇ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਹੁਣ ਆਮ ਲੋਕ ਕਾਫ਼ੀ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇ ਰਹੇ ਹਨ। ਜਦੋਂਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਸਮੇਂ ਮਾਪਿਆਂ ਨੇ ਸਰਕਾਰੀ ਸਕੂਲਾਂ ਤੋਂ ਮੂੰਹ ਮੋੜ ਲਿਆ ਸੀ। ਲੇਕਿਨ ਹੁਣ ਦਿੱਲੀ ਤੋਂ ਬਾਅਦ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆਂਦੀ ਗਈ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਜ਼ਿਲ੍ਹਾ ਸਿੱਖਿਆ ਅਫ਼ਸਰ ਦਰਸ਼ਨਜੀਤ ਸਿੰਘ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ਵਿੱਚ 9 ਫਰਵਰੀ ਨੂੰ ਰਾਜ ਪੱਧਰੀ ਦਾਖ਼ਲਾ ਮੁਹਿੰਮ ਦਾ ਆਗਾਜ਼ ਕੀਤਾ ਗਿਆ ਸੀ ਅਤੇ ਅੱਜ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੁਹਾਲੀ ਵਿੱਚ ਦਾਖ਼ਲ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੇਸ਼ੱਕ ਉਨ੍ਹਾਂ ਨੂੰ ਪਿਛਲੇ ਸਾਲ ਨਾਲੋਂ 5 ਫੀਸਦੀ ਵੱਧ ਦਾਖ਼ਲਿਆਂ ਦਾ ਟੀਚਾ ਦਿੱਤਾ ਗਿਆ ਹੈ ਪਰ ਉਨ੍ਹਾਂ ਵੱਲੋਂ ਟੀਚੇ ਤੋਂ ਵੱਧ ਦਾਖ਼ਲੇ ਕੀਤੇ ਜਾਣਗੇ।

ਇਸ ਮੌਕੇ ਜਲ ਸਪਲਾਈ ਬੋਰਡ ਦੇ ਚੇਅਰਮੈਨ ਡਾ. ਸਨੀ ਆਹਲੂਵਾਲੀਆ, ਡਿਪਟੀ ਡੀਈਓ ਅੰਗਰੇਜ਼ ਸਿੰਘ, ਪਰਮਿੰਦਰ ਕੌਰ, ਸਕੂਲ ਮੁਖੀ ਸ੍ਰੀਮਤੀ ਰੇਨੂੰ ਤਿਵਾੜੀ, ਕੌਂਸਲਰ ਗੁਰਮੀਤ ਕੌਰ, ਸਾਬਕਾ ਕੌਂਸਲਰ ਆਰਪੀ ਸ਼ਰਮਾ, ‘ਆਪ’ ਵਲੰਟੀਅਰ ਹਰਬਿੰਦਰ ਸਿੰਘ ਸੈਣੀ, ਹਰਮੇਸ਼ ਸਿੰਘ ਕੁੰਭੜਾ, ਡਾ. ਕੁਲਦੀਪ ਸਿੰਘ ਅਤੇ ਸੁਖਵਿੰਦਰ ਸਿੰਘ ਗੋਗੀ ਸਮੇਤ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…