Nabaz-e-punjab.com

ਮੁਹਾਲੀ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਪਹਿਲੇ ਦਿਨ 630 ਮੀਟਰਿਕ ਟਨ ਕੀਤੀ ਖ਼ਰੀਦ

ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖ਼ਰੀਦਿਆਂ ਜਾਵੇਗਾ: ਡੀਸੀ

ਜ਼ਿਲ੍ਹਾ ਮੁਹਾਲੀ ਦੀਆਂ ਮੰਡੀਆਂ ਵਿੱਚ ਐਤਕੀਂ 1 ਲੱਖ 41 ਹਜ਼ਾਰ ਮੀਟਰਿਕ ਟਨ ਝੋਨਾ ਖਰੀਦਣ ਦਾ ਟੀਚਾ: ਰੇਨੂ ਬਾਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ:
ਜ਼ਿਲ੍ਹਾ ਐਸਏਐਸ ਨਗਰ (ਮੁਹਾਲੀ) ਦੀਆਂ ਅਨਾਜ ਮੰਡੀਆਂ ਵਿੱਚ ਆਖ਼ਰਕਾਰ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਬੀਤੀ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੀ ਹਦਾਇਤ ਕੀਤੀ ਗਈ ਸੀ ਲੇਕਿਨ ਆੜ੍ਹਤੀ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਚੱਲ ਰਹੇ ਸੀ। ਬੀਤੀ ਦਿਨੀਂ ਆੜ੍ਹਤੀਆਂ ਦੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਅੱਜ ਵੱਖ ਵੱਖ ਅਨਾਜ ਮੰਡੀਆਂ ਵਿੱਚ ਪੂਰੀ ਚਹਿਲ ਪਹਿਲ ਦੇਖਣ ਨੂੰ ਮਿਲੀ। ਹੁਣ ਤੱਕ ਜ਼ਿਲ੍ਹੇ ਦੀਆਂ 11 ਮੰਡੀਆਂ ਵਿੱਚ 2646 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 630 ਮੀਟਰਿਕ ਟਨ ਝੋਨੇ ਦੀ ਸਰਕਾਰੀ ਖ਼ਰੀਦ ਕੀਤੀ ਗਈ ਹੈ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ’ਤੇ ਸਮੁੱਚੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਝੋਨੇ ਦੀ ਸਰਕਾਰੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਜੀ ਫਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ 630 ਮੀਟਰਿਕ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜ਼ਿਲ੍ਹਾ ਮੰਡੀ ਅਫ਼ਸਰ ਅਤੇ ਸਮੂਹ ਸਰਕਾਰੀ ਖ਼ਰੀਦ ਏਜੰਸੀਆਂ ਅਤੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ ਕਿ ਉਹ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ।
ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ 11 ਮੰਡੀਆਂ ਵਿੱਚ 1 ਲੱਖ 41 ਹਜ਼ਾਰ ਮੀਟਰਿਕ ਟਨ ਝੋਨੇ ਦੀ ਸਰਕਾਰੀ ਖ਼ਰੀਦ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਝਗੜਾ ਨਿਪਟਾਊ ਕਮੇਟੀਆਂ ਗਠਿਤ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਕਮੇਟੀਆਂ ਵੱਲੋਂ ਕਿਸਾਨਾਂ ਦੀਆਂ ਕਣਕ ਸਬੰਧੀ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਐਤਕੀਂ ਪੰਜਾਬ ਐਗਰੋ ਨੂੰ ਛੱਡ ਕੇ ਬਾਕੀ ਸਰਕਾਰੀ ਖ਼ਰੀਦ ਏਜੰਸੀਆਂ, ਜਿਨ੍ਹਾਂ ਵਿੱਚ ਪਨਗਰੇਨ, ਮਾਰਕਫੈੱਡ, ਪਨਸਪ, ਵੇਅਰਹਾਊਸ, ਐਫ਼ਸੀਆਈ ਵੱਲੋਂ ਖ਼ਰੀਦ ਕੀਤੀ ਜਾਵੇਗੀ। ਸਰਕਾਰੀ ਖ਼ਰੀਦ ਏਜੰਸੀਆਂ ਨੂੰ ਝੋਨਾ ਖ਼ਰੀਦਣ ਸਬੰਧੀ ਮੰਡੀਆਂ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਛੁੱਟੀ ਵਾਲੇ ਦਿਨਾਂ ਵਿੱਚ ਵੀ ਝੋਨੇ ਦੀ ਖ਼ਰੀਦ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਖੱਜਲ ਖੁਆਰ ਨਾ ਹੋਣਾ ਪਵੇ।
ਇਸ ਮੌਕੇ ਜ਼ਿਲ੍ਹਾ ਫੂਡ-ਸਪਲਾਈ ਕੰਟਰੋਲਰ ਸ੍ਰੀਮਤੀ ਰੇਨੂ ਬਾਲਾ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸਮੇਤ ਢੋਆ-ਢੋਆਈ ਅਤੇ ਲਿਫ਼ਟਿੰਗ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਾਰਦਾਨੇ ਅਤੇ ਝੋਨੇ ਨੂੰ ਸਟੋਰ ਕਰਨ ਸਬੰਧੀ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਖ਼ਰੀਦ ਲਈ ਖੇਤਰੀ ਅਮਲੇ ਨੂੰ ਮੰਡੀਆਂ ਵਿੱਚ ਹਾਜ਼ਰ ਰਹਿਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਲਈ ਪ੍ਰੇਰਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਮੰਡੀਆਂ ਵਿੱਚ ਬਿਜਲੀ ਪਾਣੀ ਅਤੇ ਸਾਫ਼ ਸਫ਼ਾਈ ਅਤੇ ਛਾਂ ਸਬੰਧੀ ਵੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਦਾਊਂ ਮਾਜਰਾ ਮੰਡੀ ਵਿੱਚ 80 ਮੀਟਰਿਕ ਟਨ, ਜੜੌਤ ਵਿੱਚ 10 ਮੀਟਰਿਕ ਟਨ, ਤਸਿੰਬਲੀ ਵਿੱਚ 110 ਮੀਟਰਿਕ ਟਨ, ਲਾਲੜੂ ਵਿੱਚ 205 ਮੀਟਰਿਕ ਟਨ, ਸਮਗੌਲੀ ਵਿੱਚ 20 ਮੀਟਰਿਕ ਟਨ, ਡੇਰਾਬੱਸੀ ਵਿੱਚ 140 ਮੀਟਰਿਕ ਟਨ ਅਤੇ ਬਨੂੜ ਵਿੱਚ 60 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦੋਂਕਿ ਮੁਹਾਲੀ ਨੇੜੇ ਭਾਗੋਮਾਜਰਾ, ਖਰੜ, ਕੁਰਾਲੀ ਅਤੇ ਖ਼ਿਜ਼ਰਾਬਾਦ ਦੀਆਂ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਸਰਕਾਰੀ ਖ਼ਰੀਦ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…