Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ 100 ਫੀਸਦੀ ਭਰਪਾਈ ਕਰੇ ਸਰਕਾਰ ਨਬਜ਼-ਏ-ਪੰਜਾਬ, ਮੁਹਾਲੀ, 12 ਸਤੰਬਰ: ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਟੈਕਨੀਕਲ ਸਰਵਿਸ ਯੂਨੀਅਨ (ਟੀਐਸਯੂ) ਸੱਦੇ ’ਤੇ ਸ਼ੁੱਕਰਵਾਰ ਨੂੰ ਮੁਹਾਲੀ ਡਵੀਜ਼ਨ ਵਿਖੇ ਪਾਵਰਕੌਮ ਮੁਲਾਜ਼ਮਾਂ ਨੇ ਗੇਟ ਰੈਲੀ ਕੀਤੀ ਅਤੇ ਅਧਿਕਾਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਲਿਖਿਆ ਮੰਗ ਪੱਤਰ ਸੌਂਪਿਆਂ। ਬੁਲਾਰਿਆਂ ਨੇ ਮੰਗ ਕੀਤੀ ਕਿ ਹਾਲ ਹੀ ਵਿੱਚ ਪੰਜਾਬ ਵਿੱਚ ਆਏ ਹੜ੍ਹਾਂ ਨਾਲ ਵੱਡੇ ਪੱਧਰ ’ਤੇ ਹੋਏ ਭਾਰੀ ਨੁਕਸਾਨ ਦੀ 100 ਫੀਸਦੀ ਭਰਪਾਈ ਕੀਤੀ ਜਾਵੇ। ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਅੰਦਰ ਆਏ ਹੜ੍ਹਾਂ ਨਾਲ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਰੋਕਥਾਮ ਲਈ ਕੋਈ ਅਗਾਊਂ ਪ੍ਰਬੰਧ ਨਾ ਕੀਤੇ ਜਾਣ ਕਰਕੇ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ, ਜਿਸ ਲਈ ਸਮੇਂ ਦੀਆਂ ਸਰਕਾਰਾਂ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜੇਕਰ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਡੈਮਾਂ ਦੇ ਪਾਣੀ ਦਾ ਪੱਧਰ ਪਹਿਲਾਂ ਹੀ ਹੌਲੀ-ਹੌਲੀ ਘਟਾਇਆ ਹੁੰਦਾ ਤਾਂ ਹੜ੍ਹਾਂ ਤੋਂ ਪੰਜਾਬ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕਦਾ ਸੀ। ਸਰਕਾਰ ਵੱਲੋਂ ਕਈ ਦਹਾਕਿਆਂ ਤੋਂ ਬੰਨ੍ਹਾਂ ਦੀ ਮਜਬੂਤੀ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ ਗਿਆ, ਜਿਸ ਲਈ ਹੁਣ ਆਏ ਹੜ੍ਹਾਂ ਨਾਲ ਲੋਕਾਂ ਦਾ ਵੱਡੇ ਪੱਧਰ ’ਤੇ ਜਾਨੀ ਤੇ ਮਾਲੀ ਨੁਕਸਾਨ ਲਈ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਮੰਗ ਕੀਤੀ ਕਿ ਪੀੜਤ ਲੋਕਾਂ ਦੇ ਘਰਾਂ, ਫਰਨੀਚਰ ਅਤੇ ਹੋਰ ਕੀਮਤੀ ਘਰੇਲੂ ਵਸਤਾਂ ਸਮੇਤ ਪਸ਼ੂਆਂ ਦੇ ਨੁਕਸਾਨ ਦੀ 100 ਫੀਸਦੀ ਭਰਪਾਈ ਕੀਤੀ ਜਾਵੇ, ਫਸਲਾਂ ਦੇ ਨੁਕਸਾਨ ਦਾ 70,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ, ਵਿੱਦਿਅਕ ਅਦਾਰਿਆਂ ਦੀ ਤੁਰੰਤ ਮੁਰੰਮਤ ਕਰਕੇ ਬੱਚਿਆਂ ਨੂੰ ਕਿਤਾਬਾਂ, ਸਟੇਸ਼ਨਰੀ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਏ ਹੜ੍ਹਾਂ ਤੋਂ ਸਬਕ ਲੈਂਦਿਆਂ ਦਰਿਆਈ ਬੰਨਾਂ ਤੇ ਡਰੇਨਾਂ ਨਾਲਿਆਂ ਦੇ ਕੰਢਿਆਂ ਨੂੰ ਹੁਣ ਤੋਂ ਹੀ ਮਜਬੂਤ ਕੀਤਾ ਜਾਵੇ ਤਾਂ ਕਿ ਭਵਿੱਖ ਵਿੱਚ ਅਜਿਹੀ ਬਰਬਾਦੀ ਹੋਣ ਤੋਂ ਬਚਾਅ ਹੋ ਸਕੇ। ਬੁਲਾਰਿਆਂ ਨੇ ਪੰਜਾਬ ਸਮੇਤ ਹੋਰਨਾਂ ਸੂਬਿਆਂ ਤੇ ਵਿਦੇਸ਼ੀ ਮੁਲਕਾਂ ’ਚੋਂ ਹੜ੍ਹ ਪੀੜਤਾਂ ਦੀ ਮਦਦ ਲਈ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਮਦਦ ਕਰਨ ਵਾਲਿਆਂ ਦਾ ਧੰਨਵਾਦ ਕੀਤਾ। ਟੈਕਨੀਕਲ ਸਰਵਿਸਜ ਯੂਨੀਅਨ ਸੂਬਾ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਤਨਖ਼ਾਹ ਕਟੌਤੀ ਦੀ ਥਾਂ ਆਪਣੀ ਮੈਂਬਰਸ਼ਿਪ ਤੋਂ ਆਪਣੇ ਪੱਧਰ ’ਤੇ ਫੰਡ ਇਕੱਤਰ ਕਰਕੇ ਪੀੜਤ ਪਰਿਵਾਰਾਂ ਵਿੱਚ ਵੰਡਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਨੂੰ ਬਿਜਲੀ ਕਾਮਿਆਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਹੜ੍ਹ ਪੀੜਤਾਂ ਦੀ ਮਦਦ ਸਬੰਧੀ ਮੁੱਖ ਮੰਤਰੀ ਦੇ ਨਾਂ ਅਤੇ ਸੀਨੀਅਰ ਕਾਰਜਕਾਰੀ ਇੰਜੀਨੀਅਰ, ਵੰਡ ਮੰਡਲ ਮੁਹਾਲੀ ਤੇ ਵਧੀਕ ਨਿਗਰਾਨ ਇੰਜੀਨੀਅਰ ਓ ਐਂਡ ਐਮ ਮੰਡਲ ਮੁਹਾਲੀ, ਵਧੀਕ ਨਿਗਰਾਨ ਇੰਜੀਨੀਅਰ ਪੀ ਐਂਡ ਐਮ 220 ਕੇਵੀ ਮੰਡਲ ਮੁਹਾਲੀ, ਵਧੀਕ ਨਿਗਰਾਨ ਇੰਜੀਨੀਅਰ ਸੈਂਟਰਲ ਸਟੋਰ ਮੁਹਾਲੀ, ਵਧੀਕ ਨਿਗਰਾਨ ਇੰਜੀਨੀਅਰ ਇਨਫੋਰਸਮੈਂਟ ਮੁਹਾਲੀ ਅਤੇ ਵਧੀਕ ਨਿਗਰਾਨ ਇੰਜੀਨੀਅਰ ਕੰਪਿਊਟਰ ਸੈੱਲ ਮੁਹਾਲੀ ਨੂੰ ਮੰਗ ਪੱਤਰ ਦਿੱਤੇ ਗਏ। ਰੈਲੀ ਨੂੰ ਸਰਕਲ ਪ੍ਰਧਾਨ ਗੁਰਬਖ਼ਸ਼ ਸਿੰਘ, ਮੁੱਖ ਸਲਾਹਕਾਰ ਲੱਖਾ ਸਿੰਘ, ਕਾਨੂੰਨੀ ਸਲਾਹਕਾਰ ਜਤਿੰਦਰ ਸਿੰਘ, ਗੁਰਮੀਤ ਸਿੰਘ, ਬਿਕਰਮ ਸਿੰਘ, ਅਜੀਤ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ, ਸੌਦਾਗਰ ਸਿੰਘ, ਰਾਧੇ ਸ਼ਿਆਮ, ਪਰਮਜੀਤ ਸਿੰਘ, ਦਿਲਬਰ ਸਿੰਘ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ