ਗੁਰਦੁਆਰਾ ਪ੍ਰਬੰਧਾਂ ਨੂੰ ਸਿੱਧੇ ਤੇ ਅਸਿੱਧੇ ਢੰਗ ਨਾਲ ਆਪਣੇ ਹੱਥ ’ਚ ਲੈਣਾ ਚਾਹੁੰਦੀਆਂ ਨੇ ਸਰਕਾਰਾਂ: ਧਾਮੀ

ਚੱਪੜਚਿੜੀ ਤੋਂ ਫਤਹਿਗੜ੍ਹ ਸਾਹਿਬ ਤੱਕ ਸਰਹਿੰਦ ਫਤਿਹ ਮਾਰਚ ਖ਼ਾਲਸਾਈ ਜਾਹੋ-ਜਲਾਲ ਨਾਲ ਸ਼ੁਰੂ

ਘੋੜ ਸਵਾਰ ਨਿਹੰਗ ਸਿੰਘਾਂ, ਵਿਦਿਆਰਥੀਆਂ ਤੇ ਵੱਡੀ ਗਿਣਤੀ ’ਚ ਸੰਗਤ ਨੇ ਕੀਤੀ ਸ਼ਮੂਲੀਅਤ

ਨਬਜ਼-ਏ-ਪੰਜਾਬ, ਮੁਹਾਲੀ, 12 ਮਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫਤਿਹ-ਏ-ਜੰਗ ਸਾਹਿਬ ਚੱਪੜਚਿੜੀ ਤੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸਰਹਿੰਦ ਫਤਿਹ ਦਿਵਸ ਨੂੰ ਸਮਰਪਿਤ ‘ਸਰਹਿੰਦ ਫਤਿਹ ਮਾਰਚ’ ਅੱਜ ਖ਼ਾਲਸਾਈ ਜਾਹੋ-ਜਲਾਲ ਨਾਲ ਸ਼ੁਰੂ ਹੋਇਆ। ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਵੱਖ-ਵੱਖ ਰਾਗੀ ਸਿੰਘਾਂ ਅਤੇ ਢਾਡੀ ਜਥਿਆਂ ਨੇ ਸੰਗਤ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਅਰਦਾਸ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਏ ਸਰਹਿੰਦ ਫਤਿਹ ਮਾਰਚ ਵਿੱਚ ਘੋੜ ਸਵਾਰ ਨਿਹੰਗ ਸਿੰਘਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਅਤੇ ਦੂਰ-ਦੁਰਾਡੇ ਦੀ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਸਮੇਸ਼ ਪਿਤਾ ਤੋਂ ਥਾਪੜਾ ਲੈ ਕੇ ਜੁਲਮ ਦਾ ਖ਼ਾਤਮਾ ਕਰਨ ਤੁਰੇ ਬਾਬਾ ਬੰਦਾ ਸਿੰਘ ਬਹਾਦਰ ਨੇ ਸ਼ਹੀਦਾਂ ਦੇ ਖੂਨ ਨਾਲ ਰੰਗੀ ਚੱਪੜਚਿੜੀ ਦੀ ਧਰਤੀ ’ਤੇ ਜ਼ਾਲਮ ਹਕੂਮਤ ਉੱਤੇ ਫਤਿਹ ਹਾਸਲ ਕਰਕੇ ਜਿੱਥੇ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ, ਉੱਥੇ ਉਨ੍ਹਾਂ ਪਹਿਲੇ ਸਿੱਖ ਰਾਜ ਦੀ ਸਥਾਪਨਾ ਕੀਤੀ। ਇਸ ਸਾਨਾਮੱਤੇ ਇਤਿਹਾਸ ਤੋਂ ਨਵੀਂ ਪੀੜ੍ਹੀ ਨੂੰ ਜ਼ਰੂਰ ਜਾਣੂ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ਦੀਆਂ ਸੰਸਥਾਵਾਂ ਨੂੰ ਤੋੜਨ ਦੇ ਯਤਨ ਹੋ ਰਹੇ ਹਨ। ਸਮੇਂ ਸਮੇਂ ਦੀਆਂ ਸਰਕਾਰਾਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਸਿੱਧੇ ਤੇ ਅਸਿੱਧੇ ਢੰਗ ਨਾਲ ਆਪਣੇ ਹੱਥ ਵਿੱਚ ਲੈਣਾ ਚਾਹੁੰਦੀਆਂ ਹਨ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਸਮੁੱਚੀਆਂ ਪੰਥਕ ਜਥੇਬੰਦੀਆਂ ਨੂੰ ਸਰਕਾਰਾਂ ਦੀਆਂ ਅਜਿਹੀਆਂ ਚਾਲਾਂ ਖ਼ਿਲਾਫ਼ ਇੱਕਜੱੁਟ ਹੋਣ ਦੀ ਅਪੀਲ ਕੀਤੀ ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਸਿੱਖ ਕੌਮ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਿੱਖ ਯੋਧਿਆਂ ਨੇ ਇਸ ਪਵਿੱਤਰ ਧਰਤੀ ’ਤੇ ਇਤਿਹਾਸ ਸਿਰਜਿਆ। ਜਿਸ ਤੋਂ ਸਾਨੂੰ ਪ੍ਰੇਰਣਾ ਲੈਣ ਦੀ ਲੋੜ ਹੈ। ਇਸ ਮੌਕੇ ਬੁੱਢਾ ਦਲ (96 ਕਰੋੜੀ) ਦੇ ਪ੍ਰਧਾਨ ਬਾਬਾ ਬਲਬੀਰ ਸਿੰਘ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ, ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪੰਜ ਪਿਆਰਿਆਂ ਸਮੇਤ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਰਸਤੇ ਵਿੱਚ ਥਾਂ-ਥਾਂ ’ਤੇ ਸੰਗਤ ਵੱਲੋਂ ਫਤਹਿ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਲੰਗਰ ਲਗਾਏ ਗਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਨਾ, ਅਜਮੇਰ ਸਿੰਘ ਖੇੜਾ, ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ, ਬਾਬਾ ਮੇਜਰ ਸਿੰਘ ਮੁਖੀ ਤਰਨਾ ਦਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਗੁਰਦੁਆਰਾ ਸ੍ਰੀ ਫਤਹਿਗੜ੍ਹ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਬਾਬਾ ਬਲਦੇਵ ਸਿੰਘ ਮੁਖੀ ਤਰਨਾ ਦਲ, ਚੱਪੜਚਿੜੀ ਦੇ ਸਾਬਕਾ ਸਰਪੰਚ ਜੋਰਾ ਸਿੰਘ ਭੁੱਲਰ, ਸੋਹਨ ਸਿੰਘ ਤੇ ਗੁਰਮੇਲ ਸਿੰਘ, ਸਕੱਤਰ ਵਿੱਦਿਆ ਸੁਖਮਿੰਦਰ ਸਿੰਘ, ਸਿਮਰਜੀਤ ਸਿੰਘ ਚੰਦੂਮਾਜਰਾ, ਨੰਬਰਦਾਰ ਹਰਵਿੰਦਰ ਸਿੰਘ, ਬਾਬਾ ਬਚਨ ਸਿੰਘ ਦਿੱਲੀ ਵਾਲੇ, ਜਗਮੀਤ ਸਿੰਘ, ਪ੍ਰਚਾਰਕ ਭਾਈ ਰਾਜਪਾਲ ਸਿੰਘ, ਭਾਈ ਰਾਜਿੰਦਰਪਾਲ ਸਿੰਘ, ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…