ਸਿਹਤ ਵਿਭਾਗ ਵੱਲੋਂ ਧਾਰਮਿਕ ਸਥਾਨਾਂ ਵਿੱਚ ਡੇਂਗੂ ਲਾਰਵੇ ਦੀ ਜਾਂਚ

ਨਬਜ਼-ਏ-ਪੰਜਾਬ, ਮੁਹਾਲੀ, 25 ਜੁਲਾਈ:
ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ‘ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ’’ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਧਾਰਮਿਕ ਤੇ ਇਤਿਹਾਸਕ ਸਥਾਨਾਂ ਅਤੇ ਕਮਿਊਨਿਟੀ ਸੈਂਟਰਾਂ ਵਿੱਚ ਚੈਕਿੰਗ ਕੀਤੀ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਦੱਸਿਆ ਕਿ ਐਸਐਮਓ ਡਾ. ਐਚਐਸ ਚੀਮਾ ਸਮੇਤ ਜ਼ਿਲ੍ਹੇ ਦੇ ਸੀਨੀਅਰ ਸਿਹਤ ਅਧਿਕਾਰੀਆਂ ਦੀ ਅਗਵਾਈ ਹੇਠ ਦਿਨੇਸ਼ ਚੌਧਰੀ ਅਤੇ ਹੋਰ ਸਿਹਤ ਵਰਕਰਾਂ, ਆਸ਼ਾ ਵਰਕਰਾਂ, ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ।
ਮੌਕੇ ‘ਤੇ ਮੌਜੂਦ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਸਮਝਾਇਆ। ਨਿਰੀਖਣ ਟੀਮਾਂ ਵਿਚ ਖ਼ਾਸ ਤੌਰ ’ਤੇ ਪੇਂਡੂ ਸਿਹਤ ਸਫ਼ਾਈ ਕਮੇਟੀਆਂ ਅਤੇ ਰੈਜ਼ੀਡੈਂਟਸ ਵੈਲਫ਼ੇਅਰ ਐਸੋਸੀਏਸ਼ਨਾਂ ਦੇ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਸਿਵਲ ਸਰਜਨ ਨੇ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸਾਰੇ ਜ਼ਿਲ੍ਹੇ ਵਿੱਚ ਉਤਸ਼ਾਹ ਨਾਲ ਚੱਲ ਰਹੀ ਹੈ। ਅਧਿਕਾਰੀਆਂ ਸਮੇਤ ਹੋਰ ਸਟਾਫ਼ ਜਿਥੇ ਘਰ-ਘਰ ਜਾ ਕੇ ਸਰਵੇਖਣ ਕਰ ਰਹੇ ਹਨ, ਉਥੇ ਚਾਲਾਨ ਕੱਟਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਦਾ ਇਕੋ-ਇਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ‘ਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।
ਡਾ. ਜੈਨ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ, ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ‘ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ‘ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।

Load More Related Articles
Load More By Nabaz-e-Punjab
Load More In Awareness/Campaigns

Check Also

ਯੁੱਧ ਨਸ਼ਿਆਂ ਵਿਰੁੱਧ: 6 ਤੇ 7 ਨਵੰਬਰ ਨੂੰ ਪਿੰਡ/ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਲਈ ਲਾਏ ਜਾਣਗੇ ਸਿਖਲਾਈ ਕੈਂਪ

ਯੁੱਧ ਨਸ਼ਿਆਂ ਵਿਰੁੱਧ: 6 ਤੇ 7 ਨਵੰਬਰ ਨੂੰ ਪਿੰਡ/ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਲਈ ਲਾਏ ਜਾਣਗੇ ਸਿਖਲਾਈ…