Share on Facebook Share on Twitter Share on Google+ Share on Pinterest Share on Linkedin ਗਮਾਡਾ ਅਧੀਨ ਆਉਂਦੇ ਸੈਕਟਰਾਂ ਦੀ ਦੁਰਦਸ਼ਾ ਦੀ ਉੱਚ ਪੱਧਰੀ ਜਾਂਚ ਹੋਵੇ: ਹਰਦੇਵ ਉੱਭਾ ਭਾਜਪਾ ਆਗੂ ਨੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਮੰਗੀ ਨਬਜ਼-ਏ-ਪੰਜਾਬ, ਮੁਹਾਲੀ, 18 ਜੁਲਾਈ 2026: ਭਾਜਪਾ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪਿਛਲੇ ਕਰੀਬ ਇਕ ਦਹਾਕੇ ਤੋਂ ਗਮਾਡਾ ਅਧੀਨ ਆਉਂਦੇ ਸੈਕਟਰਾਂ ਵਿਚ ਵਿਕਾਸ ਕਾਰਜਾਂ ਦੀ ਹਾਲਤ ਨਿਰਾਸ਼ਾਜਨਕ ਬਣੀ ਹੋਈ ਹੈ। ਸੜਕਾਂ ਟੁੱਟੀਆਂ ਪਈਆਂ ਹਨ, ਸਟਰੀਟ ਲਾਈਟਾਂ ਬੰਦ, ਪਾਰਕਾਂ ਦੀ ਸੰਭਾਲ ਨਹੀਂ ਹੋ ਰਹੀ, ਸਫ਼ਾਈ ਵਿਵਸਥਾ ਵੀ ਡਾਵਾਂਡੋਲ ਹੈ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਲੋਕ ਅਨੇਕਾਂ ਮੁਸ਼ਕਲਾਂ ਨਾਲ ਜੂਝ ਰਹੇ ਹਨ। ਹਰਦੇਵ ਉੱਭਾ ਨੇ ਕਿਹਾ ਕਿ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜੇਕਰ ਸਾਲਾਂ ਤੋਂ ਲੋਕ ਲਗਾਤਾਰ ਸ਼ਿਕਾਇਤਾਂ ਕਰ ਰਹੇ ਹਨ ਅਤੇ ਵਿਕਾਸ ਕਾਰਜਾਂ ਵਿਚ ਖਾਮੀਆਂ ਸਾਹਮਣੇ ਆ ਰਹੀਆਂ ਹਨ ਤਾਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਅਜੇ ਤੱਕ ਪ੍ਰਭਾਵਸ਼ਾਲੀ ਕਾਰਵਾਈ ਕਿਉਂ ਨਹੀਂ ਹੋਈ? ਲੋਕਾਂ ਦੇ ਮਨ ਵਿਚ ਇਹ ਸਵਾਲ ਉੱਠਣਾ ਸੁਭਾਵਿਕ ਹੈ ਕਿ ਆਖ਼ਿਰ ਕੁਝ ਅਧਿਕਾਰੀ ਇੰਨੇ ਬੇਖ਼ੌਫ਼ ਕਿਉਂ ਹਨ ਅਤੇ ਉਨ੍ਹਾਂ ਨੂੰ ਕਿਸ ਦੀ ਸਰਪ੍ਰਸਤੀ ਪ੍ਰਾਪਤ ਹੈ? ਇਨ੍ਹਾਂ ਸਵਾਲਾਂ ਦੇ ਜਵਾਬ ਸਿਰਫ਼ ਇਕ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਨਾਲ ਹੀ ਸਾਹਮਣੇ ਆ ਸਕਦੇ ਹਨ। ਭਾਜਪਾ ਆਗੂ ਨੇ ਕਿਹਾ ਕਿ ਜਿਨ੍ਹਾਂ ਡਿਫਾਲਟਰ ਬਿਲਡਰਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਸੀ, ਉਨ੍ਹਾਂ ਨੂੰ ਕਥਿਤ ਤੌਰ ‘ਤੇ ਵਿਸ਼ੇਸ਼ ਰਿਆਇਤਾਂ ਮਿਲਣ ਦੇ ਦੋਸ਼ ਲਗਾਤਾਰ ਸਾਹਮਣੇ ਆ ਰਹੇ ਹਨ। ਜੇਕਰ ਕਿਸੇ ਵੀ ਪੱਧਰ ‘ਤੇ ਨਿਯਮਾਂ ਦੀ ਉਲੰਘਣਾ, ਅਣਗਹਿਲੀ ਜਾਂ ਅਧਿਕਾਰਾਂ ਦੀ ਦੁਰਵਰਤੋਂ ਹੋਈ ਹੈ ਤਾਂ ਉਸ ਦੀ ਪੂਰੀ ਨਿਰਪੱਖਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਸਚਾਈ ਲੋਕਾਂ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ। ਸ੍ਰੀ ਉੱਭਾ ਨੇ ਕਿਹਾ ਕਿ ਗਮਾਡਾ ਅਧੀਨ ਜ਼ਿਆਦਾਤਰ ਪਾਰਕਾਂ ਦੀ ਹਾਲਤ ਬਦ ਤੋਂ ਬਦਤਰ ਬਣੀ ਹੋਈ ਹੈ। ਪਾਰਕਾਂ ਲਈ ਵੱਖ-ਵੱਖ ਵਿਭਾਗ ਜ਼ਿੰਮੇਵਾਰ ਹੋਣ ਦੇ ਬਾਵਜੂਦ ਜਵਾਬਦੇਹੀ ਕਿਤੇ ਵੀ ਨਜ਼ਰ ਨਹੀਂ ਆ ਰਹੀ। ਅਧੂਰੇ ਵਿਕਾਸ ਕਾਰਜ ਇਹ ਦਰਸਾਉਂਦੇ ਹਨ ਕਿ ਪ੍ਰਬੰਧਕੀ ਪੱਧਰ ‘ਤੇ ਗੰਭੀਰ ਖਾਮੀਆਂ ਹਨ, ਜਿਨ੍ਹਾਂ ਦਾ ਖ਼ਮਿਆਜ਼ਾ ਲੋਕ ਭੁਗਤ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਗਮਾਡਾ ਦੇ ਪਿਛਲੇ ਸਾਲਾਂ ਦੌਰਾਨ ਹੋਏ ਵਿਕਾਸ ਕਾਰਜਾਂ, ਡਿਫਾਲਟਰ ਬਿਲਡਰਾਂ ਨੂੰ ਦਿੱਤੀਆਂ ਗਈਆਂ ਕਥਿਤ ਰਿਆਇਤਾਂ, ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਵਿਚ ਹੋਏ ਖਰਚ ਅਤੇ ਸਬੰਧਤ ਅਧਿਕਾਰੀਆਂ ਦੀ ਭੂਮਿਕਾ ਦੀ ਉੱਚ ਪੱਧਰੀ, ਸੁਤੰਤਰ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ