ਸ਼ਹੀਦੀ ਜੋੜ ਮੇਲ ਦੇ ਅਖੀਰਲੇ ਦਿਨ ਅਲੌਕਿਕ ਨਗਰ ਕੀਰਤਨ ਵਿੱਚ ਲੱਖਾਂ ਸ਼ਰਧਾਲੂਆਂ ਦਾ ਉਮੜਿਆ ਸੈਲਾਬ

ਮਨਪ੍ਰੀਤ ਕੌਰ
ਨਬਜ਼-ਏ-ਪੰਜਾਬ ਬਿਊਰੋ, ਫਤਹਿਗੜ੍ਹ ਸਾਹਿਬ, 27 ਦਸੰਬਰ:
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਵੱਲੋਂ ਸਮੁੱਚੀ ਮਾਨਵਤਾ, ਧਰਮ ਅਤੇ ਹੱਕ ਸੱਚ ਦੀ ਰਾਖੀ ਲਈ ਦਿੱਤੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ‘ਸ਼ਹੀਦੀ ਜੋੜ ਮੇਲ’ ਅੱਜ ਸਮਾਪਤ ਹੋ ਗਿਆ। ਅਖੀਰਲੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਸਜਾਏ ਗਏ ਅਲੌਕਿਕ ਨਗਰ ਕੀਰਤਨ ਵਿੱਚ ਲੱਖਾਂ ਸ਼ਰਧਾਲੂਆਂ ਦਾ ਸੈਲਾਬ ਉਮੜਿਆ ਅਤੇ ਪੂਰਾ ਇਲਾਕਾ ਖਾਲਸਾਈ ਰੰਗ ਵਿੱਚ ਰੰਗ ਰਿਹਾ।
ਸਮਾਪਤੀ ਦੀ ਅਰਦਾਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਨੰਦਪੁਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਤਰਨਾ ਦਲ ਦੇ ਬਾਬਾ ਨਾਗਰ ਸਿੰਘ, ਐਸਜੀਪੀਸੀ ਮੈਂਬਰ ਕਰਨੈਲ ਸਿੰਘ ਪੰਜੋਲੀ, ਸੰਤ ਹਰੀ ਸਿੰਘ ਰੰਧਾਵਾ, ਐਸਜੀਪੀਸੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ, ਅਵਤਾਰ ਸਿੰਘ, ਰਵਿੰਦਰ ਸਿੰਘ ਖਾਲਸਾ, ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਐਸਜੀਪੀਸੀ ਦੇ ਮੁੱਖ ਸਕੱਤਰ ਹਰਚਰਨ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ, ਹਰਭਜਨ ਸਿੰਘ ਮਨਾਵਾਂ ਤੇ ਕੇਵਲ ਸਿੰਘ, ਫਤਹਿਗੜ੍ਹ ਸਾਹਿਬ ਦੇ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ, ਅਕਾਲੀ ਦਲ ਦੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ, ਅਮਲੋਹ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਬਸੀ ਪਠਾਣਾਂ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਲਜੀਤ ਸਿੰਘ ਭੁੱਟਾ, ਅਮਰਿੰਦਰ ਸਿੰਘ ਲਿਬੜਾ, ਸਾਬਕਾ ਜਨਰਲ ਸਕੱਤਰ ਦਿਲਮੇਘ ਸਿੰਘ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਮੈਨੇਜਰ ਨੱਥਾ ਸਿੰਘ ਤੇ ਬਲਵਿੰਦਰ ਸਿੰਘ ਭਮਾਰਸੀ, ਚੇਅਰਮੈਨ ਲਖਵੀਰ ਸਿਘ ਲੋਟ, ਅਜੈਬ ਸਿੰਘ ਜਖਵਾਲੀ, ਦਵਿੰਦਰ ਸਿੰਘ ਭੱਪੂ, ਪ੍ਰਦੀਪ ਸਿੰਘ ਕਲੌੜ, ਰਸ਼ਪਿੰਦਰ ਸਿੰਘ ਢਿੱਲੋਂ, ਹਰਵਿੰਦਰ ਸਿੰਘ ਬੱਬਲ ਨੇ ਵੀ ਸ਼ਿਰਕਤ ਕੀਤੀ।
ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕਰਨ ਅਤੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਹੁਕਮਨਾਮਾ ਲੈਣ ਉਪਰੰਤ ਸ੍ਰੀ ਗੁਰੂ ਗ੍ਰ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਖਾਲਸਾਈ ਸ਼ਾਨੋ ਸ਼ੌਕਤ ਨਾਲ ਨਰਸਿੰਘਿਆਂ ਤੇ ਨਗਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਏ ਨਗਰ ਕੀਰਤਨ ਵਿੱਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਪਹੁੰਚੇ ਹੋਏ ਸ਼ਰਧਾਲੂਆਂ ਦੀ ਸ਼ਰਧਾ ਦੀ ਭਾਵਨਾ ਦਾ ਅਲੌਕਿਕ ਨਜ਼ਾਰਾ ਉਸ ਵੇਲੇ ਦੇਖਦੇ ਹੀ
ਬਣਦਾ ਸੀ, ਜਦੋਂ ਪੋਹ ਦੀ ਕੜਕਦੀ ਠੰਢ ਵਿੱਚ ਸ਼ਰਧਾਲੂ ਨੰਗੇ ਪੈਰੀਂ ਨਿੱਕੀਆਂ ਤੇ ਮਾਸੂਮ ਜਿੰਦਾਂ ਅਤੇ ਮਾਤਾ ਗੁਜ਼ਰੀ ਜੀ ਨੂੰ ਸ਼ਰਧਾ ਦੇ ਫੁਲ ਭੇਂਟ ਕਰਨ ਲਈ ਉਮੜ ਪਏ। ਪਾਲਕੀ ਸਾਹਿਬ ਵਿੱਚ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੰਗਤਾਂ ਨਤਮਸਤਕ ਹੋਣ ਲਈ ਫੁੱਲਾਂ ਦੀ ਵਰਖਾ ਕਰ ਰਹੀਆਂ ਸਨ ਅਤੇ ਛੋਟੇ ਸਾਹਿਬਜ਼ਾਦਿਆ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਬੋਲੇ ਸੋ ਨਿਹਾਲ ਅਤੇ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਆਕਾਸ਼ ਗੰੂਜ ਰਿਹਾ ਸੀ। ਜਦੋਂ ਕਿ ਪਾਲਕੀ ਸਾਹਿਬ ਦੇ ਅੱਗੇ ਨਗਰ ਕੀਰਤਨ ਵਿੱਚ ਅਸਤਰਾਂ ਤੇ ਸ਼ਸ਼ਤਰਾਂ ਨਾਲ ਸਜੇ ਨਿਹੰਗ ਸਿੰਘਾਂ ਦੀਆਂ ਗੱਤਕਾ ਪਾਰਟੀਆਂ, ਰਾਗੀ ਜਥੇ, ਸੇਵਾ ਦਲ, ਸੁਖਮਨੀ ਸੇਵਾ ਸੁਸਾਇਟੀਆਂ, ਅਕਾਲ ਅਕੈਡਮੀ ਬੜੂ ਸਾਹਿਬ ਦੇ ਵਿਦਿਆਰਥੀ, ਵੱਖ-ਵੱਖ ਸਕੂਲ ਕਾਲਜਾਂ ਦੇ ਵਿਦਿਆਰਥੀਆਂ ਦੀਆਂ ਗੱਤਕਾ ਪਾਰਟੀਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਜਸ ਗਾਉਂਦੀਆਂ ਜਾ ਰਹੀਆ ਸਨ। ਇਸ ਤੋਂ ਇਲਾਵਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਅਤੇ ਮਾਤਾ ਗੁਜਰੀ ਕਾਲਜ, ਅਕਾਲ ਅਕੈਡਮੀ ਚੀਮਾ ਸਾਹਿਬ, ਬਾਬਾ ਜ਼ੋਰਵਾਰ ਸਿੰਘ ਫਤਹਿ ਸਿੰਘ ਸਕੂਲ, ਸੇਵਕ ਜਥਾ ਅੰਬਾਲਾ, ਸੁਖਮਨੀ ਸਾਹਿਬ ਸੇਵਾ ਦਲ, ਸ਼ਹੀਦ ਬਾਬਾ ਦੀਪ ਸਿੰਘ ਗੱਤਕਾ ਅਕੈਡਮੀ ਚੰਡੀਗੜ੍ਹ, ਗੁਰਸਿੱਖ ਅਕੈਡਮੀ ਬਹਾਦਰਗੜ੍ਹ, ਖਾਲਸਾ ਗੱਤਕਾ ਅਖਾੜਾ ਤੇ ਭਾਈ ਘਨ੍ਹਈਆ ਸੇਵਾ ਦਲ ਦੇ ਵਿਦਿਆਰਥੀ ਨੀਲੀਆਂ, ਕੇਸਰੀ ਅਤੇ ਚਿੱਟੀਆਂ ਦਸਤਾਰਾਂ ਅਤੇ ਖਾਲਸਾਈ ਪੌਸ਼ਾਕਾਂ ’ਚ ਸਜੇ ਹੋਏ ਨਗਰ ਕੀਰਤਨ ਵਿੱਚ ਸ਼ਰਧਾ ਤੇ ਸਤਿਕਾਰ ਭੇਂਟ ਕਰ ਰਹੇ ਸਨ।
ਨਗਰ ਕੀਰਤਨ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇੇ ਕੀਰਤਨ ਸੋਹਿਲੇ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕਰਨ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਹੁਕਮਨਾਮਾ ਲੈਣ ਉਪਰੰਤ ਸਮਾਪਤ ਹੋ ਗਿਆ। ਕੌਮ ਦੇ ਨਾਮ ਆਪਣੇ ਸੰਦੇਸ਼ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਵਿਸ਼ੇਸ ਤੌਰ ’ਤੇ ਬੀਬੀਆਂ ਨੂੰ ਅਪੀਲ ਕੀਤੀ ਕਿ ਮਾਤਾ ਗੁਜਰੀ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਆਪਣੇ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਸਿੱਖ ਪੰਥ ਦੀਆਂ ਮਹਾਨ ਪ੍ਰੰਪਰਾਂਵਾ ਤੋਂ ਜਾਣੂ ਕਰਵਾਉਣ ਤਾਂ ਜੋ ਛੋਟੀ ਉਮਰ ਤੋਂ ਹੀ ਸਾਡੇ ਬੱਚੇ ਆਪਣੇ ਮਹਾਨ ਸਿੱਖ ਇਤਿਹਾਸ ਤੇ ਵਿਰਸੇ ਤੋਂ ਜਾਣੂ ਹੋ ਕੇ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰ ਸਕਣ। ਉਨ੍ਹਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਸਾਂ ਦੀ ਬੇਅਦਬੀ ਨਾ ਕਰਨ ਅਤੇ ਗੁਰੂ ਦੇ ਲੜ ਲਗ ਕੇ ਪੂਰਨ ਸਿੰਘ ਸੱਜਣ।
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਤੇ ਜ਼ਿਲ੍ਹਾ ਪੁਲੀਸ ਮੁਖੀ ਗੁਰਪ੍ਰੀਤ ਸਿੰਘ ਭੁੱਲਰ ਨੇ ਸ਼ਹੀਦੀ ਜੋੜ ਮੇਲ ਅਮਨ-ਅਮਾਨ ਨਾਲ਼ ਸਮਾਪਤ ਹੋਣ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਆਈ ਸੰਗਤ, ਰਾਜਸੀ ਆਗੂਆਂ, ਲੰਗਰਾਂ ਦੇ ਪ੍ਰਬੰਧਕਾਂ, ਸਮੂਹ ਅਧਿਕਾਰੀਆਂ, ਕਰਮਚਾਰੀਆਂ, ਸਮੂਹ ਧਾਰਮਿਕ ਅਤੇ ਸਵੈ ਸੇਵੀ ਜਥੇਬੰਦੀਆਂ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …