Nabaz-e-punjab.com

ਬੇਅਦਬੀ ਮਾਮਲਾ: ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਸਿੱਟ ਤੋਂ ਲਾਂਭੇ ਕਰਨ ਦੀ ਯੂਥ ਵਿੰਗ ਟਕਸਾਲੀ ਵੱਲੋਂ ਸਖ਼ਤ ਨਿਖੇਧੀ

ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਸਿੱਟ ਤੋਂ ਹਟਾਉਣ ਲਈ ਸਿਆਸੀ ਆਗੂਆਂ ਦੀ ਅਸਲੀਅਤ ਸਾਹਮਣੇ ਆਈ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਪਰੈਲ:
ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਕਮੇਟੀ (ਸਿੱਟ) ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਲੋਕ ਸਭਾ ਚੋਣਾਂ ਦੇ ਐਨ ਮੌਕੇ ਜਾਂਚ ਤੋਂ ਲਾਂਭੇ ਕਰਨ ਦੀ ਚੁਫੇਰਿਓਂ ਨਿਖੇਧੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਆਪਣੀ ਟਿੱਪਣੀ ਵਿੱਚ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਇਮਾਨਦਾਰ ਪੁਲੀਸ ਅਫ਼ਸਰ ਦਾ ਖ਼ਿਤਾਬ ਦਿੰਦਿਆਂ ਕਿਹਾ ਕਿ ਇਸ ਅਧਿਕਾਰੀ ਨੂੰ ਬੇਅਦਬੀ ਮਾਮਲਿਆਂ ਦੀ ਜਾਂਚ ਤੋਂ ਲਾਂਭੇ ਕਰਨਾ ਬਹੁਤ ਮੰਦਭਾਗੀ ਗੱਲ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਚਾਹੁੰਦੇ ਸਨ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਕਰਨ ਵਾਲੇ ਸਿਆਸੀ ਆਗੂਆਂ ਅਤੇ ਜ਼ਿੰਮੇਵਾਰ ਅਫ਼ਸਰਸ਼ਾਹੀ ਦੇ ਚਿਹਰੇ ਸਾਹਮਣੇ ਆਉਣ ਅਤੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋਵੇ ਪ੍ਰੰਤੂ ਅਕਾਲੀ ਦਲ (ਬਾਦਲ) ਨੇ ਭਾਰਤ ਦੇ ਚੋਣ ਕਮਿਸ਼ਨ ਦੀ ਧੋਣ ’ਤੇ ਗੋਡਾ ਰੱਖ ਕੇ ਇੱਕ ਇਮਾਨਦਾਰ ਪੁਲੀਸ ਅਫ਼ਸਰ ਕੁੰਵਰ ਵਿਜੇ ਪ੍ਰਤਾਪ ਨੂੰ ਜਾਂਚ ਪ੍ਰਕਿਰਿਆ ਤੋਂ ਲਾਂਭੇ ਕਰਵਾਇਆ ਗਿਆ ਹੈ ਤਾਂ ਜੋ ਉਹ ਕੇਂਦਰ ਦੀ ਮਿਲੀਭੁਗਤ ਨਾਲ ਬੇਅਦਬੀ ਮਾਮਲਿਆਂ ਦੀ ਜਾਂਚ ਪ੍ਰਕਿਰਿਆ ਨੂੰ ਪ੍ਰਭਾਵਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲੀਸ ਅਧਿਕਾਰੀ ਦੀ ਬਦਲੀ ਨਾਲ ਰਾਜਸੀ ਆਗੂਆਂ ਦੀ ਅਸਲੀਅਤ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਕੇਂਦਰੀ ਦੀ ਮੋਦੀ ਸਰਕਾਰ ਦੀ ਕਠਪੁਤਲੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਇਸ ਫੈਸਲੇ ਖ਼ਿਲਾਫ਼ ਜਨ ਅੰਦੋਲਨ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਹੈ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਸਿੱਖਾਂ ਦੇ ਮਨਾਂ ਵਿੱਚ ਭਾਰੀ ਰੋਸ ਹੈ ਅਤੇ ਲੋਕ ਸਭਾ ਚੋਣਾਂ ਵਿੱਚ ਰਾਜ ਦੇ ਲੋਕ ਜ਼ਿੰਮੇਵਾਰ ਸਿਆਸੀ ਆਗੂਆਂ ਨੂੰ ਸਿਆਸਤ ਤੋਂ ਲਾਂਭੇ ਕਰਨ ਲਈ ਮਨ ਬਣਾਈ ਬੈਠੇ ਹਨ ਅਤੇ ਵੋਟਾਂ ਪੈਣ ਵਾਲੇ ਦਿਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਰਾਜਸੀ ਹਿੱਤਾਂ ਦੀ ਪੂਰਤੀ ਲਈ ਆਪਣੇ ਗੁਰੂ ਨੂੰ ਪਿੱਠ ਦਿਖਾ ਸਕਦੇ ਹਨ, ਉਹ ਕਿਸੇ ਦੇ ਸਗੇ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਜੇਕਰ ਬਾਦਲ ਦਲੀਏ ਸੱਚੇ ਹਨ ਤਾਂ ਉਨ੍ਹਾਂ ਨੂੰ ਡਰਨ ਦੀ ਲੋੜ ਨਹੀਂ ਹੈ, ਸਗੋਂ ਜਾਂਚ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…