nabaz-e-punjab.com

ਨਾਜਾਇਜ਼ ਮਾਈਨਿੰਗ: 193 ਜ਼ਮੀਨ ਮਾਲਕਾਂ ਨੂੰ 52.33 ਕਰੋੜ ਰੁਪਏ ਜੁਰਮਾਨਾ, ਨੋਟਿਸ ਜਾਰੀ

ਮਹੀਨੇ ਦੇ ਅੰਦਰ ਅੰਦਰ ਜੁਰਮਾਨੇ ਦੀ ਰਾਸ਼ੀ ਜਮ੍ਹਾ ਨਾ ਕਰਵਾਉਣ ਦੀ ਸੂਰਤ ’ਚ ਸਬੰਧਤ ਜ਼ਮੀਨ ਹੋ ਸਕਦੀ ਹੈ ਜ਼ਬਤ

ਜ਼ਿਲ੍ਹਾ ਮੁਹਾਲੀ ਵਿੱਚ ਸਰਕਾਰੀ ਸਰਪ੍ਰਸਤੀ ਹੇਠ ਧੜੱਲੇ ਨਾਲ ਹੋ ਰਹੀ ਹੈ ਨਾਜਾਇਜ਼ ਮਾਈਨਿੰਗ: ਆਪ ਆਗੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੁਲਾਈ:
ਜ਼ਿਲ੍ਹਾ ਪ੍ਰਸ਼ਾਸਨ ਨੇ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਨੂੰ ਛਿੱਕੇ ’ਤੇ ਟੰਗ ਕੇ ਗ਼ੈਰ ਕਾਨੂੰਨੀ ਮਾਈਨਿੰਗ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਕਾਨੂੰਨੀ ਸ਼ਿਕੰਜਾ ਕੱਸ ਦਿੱਤਾ ਹੈ। ਮੁਹਾਲੀ ਨੇੜਲੇ ਪਿੰਡਾਂ ਵਿੱਚ ਗੈਰ ਕਾਨੂੰਨੀ ਮਾਈਨਿੰਗ ਸਬੰਧੀ ਪਿਛਲੇ ਦਿਨੀਂ ਮੀਡੀਆ ਵੱਲੋਂ ਲਗਾਤਾਰ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਆਧਾਰ ਬਣਾ ਕੇ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ। ਇਕ ਮੌਜੂਦਾ ਅਤੇ ਸਾਬਕਾ ਮੰਤਰੀ ਦਾ ਨਾਂ ਉੱਛਲਣ ਤੋਂ ਬਾਅਦ ਮੌਜੂਦਾ ਸਮੇਂ ਵਿੱਚ ਨਾਜਾਇਜ਼ ਮਾਈਨਿੰਗ ਦੇ ਧੰਦੇ ਨੂੰ ਕੁਝ ਹੱਦ ਤੱਕ ਠੱਲ੍ਹ ਪਈ ਹੈ। ਜਦੋਂਕਿ ਇਸ ਤੋਂ ਪਹਿਲਾਂ ਧੜੱਲੇ ਨਾਲ ਇਹ ਕੰਮ ਜਾਰੀ ਸੀ।
ਉਧਰ, ਮੁਹਾਲੀ ਪ੍ਰਸ਼ਾਸਨ ਨੇ ਬਲਾਕ ਮਾਜਰੀ ਅਧੀਨ ਆਉਂਦੇ ਤਿੰਨ ਪਿੰਡਾਂ ਮੀਆਂਪੁਰ ਚੰਗਰ, ਕੁੱਬਾਹੇੜੀ ਅਤੇ ਅਭੀਪੁਰ ਵਿੱਚ ਵੱਡੇ ਹੋਈ ਨਾਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ 52.33 ਕਰੋੜ ਜੁਰਮਾਨੇ ਦੀ ਵਸੂਲੀ ਸਬੰਧੀ ਜ਼ਮੀਨ ਮਾਲਕਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਹੁਣ ਤੱਕ ਦੀ ਇਹ ਸਭ ਤੋਂ ਵੱਡੀ ਕਾਰਵਾਈ ਹੈ। ਜਦੋਂਕਿ ਪਿਛਲੀ ਅਕਾਲੀ ਸਰਕਾਰ ਵੇਲੇ ਤਾਂ ਅਧਿਕਾਰੀਆਂ ਨੇ ਆਪਣੀਆਂ ਅੱਖਾਂ ਮੀਚ ਲਈਆਂ ਸਨ। ਜ਼ਿਲ੍ਹਾ ਮਾਈਨਿੰਗ ਅਫ਼ਸਰ ਗੁਰਪ੍ਰੀਤਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਕਤ ਪਿੰਡਾਂ ਵਿੱਚ ਜਿਹੜੀਆਂ ਜ਼ਮੀਨਾਂ ’ਚੋਂ ਨਾਜਾਇਜ਼ ਮਾਈਨਿੰਗ ਹੋਈ ਹੈ। ਉਨ੍ਹਾਂ ਦੇ ਕਰੀਬ 193 ਜ਼ਮੀਨ ਮਾਲਕਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਮਾਈਨਿੰਗ ਐਕਟ ਦੀ ਧਾਰਾ ਆਰ ਦੇ ਤਹਿਤ ਨੋਟਿਸ ਜਾਰੀ ਕਰਕੇ 52 ਕਰੋੜ 33 ਲੱਖ ਜੁਰਮਾਨਾ ਜਮ੍ਹਾ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸਬੰਧਤ ਜ਼ਮੀਨ ਮਾਲਕਾਂ ਨੂੰ ਨਿੋਟਸ ਜਾਰੀ ਕਰਕੇ ਆਪਣਾ ਪੱਖ ਰੱਖਣ ਲਈ ਆਖਿਆ ਗਿਆ ਸੀ।
ਸ੍ਰੀ ਸੰਧੂ ਨੇ ਕਿਹਾ ਕਿ ਜੇਕਰ ਜ਼ਮੀਨ ਮਾਲਕਾਂ ਨੇ ਇਕ ਮਹੀਨੇ ਦੇ ਅੰਦਰ ਅੰਦਰ ਜੁਰਮਾਨੇ ਦੀ ਰਾਸ਼ੀ ਜਮ੍ਹਾ ਨਹੀਂ ਕਰਵਾਈ ਗਈ ਤਾਂ ਸਬੰਧਤ ਜ਼ਮੀਨ ਨੂੰ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਜ਼ਮੀਨ ਮਾਲਕਾਂ ਨੂੰ ਨਵੇਂ ਸਿਰਿਓਂ ਨੋਟਿਸ ਜਾਰੀ ਕੀਤੇ ਜਾਣਗੇ ਅਤੇ ਇਹ ਕੇਸ ਜ਼ਿਲ੍ਹਾ ਕੁਲੈਕਟਰ ਦੀ ਅਦਾਲਤ ਵਿੱਚ ਦਾਇਰ ਕੀਤਾ ਜਾਵੇਗਾ। ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਕੁਲੈਕਟਰ ਕੋਲ ਜੁਰਮਾਨੇ ਦੀ ਰਾਸ਼ੀ ਵਸੂਲਣ ਲਈ ਸਬੰਧਤ ਜ਼ਮੀਨ ਦੀ ਖੁੱਲ੍ਹੀ ਨਿਲਾਮੀ ਕਰਨ ਦਾ ਅਧਿਕਾਰ ਹੈ। ਪ੍ਰਸ਼ਾਸਨ ਦੀ ਇਸ ਸਖ਼ਤੀ ਤੋਂ ਬਾਅਦ ਨਾਜਾਇਜ਼ ਮਾਈਨਿੰਗ ਦਾ ਧੰਦਾ ਕਰ ਰਹੇ ਲੋਕਾਂ ਦੀ ਨੀਂਦ ਉੱਡ ਗਈ ਹੈ।
ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ (ਆਪ) ਜ਼ਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਜਗਦੇਵ ਸਿੰਘ ਦੀ ਅਗਵਾਈ ਹੇਠ ਕਈ ਪਿੰਡਾਂ ਦੇ ਵਸਨੀਕਾਂ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਦੇ ਕੇ ਬਲਾਕ ਮਾਜਰੀ ਦੇ ਕਈ ਪਿੰਡਾਂ ਵਿੱਚ ਸ਼ਰ੍ਹੇਆਮ ਨਾਜਾਇਜ਼ ਮਾਈਨਿੰਗ ਕਰਨ ਦਾ ਦੋਸ਼ ਲਾਇਆ ਸੀ। ਆਪ ਆਗੂ ਨੇ ਦੋਸ਼ ਲਾਇਆ ਸੀ ਕਿ ਇਕ ਮੌਜੂਦਾ ਅਤੇ ਸਾਬਕਾ ਮੰਤਰੀ ਦੇ ਬੰਦੇ ਨਾਜਾਇਜ਼ ਮਾਈਨਿੰਗ ਕਰ ਰਹੇ ਹਨ। ਡੀਸੀ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਮਾਜਰੀ ਬਲਾਕ ਦੇ ਪਿੰਡ ਮੀਆਪੁਰ-ਚੰਗਰ, ਖਿਜ਼ਰਾਬਾਦ, ਅਭੀਪੁਰ, ਤਾਰਾਪੁਰ, ਲੁਬਾਣਗੜ੍ਹ, ਸੈਣੀਮਾਜਰਾ, ਕੁੱਬਾਹੇੜੀ, ਗੋਚਰ, ਕੰਸਾਲਾ, ਬਹਾਲਪੁਰ ਟੱਪਰੀਆ, ਤਿਊੜ, ਸਮੇਤ ਕਈ ਹੋਰਨਾਂ ਪਿੰਡਾਂ ਵਿੱਚ ਸੱਤਾਧਾਰੀ ਧਿਰ ਦੀ ਸਹਿ ਨਾਲ ਧੜੱਲੇ ਨਾਲ ਨਾਜਾਇਜ਼ ਮਾਈਨਿੰਗ ਦਾ ਕਾਰੋਬਾਰ ਚਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੋ ਸਾਲ ਪਹਿਲਾਂ ਤਤਕਾਲੀ ਡੀਸੀ ਨੇ ਵੀ ਅਧਿਕਾਰੀਆਂ ਨੂੰ ਨਾਲ ਲੈ ਕੇ ਮੌਕਾ ਦੇਖਿਆ ਸੀ ਪ੍ਰੰਤੂ ਸਿਆਸੀ ਦਖ਼ਲ ਕਾਰਨ ਬਾਅਦ ਵਿੱਚ ਕੋਈ ਕਾਰਵਾਈ ਨਹੀਂ ਹੋਈ।
(ਬਾਕਸ ਆਈਟਮ)
ਆਪ ਆਗੂ ਜਗਦੇਵ ਸਿੰਘ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਦਿੱਲੀ ਤੋਂ ਐਨਜੀਟੀ ਦੀ ਟੀਮ ਨੇ ਪਿੰਡ ਅਭੀਪੁਰ ਦਾ ਦੌਰਾ ਕਰਕੇ ਨਾਜਾਇਜ਼ ਮਾਈਨਿੰਗ ਦਾ ਜਾਇਜ਼ਾ ਲਿਆ ਸੀ ਅਤੇ ਟੀਮ ਦੇ ਚਲੇ ਜਾਣ ਪਿੱਛੋਂ ਰੇਤ ਮਾਫ਼ੀਆ ਨਾਲ ਜੁੜੇ ਲੋਕਾਂ ਨੇ ਸ਼ਿਕਾਇਤ ਕਰਤਾ ਭਾਗ ਸਿੰਘ ਦੀ ਬੜੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਲੇਕਿਨ ਹਮਲਾਵਰ ਸਿਆਸੀ ਸਰੂਖ ਵਾਲੇ ਹੋਣ ਕਰਕੇ ਪੁਲੀਸ ਨੇ ਕਾਰਵਾਈ ਨਹੀਂ ਕੀਤੀ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…