ਤਿਉਹਾਰਾਂ ਦੇ ਮੱਦੇਨਜ਼ਰ ਮੁਹਾਲੀ ਪੁਲੀਸ ਮੁਸਤੈਦ, ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਜਾਂਚ

ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਚਲਾਇਆ ਵਿਸ਼ੇਸ਼ ਅਭਿਆਨ

ਲੋਕਾਂ ਦੀ ਸੁਰੱਖਿਆ ਲਈ ਪੁਲੀਸ ਨੇ ਸੜਕਾਂ ਅਤੇ ਭੀੜ ਵਾਲੇ ਬਾਜ਼ਾਰਾਂ ’ਚ ਮੋਰਚਾ ਸੰਭਾਲਿਆ

ਨਬਜ਼-ਏ-ਪੰਜਾਬ, ਮੁਹਾਲੀ, 10 ਨਵੰਬਰ:
ਤਿਉਹਾਰਾਂ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਮੁਹਾਲੀ ਪੁਲੀਸ ਨੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਚੌਕਸੀ ਵਧਾ ਦਿੱਤੀ ਹੈ। ਅੱਜ ਵੱਖ-ਵੱਖ ਥਾਵਾਂ ’ਤੇ ਡੀਐਸਪੀ (ਸਿਟੀ-1) ਪ੍ਰਭਜੋਤ ਕੌਰ ਅਤੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਡੂੰਘਾਈ ਜਾਂਚ ਕੀਤੀ ਗਈ।
ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐੱਸਐੱਸਪੀ ਸੰਦੀਪ ਗਰਗ ਦੀਆਂ ਹਦਾਇਤਾਂ ’ਤੇ ਸ਼ੁੱਕਰਵਾਰ ਨੂੰ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਅਤੇ ਪੇਂਡੂ ਖੇਤਰ ਵਿੱਚ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਅਤੇ ਬਾਜ਼ਾਰਾਂ ਵਿੱਚ ਪੈਟਰੋਲਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਨਾਕਾਬੰਦੀ ਦੌਰਾਨ ਸ਼ੱਕੀ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ ਅਤੇ ਕਾਰ ਚਾਲਕ ਸਮੇਤ ਕਾਰ ਵਿੱਚ ਸਵਾਰ ਵਿਅਕਤੀਆਂ ਕੋਲੋਂ ਵੀ ਪੁੱਛਗਿੱਛ ਕੀਤੀ ਗਈ।
ਡੀਐਸਪੀ ਬੱਲ ਨੇ ਕਿਹਾ ਕਿ ਕੌਮੀ ਤਿਉਹਾਰਾਂ ਦੇ ਚੱਲਦਿਆਂ ਅਕਸਰ ਬਾਜ਼ਾਰਾਂ ਵਿੱਚ ਖ਼ਰੀਦਦਾਰੀ ਕਰਨ ਵਾਲੇ ਵਿਅਕਤੀਆਂ ਖ਼ਾਸ ਕਰਕੇ ਅੌਰਤਾਂ ਅਤੇ ਮੁਟਿਆਰਾਂ ਦੀ ਭੀੜ ਲੱਗੀ ਰਹਿੰਦੀ ਹੈ। ਅਜਿਹੇ ਵਿੱਚ ਕਈ ਵਾਰ ਸ਼ਰਾਰਤੀ ਅਨਸਰ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਸਰਗਰਮ ਰਹਿੰਦੇ ਹਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਹੁੰਦੇ ਹਨ। ਇਸ ਤੋਂ ਇਲਾਵਾ ਵਾਹਨ ਪਾਰਕਿੰਗ ਅਤੇ ਆਵਾਜਾਈ ਦੌਰਾਨ ਟਰੈਫ਼ਿਕ ਜਾਮ ਕਾਰਨ ਵਾਹਨ ਚਾਲਕਾਂ ਵਿੱਚ ਝਗੜੇ ਹੋਣ ਦੀਆਂ ਸ਼ਿਕਾਇਤਾਂ ਵੀ ਮਿਲਦੀਆਂ ਹਨ। ਪ੍ਰੰਤੂ ਦੀਵਾਲੀ ਦੇ ਮੱਦੇਨਜ਼ਰ ਮੁਹਾਲੀ ਪੁਲੀਸ ਨੇ ਲੋਕਾਂ ਦੀ ਸੁਰੱਖਿਆ ਲਈ ਸੜਕਾਂ ਅਤੇ ਬਾਜ਼ਾਰਾਂ ਵਿੱਚ ਮੋਰਚਾ ਸੰਭਾਲ ਲਿਆ ਹੈ ਅਤੇ ਸ਼ਰਾਰਤੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ ਵਿੱਚ ਸਪੈਸ਼ਲ ਨਾਕਾਬੰਦੀ ਅਤੇ ਪੁਲੀਸ ਗਸ਼ਤ ਅਤੇ ਪੈਟਰੋਲਿੰਗ ਜਾਰੀ ਰਹੇਗੀ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…