ਆਜ਼ਾਦੀ ਦਿਹਾੜਾ: ਮੁਹਾਲੀ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਲਹਿਰਾਉਣਗੇ ਤਿਰੰਗਾ

ਐੱਸਐੱਸਪੀ ਦੀਪਕ ਪਾਰਿਕ ਨੇ ਜਗਤਪੁਰਾ ਪੁਲੀਸ ਨਾਕੇ ’ਤੇ ਖ਼ੁਦ ਕੀਤੀ ਚੈਕਿੰਗ, 24 ਸ਼ੱਕੀ ਹਿਰਾਸਤ ਵਿੱਚ ਲਏ

ਨਬਜ਼-ਏ-ਪੰਜਾਬ, ਮੁਹਾਲੀ, 14 ਅਗਸਤ:
ਮੁਹਾਲੀ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸੌਰਿਆ ਚੱਕਰ) ਸਰਕਾਰੀ ਕਾਲਜ ਫੇਜ਼-6 ਦੇ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਸਾਰੀਆਂ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਮੁਹਾਲੀ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਵੇਰੇ 9 ਵਜੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਪਰੰਤ ਡੀਸੀ ਆਸ਼ਿਕਾ ਜੈਨ ਅਤੇ ਐੱਸਐੱਸਪੀ ਦੀਪਕ ਪਾਰਿਕ ਨੂੰ ਨਾਲ ਲੈ ਕੇ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ।
ਉਧਰ, ਜ਼ਿਲ੍ਹਾ ਪੁਲੀਸ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਚੌਕਸੀ ਵਧਾ ਦਿੱਤੀ ਹੈ ਅਤੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਐੱਸਐੱਸਪੀ ਦੀਪਕ ਪਾਰਿਕ ਨੇ ਖ਼ੁਦ ਵੱਖ-ਵੱਖ ਪੁਲੀਸ ਨਾਕਿਆਂ ਦੀ ਨਜ਼ਰਸਾਨੀ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜਗਤਪੁਰਾ ਪੁਲੀਸ ਨਾਕੇ ’ਤੇ ਪਹੁੰਚੇ ਐੱਸਐੱਸਪੀ ਦੀਪਕ ਪਾਰਿਕ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਸਬੰਧੀ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਅਮਨ ਕਾਨੂੰਨੀ ਦੀ ਸਥਿਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਲੀਸ ਵੱਲੋਂ ਪਿਛਲੇ ਕਈ ਦਿਨਾਂ ਤੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।
ਐੱਸਐੱਸਪੀ ਨੇ ਦੱਸਿਆ ਕਿ ਵੱਖ-ਵੱਖ ਅਪਰਾਧਾਂ ਤਹਿਤ ਜੇਲ੍ਹਾਂ ਵਿੱਚ ਬੰਦ ਰਹੇ ਅਤੇ ਹੁਣ ਜ਼ਮਾਨਤ ’ਤੇ ਆਏ ਮੁਲਜ਼ਮਾਂ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਨਾਲ ਕਈ ਗੁਆਂਢੀ ਸੂਬਿਆਂ ਦੀਆਂ ਹੱਦਾਂ ਲਗਦੀਆਂ ਹਨ। ਇਸ ਲਈ ਬਾਹਰੋਂ ਆਉਣ ਤੇ ਜਾਣ ਵਾਲਿਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਂਜ ਉਨ੍ਹਾਂ ਪੁਲੀਸ ਨੂੰ ਇਹ ਹਦਾਇਤ ਦਿੱਤੀ ਕਿ ਕਿਸੇ ਨੂੰ ਬਿਨਾਂ ਵਜ੍ਹਾ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ। ਮੁਹਾਲੀ ਸ਼ਹਿਰ ਸਮੇਤ ਸਮੂਹ ਐਂਟਰੀ ਪੁਆਇੰਟਾਂ ’ਤੇ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ।
ਡੀਐਸਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਅੱਜ ਦੇ ਪੁਲੀਸ ਨਾਕਿਆਂ ਦੌਰਾਨ ਕਰੀਬ ਦੋ ਦਰਜਨ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਜਿਨ੍ਹਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 20 ਵਾਹਨਾਂ ਦੇ ਚਾਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਸਬੰਧੀ ਵੱਖ-ਵੱਖ ਥਾਵਾਂ ’ਤੇ 30 ਨਾਕੇ ਲਗਾਏ ਜਾ ਰਹੇ ਹਨ ਅਤੇ ਪੁਲੀਸ ਗਸ਼ਤ ਵਧਾਈ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…