Share on Facebook Share on Twitter Share on Google+ Share on Pinterest Share on Linkedin ਇੰਡੀਆ ਗੱਠਜੋੜ: ਕਾਂਗਰਸ ਤੇ ‘ਆਪ’ ਇੱਕ ਸਿੱਕੇ ਦੇ ਦੋ ਪਹਿਲੂ: ਸੁਖਬੀਰ ਬਾਦਲ ‘ਮੈਂ ਤਾਂ 15 ਦਿਨਾਂ ਤੋਂ ਪੰਜਾਬ ਬਚਾਓ ਯਾਤਰਾ ’ਤੇ ਹਾਂ’ ਭਾਜਪਾ ਬਾਰੇ ਕਿਸੇ ਨਾਲ ਕੋਈ ਗੱਲ ਨਹੀਂ ਹੋਈ ਨਬਜ਼-ਏ-ਪੰਜਾਬ, ਮੁਹਾਲੀ, 11 ਫਰਵਰੀ: ਦੇਸ਼ ਵਿੱਚ ਸਤਾ ਪਰਿਵਰਤਨ ਲਈ ਇੰਡੀਆ ਗੱਠਜੋੜ ਦੇ ਮੁੱਦੇ ’ਤੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਅਤੇ ਵਿਰੋਧੀ ਧਿਰ ਕਾਂਗਰਸ ਵਿਚਾਲੇ ਚੋਣ ਸਮਝੌਤੇ ਬਾਰੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਇੱਕ ਸਿੱਕੇ ਦੇ ਦੋ ਪਹਿਲੂ ਹਨ। ਪਹਿਲਾਂ ਕਾਂਗਰਸ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ ’ਤੇ ਲਿਆ ਖੜਾ ਕੀਤਾ, ਹੁਣ ‘ਆਪ’ ਦੇ ਸ਼ਾਸਨ ਵਿੱਚ ਵਿਕਾਸ ਪੱਖੋਂ ਪੰਜਾਬ ਕਾਫ਼ੀ ਪਿੱਛੇ ਚਲਾ ਗਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਬਾਦਲ ਨੇ ‘ਆਪ’ ਅਤੇ ਕਾਂਗਰਸ ਨੂੰ ਮੌਕਾ ਪ੍ਰਸਤ ਦੱਸਦਿਆਂ ਕਿਹਾ ਕਿ ਚੋਰਾਂ ਦੇ ਇਕੱਠੇ ਹੋਣ ਇਨ੍ਹਾਂ ਪਾਰਟੀਆਂ ਦਾ ਵਜੂਦ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਅਤੇ ਸਟੇਜਾਂ ’ਤੇ ਇੱਕ ਦੂਜੇ ਨੂੰ ਗਾਲਾਂ ਕੱਢਣ ਵਾਲੇ ਪੰਜਾਬ ਦੇ ਲੀਡਰ ਚੋਣਾਂ ਵਿੱਚ ਜੱਫੀਆਂ ਪਾਉਣ ਨੂੰ ਫਿਰਦੇ ਹਨ। ਉਨ੍ਹਾਂ ਕਿਹਾ ਕਿ ਮੌਕਾਪ੍ਰਸਤਾਂ ਦੇ ਗੱਠਜੋੜ ਨਾਲ ਸੂਬਾ ਹੋਰ ਤਬਾਹ ਹੋ ਜਾਵੇਗਾ। ਭਾਜਪਾ ਨਾਲ ਗੱਠਜੋੜ ਬਾਰੇ ਸਿਆਸੀ ਹਲਕਿਆਂ ਵਿੱਚ ਉੱਠ ਰਹੀਆਂ ਕਿਆਸਅਰਾਈਆਂ ਬਾਰੇ ਸੁਖਬੀਰ ਬਾਦਲ ਨੇ ਸਪੱਸ਼ਟ ਕੀਤਾ ਕਿ ਉਹ ਪਿਛਲੇ 15 ਦਿਨਾਂ ਤੋਂ ਪੰਜਾਬ ਬਚਾਓ ਯਾਤਰਾ ’ਤੇ ਹਨ ਅਤੇ ਉਹ ਨਾ ਹੀ ਪੰਜਾਬ ਤੋਂ ਬਾਹਰ ਕਿਤੇ ਗਏ ਅਤੇ ਇਸ ਬਾਰੇ ਅਜੇ ਤਾਈਂ ਨਾ ਹੀ ਕਿਸੇ ਨਾਲ ਕੋਈ ਗੱਲ ਹੋਈ ਹੈ। ਉਂਜ ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਬਸਪਾ ਨਾਲ ਗੱਠਜੋੜ ਕਾਇਮ ਹੈ ਅਤੇ ਅੱਗੇ ਵੀ ਰਹੇਗਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਅਕਾਲੀ ਦਲ ਨਾਲ ਗੱਠਜੋੜ ਬਾਰੇ ਗੱਲ ਚਲ ਰਹੀ ਹੈ। ਕਿਸਾਨੀ ਸੰਘਰਸ਼ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਸਟੈਂਡ ਬਾਰੇ ਪੁੱਛੇ ਜਾਣ ’ਤੇ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਕਿਸਾਨਾਂ ਨਾਲ ਚਟਾਨ ਵਾਂਗ ਖੜਾ ਹੈ ਅਤੇ ਖੜਾ ਰਹੇਗਾ। ਉਨ੍ਹਾਂ ਕਿਹਾ ਕਿ ਕਿਸਾਨ ਸੂਬੇ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਆਪ ਸਰਕਾਰ ਖ਼ਿਲਾਫ਼ ਬਹੁਤ ਰੋਸ ਅਤੇ ਗੁੱਸਾ ਹੈ। ਸੂਬੇ ਦੇ ਲੋਕ ਹੁਣ ਖ਼ੁਦ ਕਹਿ ਰਹੇ ਹਨ ਕਿ ਝਾੜੂ ਵਾਲਿਆਂ ਨੇ ਉਨ੍ਹਾਂ ਨੂੰ ਧੋਖਾ ਦਿੱਤਾ ਹੈ ਅਤੇ ਲੋਕ ਹੁਣ ‘ਆਪ’ ਤੋਂ ਬਦਲਾ ਲੈਣ ਦੀ ਤਾਕ ਵਿੱਚ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 92 ਸੀਟਾਂ ਜਿਤਾਈਆਂ ਸਨ, ਹੁਣ ਉਹੀ ਲੋਕ ਆਗਾਮੀ ਚੋਣਾਂ ਵਿੱਚ ਇਨ੍ਹਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾਉਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹ ਸਮਝਣ ਦੀ ਲੋੜ ਹੈ ਕਿ ਖੇਤਰੀ ਪਾਰਟੀਆਂ ਅਤੇ ਕੇਂਦਰੀ ਪਾਰਟੀਆਂ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੁੰਦਾ ਹੈ। ਖੇਤਰੀ ਪਾਰਟੀਆਂ ਸੂਬੇ ਦੇ ਵਿਕਾਸ ਲਈ ਖ਼ੁਦ ਫ਼ੈਸਲੇ ਲੈਂਦੀਆਂ ਹਨ ਜਦੋਂਕਿ ਕਾਂਗਰਸ ਅਤੇ ‘ਆਪ’ ਨੂੰ ਦਿੱਲੀ ਵਾਲਿਆਂ ਦੇ ਹੁਕਮਾਂ ਮੁਤਾਬਕ ਚੱਲਣਾ ਪੈਂਦਾ ਹੈ। ਇਸ ਲਈ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਲੋਕਾਂ ਨੂੰ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨਾ ਪਵੇਗਾ ਨਹੀਂ ਤਾਂ ਪੰਜਾਬ ਬਹੁਤ ਪਿੱਛੇ ਚਲਾ ਜਾਵੇਗਾ। ਇਸ ਮੌਕੇ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੇਮ ਸਿੰਘ ਚੰਦੂਮਾਜਰਾ, ਅਨਿਲ ਜੋਸ਼ੀ ਸਾਬਕਾ ਮੰਤਰੀ, ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਹਲਕਾ ਇੰਚਾਰਜ ਖਰੜ ਰਣਜੀਤ ਸਿੰਘ ਗਿੱਲ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਪਰਦੀਪ ਸਿੰਘ ਭਾਰਜ, ਕਰਮ ਸਿੰਘ ਬਬਰਾ, ਮਨਜੀਤ ਸਿੰਘ ਮਾਨ, ਸਰਬਜੀਤ ਸਿੰਘ ਪਾਰਸ, ਹਰਮਨਪ੍ਰੀਤ ਸਿੰਘ ਪ੍ਰਿੰਸ, ਸਿਮਰਨਜੀਤ ਸਿੰਘ ਚੰਦੂਮਾਜਰਾ, ਪਾਰਸ ਮਹਾਜਨ, ਗੁਰਜਿੰਦਰ ਸਿੰਘ ਤਾਜਲਪੁਰ, ਰਣਬੀਰ ਸਿੰਘ ਪੂਨੀਆ, ਸੁਖਵਿੰਦਰ ਸਿੰਘ ਛਿੰਦੀ ਬੱਲੋਮਾਜਰਾ, ਨੰਬਰਦਾਰ ਹਰਵਿੰਦਰ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ