Share on Facebook Share on Twitter Share on Google+ Share on Pinterest Share on Linkedin ਸਾਬਕਾ ਮੇਅਰ ਜੀਤੀ ਸਿੱਧੂ ਨੇ ਨੇਚਰ ਪਾਰਕ ਦੀ ਮਾੜੀ ਹਾਲਾਤ ‘ਤੇ ਚੁੱਕੇ ਸਵਾਲ ਸੀਨੀਅਰ ਸਿਟੀਜ਼ਨਾਂ ਨਾਲ ਬੈਂਚ ’ਤੇ ਬੈਠ ਕੇ ਸੁਣੀਆਂ ਸਮੱਸਿਆਵਾਂ ਨਬਜ਼-ਏ-ਪੰਜਾਬ, ਮੁਹਾਲੀ, 19 ਜੁਲਾਈ 2026: ਮੁਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਨੇਚਰ ਪਾਰਕ ਦਾ ਦੌਰਾ ਕਰਕੇ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਤੋਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਪਾਰਕ ਵਿਚ ਸੈਰ ਕਰਨ ਆਉਣ ਵਾਲੇ ਸੀਨੀਅਰ ਸਿਟੀਜ਼ਨਾਂ ਅਤੇ ਸੇਵਾਮੁਕਤ ਅਧਿਕਾਰੀਆਂ ਅਤੇ ਹੋਰ ਮੋਹਤਬਰ ਵਿਅਕਤੀਆਂ ਨਾਲ ਵੀ ਮੁਲਾਕਾਤ ਕੀਤੀ। ਸਾਬਕਾ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਨੇਚਰ ਪਾਰਕ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਪਾਰਕ ਨੇੜਿਓਂ ਲੰਘ ਰਹੇ ਐੱਨ-ਚੋਏ ਦੀ ਸਫ਼ਾਈ ਨਾ ਹੋਣ ਅਤੇ ਚੰਡੀਗੜ੍ਹ ਦੇ ਸੀਵਰੇਜ ਦਾ ਪਾਣੀ ਸੁੱਟੇ ਜਾਣ ਕਾਰਨ ਇਲਾਕੇ ਵਿਚ ਭਾਰੀ ਬਦਬੂ ਫੈਲ ਰਹੀ ਹੈ, ਜਿਸ ਨਾਲ ਪਾਰਕ ਵਿਚ ਸੈਰ ਕਰਨ ਵਾਲੇ ਵਿਅਕਤੀਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੀਤੀ ਸਿੱਧੂ ਨੇ ਕਿਹਾ ਕਿ ਉਹ ਮਾਮਲੇ ਸਬੰਧੀ ਪੰਜਾਬ ਦੇ ਰਾਜਪਾਲ, ਜੋ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ, ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਨੂੰ ਕਈ ਪੱਤਰ ਲਿਖ ਚੁੱਕੇ ਹਨ ਪਰ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪਾਰਕ ਵਿਚ ਥਾਂ-ਥਾਂ ਕੂੜਾ ਪਿਆ ਹੈ, ਜੰਗਲੀ ਘਾਹ ਅਤੇ ਝਾੜੀਆਂ ਬੇਹੱਦ ਵੱਧ ਚੁੱਕੀਆਂ ਹਨ, ਜਿਸ ਕਾਰਨ ਜ਼ਹਿਰੀਲੇ ਸੱਪ ਅਤੇ ਹੋਰ ਜੀਵ-ਜੰਤੂਆਂ ਦਾ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਲੋਕ ਇੱਥੇ ਨੰਗੇ ਪੈਰੀਂ ਸੈਰ ਕਰਦੇ ਹਨ, ਪਰ ਮੌਜੂਦਾ ਹਾਲਾਤਾਂ ਵਿਚ ਇਹ ਖ਼ਤਰਨਾਕ ਬਣ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਮੁਹਾਲੀ ਨਗਰ ਨਿਗਮ ਨੂੰ ਅਪੀਲ ਕੀਤੀ ਕਿ ਨੇਚਰ ਪਾਰਕ ਦੀ ਸਫ਼ਾਈ, ਐੱਨ-ਚੋਏ ਦੀ ਸੰਭਾਲ ਅਤੇ ਕੂੜੇ ਦੇ ਨਿਪਟਾਰੇ ਲਈ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਤਾਂ ਜੋ ਲੋਕਾਂ ਨੂੰ ਇਕ ਸੁਰੱਖਿਅਤ ਅਤੇ ਸਾਫ਼-ਸੁਥਰਾ ਵਾਤਾਵਰਨ ਮਿਲ ਸਕੇ। ਸਾਬਕਾ ਮੇਅਰ ਨੇ ਕੂੜਾ ਪ੍ਰਬੰਧਨ ਦੇ ਮੁੱਦੇ ‘ਤੇ ਮੌਜੂਦਾ ਸਰਕਾਰ ਅਤੇ ਵਿਧਾਇਕ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਉਹ ਮੇਅਰ ਸਨ ਤਾਂ ਕੂੜੇ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਦੀ ਨਾਕਾਮੀ ਦਾ ਪ੍ਰਚਾਰ ਕੀਤਾ ਗਿਆ ਸੀ ਪਰ ਹੁਣ ਪਿਛਲੇ ਤਿੰਨ ਮਹੀਨਿਆਂ ਤੋਂ ਨਗਰ ਨਿਗਮ ਅਤੇ ਵਿਧਾਨ ਸਭਾ ਦੋਵੇਂ ‘ਤੇ ਆਮ ਆਦਮੀ ਪਾਰਟੀ ਦਾ ਕਬਜ਼ਾ ਹੋਣ ਦੇ ਬਾਵਜੂਦ ਵੀ ਕੂੜੇ ਦੀ ਸਮੱਸਿਆ ਦਾ ਢੁੱਕਵਾਂ ਹੱਲ ਨਹੀਂ ਹੋਇਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ