ਕੰਗਨਾ ਰਣੌਤ ਮਾਮਲਾ: ਮੁਹਾਲੀ ਪੁਲੀਸ ਵੱਲੋਂ ਜ਼ਮਾਨਤਯੋਗ ਧਰਾਵਾਂ ਤਹਿਤ ਕੇਸ ਦਰਜ, ਕੋਈ ਗ੍ਰਿਫ਼ਤਾਰੀ ਨਹੀਂ

ਨਿਹੰਗ ਸਿੰਘ, ਕਿਸਾਨ ਜਥੇਬੰਦੀਆਂ ਤੇ ਐਨਆਰਆਈ ਵੀ ਕੁਲਵਿੰਦਰ ਕੌਰ ਦੀ ਹਮਾਇਤ ’ਚ ਅੱਗੇ ਆਏ

ਗੁਰਦੁਆਰਾ ਅੰਬ ਸਾਹਿਬ ਤੋਂ ਐੱਸਐੱਸਪੀ ਦਫ਼ਤਰ ਤੱਕ ਕੀਤਾ ਜਾਵੇਗਾ ਇਨਸਾਫ਼ ਮਾਰਚ

ਨਬਜ਼-ਏ-ਪੰਜਾਬ, ਮੁਹਾਲੀ, 7 ਜੂਨ:
ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ’ਤੇ ਸੀਆਈਐੱਸਐੱਫ਼ ਦੀ ਮਹਿਲਾ ਜਵਾਨ ਕੁਲਵਿੰਦਰ ਕੌਰ ਵੱਲੋਂ ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਕਥਿਤ ਤੌਰ ’ਤੇ ਥੱਪੜ ਮਾਰਨ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਜ਼ਮਾਨਤਯੋਗ ਧਰਾਵਾਂ 323 ਅਤੇ 341 ਦੇ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਸੂਤਰਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਫਿਲਹਾਲ ਹਾਲੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ। ਪੁਲੀਸ ਦੇ ਇਸ ਬਿਆਨ ’ਤੇ ਟਿੱਪਣੀ ਕਰਦਿਆਂ ਕਿਸਾਨ ਅਤੇ ਹੋਰ ਇਨਸਾਫ਼ ਪਸੰਦ ਲੋਕਾਂ ਨੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਪੁਲੀਸ ਨੇ ਮਹਿਲਾ ਸਿਪਾਹੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ ਤਾਂ ਘਟਨਾ ਤੋਂ ਬਾਅਦ ਉਹ ਕਿੱਥੇ ਹੈ? ਉਸ ਦਾ ਪਤੀ ਅਤੇ ਬੱਚੇ ਕਿੱਥੇ ਹਨ, ਉਹ ਸੁਰੱਖਿਅਤ ਵੀ ਹਨ ਜਾਂ ਨਹੀਂ?
ਉਧਰ, ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਮੀਟਿੰਗ ਕਰਕੇ ਸਮੁੱਚੇ ਘਟਨਾਕ੍ਰਮ ’ਤੇ ਚਰਚਾ ਕੀਤੀ। ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਲੱਖੋਵਾਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰ ਦੇਹਕਲਾਂ, ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਪੰਜਾਬ ਦੀ ਧੀ ਕੁਲਵਿੰਦਰ ਕੌਰ ਨਾਲ ਕਿਸੇ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਿਸਾਨ ਜਥੇਬੰਦੀਆਂ ਨੇ ਮਹਿਲਾ ਸਿਪਾਹੀ ਨੂੰ ਸਮਰਥਨ ਦਾ ਐਲਾਨ ਵੀ ਕੀਤਾ। ਕਿਸਾਨ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ’ਤੇ 9 ਜੂਨ ਨੂੰ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਤੋਂ ਐੱਸਐੱਸਪੀ ਦਫ਼ਤਰ ਤੱਕ ਇਨਸਾਫ਼ ਮਾਰਚ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਮੰਗ ਕੀਤੀ ਕਿ ਕੰਗਨਾ ਰਣੌਤ ਦੇ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾਵੇ।
ਇਸ ਮੌਕੇ ਕਿਸਾਨ ਯੂਨੀਅਨ (ਕਾਦੀਆ) ਦੇ ਬੁਲਾਰੇ ਕਮਲਜੀਤ ਸਿੰਘ ਲਾਂਡਰਾਂ, ਗੁਰਮੀਤ ਸਿੰਘ ਖੂਨੀਮਾਜਰਾ, ਜਸਵਿੰਦਰ ਸਿੰਘ ਕੰਡਾਲਾ, ਹਰਜੀਤ ਸਿੰਘ ਸਿਆਊ, ਸਤਵਿੰਦਰ ਸਿੰਘ ਅਲੀਪੁਰ, ਕੰਵਲਜੀਤ ਸਿੰਘ ਅਲੀਪੁਰ, ਸਨਪ੍ਰੀਤ ਸਿੰਘ, ਗੁਰਜੀਤ ਮਾਮਾ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ।
ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬੀਆਂ ਨੂੰ ਉਗਰਵਾਦੀ ਅਤੇ ਖਾਸਲਤਾਨੀ ਕਹਿ ਕੇ ਸੰਬੋਧਨ ਕਰਨ ਵਾਲੀ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੰਗਨਾ ਨੇ ਚੈਕਿੰਗ ਦੌਰਾਨ ਕੁਲਵਿੰਦਰ ਕੌਰ ਨੂੰ ਖਾਲਿਸਤਾਨੀ ਕਹਿ ਕੇ ਚਿੜਾਇਆ ਸੀ ਅਤੇ ਉਹ ਜਾਣਬੁਝ ਕੇ ਪੰਜਾਬ ਦਾ ਮਾਹੌਲ ਖਰਾਬ ਕਰ ਰਹੀ ਹੈ। ਨਿਹੰਗ ਸਿੰਘਾਂ ਨੇ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਬੀਬਾ ਕੁਲਵਿੰਦਰ ਕੌਰ ਜ਼ਿਮਨੀ ਚੋਣ ਲੜਾ ਕੇ ਸੰਸਦ ਵਿੱਚ ਭੇਜਿਆ ਜਾਵੇ ਅਤੇ ਕੰਗਨਾ ਦੇ ਬਰਾਬਰ ਸੀਟ ’ਤੇ ਬਿਠਾਇਆ ਜਾਵੇਗਾ।
ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਪਾਲ ਸਿੰਘ ਫਰਾਂਸ, ਭਾਈ ਜਸਵਿੰਦਰ ਸਿੰਘ, ਭਾਈ ਬਲਵਿੰਤਦਰ ਸਿੰਘ, ਰਵਿੰਦਰ ਸਿੰਘ ਵਜੀਦਪੁਰ, ਗੁਰਮੀਤ ਸਿੰਘ ਬੈਦਵਾਨ, ਜਗਤਾਰ ਸਿੰਘ ਕੁੰਭੜਾ, ਗੁਰਦੀਪ ਸਿੰਘ ਬਠਿੰਡਾ, ਸੁਖਦੇਵ ਸਿੰਘ ਕੰਸਾਲਾ, ਵਕੀਲ ਗੁਰਸ਼ਰਨ ਸਿੰਘ ਨੇ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਸਿਪਾਹੀ ਕੁਲਵਿੰਦਰ ਕੌਰ ਦਾ ਸਮਰਥਨ ਕਰਦਿਆਂ ਉਸ ਨੂੰ ਤੁਰੰਤ ਨੌਕਰੀ ’ਤੇ ਬਹਾਲ ਕਰਨ ਦੀ ਗੁਹਾਰ ਲਗਾਈ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬੀਆਂ ਖ਼ਿਲਾਫ਼ ਮੰਦਾ ਬੋਲਣ ਵਾਲੀ ਭਾਜਪਾ ਆਗੂ ਖ਼ਿਲਾਫ਼ ਫੌਰੀ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਵੀ ਕੰਗਨਾ ਨੇ ਏਅਰਪੋਰਟ ’ਤੇ ਚੈਕਿੰਗ ਦੌਰਾਨ ਪੰਜਾਬੀਆਂ ਬਾਰੇ ਮੰਦਾ ਬੋਲ ਕੇ ਕੁਲਵਿੰਦਰ ਨੂੰ ਉਕਸਾਹਿਆ ਗਿਆ ਸੀ। ਜਿਸ ਕਾਰਨ ਇਹ ਘਟਨਾ ਵਾਪਰੀ ਹੈ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਖ਼ਿਲਾਫ਼ ਜ਼ਹਿਰ ਉਗਲਣ ਅਤੇ ਪੰਜਾਬੀਆਂ ਦੇ ਅਕਸ ਨੂੰ ਬਦਨਾਮ ਕਰਨ ਦੇ ਦੋਸ਼ ਹੇਠ ਕੰਗਨਾ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ ਅਤੇ ਉਸ ਉੱਤੇ ਪੰਜਾਬ ਆਉਣ ’ਤੇ ਪਾਬੰਦੀ ਲਗਾਈ ਜਾਵੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…