ਲੋਕ ਸਭਾ ਚੋਣਾਂ: ਅਣ-ਉਚਿੱਤ ਸਾਧਨਾਂ ਦੀ ਵਰਤੋਂ ਸਹਿਣ ਨਹੀਂ ਕੀਤੀ ਜਾਵੇਗੀ: ਡੀਸੀ ਆਸ਼ਿਕਾ ਜੈਨ

ਉਮੀਦਵਾਰਾਂ ਨਾਲ ਪੁਲੀਸ ਮੁਲਾਜ਼ਮ ਤੋਂ ਇਲਾਵਾ ਬਾਉਂਸਰ ਰੱਖਣ ਦੀ ਆਗਿਆ ਨਹੀਂ ਹੋਵੇਗੀ: ਐਸਐਸਪੀ ਸੰਦੀਪ ਗਰਗ

ਜ਼ਿਲ੍ਹਾ ਪ੍ਰਸ਼ਾਸਨ ਨੇ ਮੁਹਾਲੀ ਵਿੱਚ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਦੀ ਵਚਨਬੱਧਤਾ ਨੂੰ ਦੁਹਰਾਇਆ

ਸਮੂਹ ਰਾਜਸੀ ਪਾਰਟੀਆਂ ਅਤੇ ਆਮ ਲੋਕਾਂ ਨੂੰ ਸ਼ਾਂਤਮਈ ਚੋਣਾਂ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ

ਨਬਜ਼-ਏ-ਪੰਜਾਬ, ਮੁਹਾਲੀ, 18 ਮਾਰਚ:
ਲੋਕ ਸਭਾ ਚੋਣਾਂ-2024 ਦਾ ਐਲਾਨ ਹੁੰਦੇ ਹੀ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਵਧੇਰੇ ਮੁਸਤੈਦ ਹੋ ਗਿਆ ਹੈ। ਹਾਲਾਂਕਿ ਚੋਣ ਪ੍ਰਚਾਰ ਦਾ ਅਮਲ ਸ਼ੁਰੂ ਹਾਲੇ ਸ਼ੁਰੂ ਨਹੀਂ ਹੋਇਆ ਹੈ ਪ੍ਰੰਤੂ ਜ਼ਿਲ੍ਹਾ ਅਧਿਕਾਰੀਆਂ ਨੇ ਹਰ ਪਹਿਲੂ ’ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਲੋਕ ਸਭਾ ਚੋਣਾਂ ਦੌਰਾਨ ਅਣ-ਉਚਿੱਤ ਸਾਧਨਾਂ ਦੀ ਵਰਤੋਂ ਸਹਿਣ ਨਹੀਂ ਕੀਤੀ ਜਾਵੇਗੀ, ਜਿਸ ਲਈ ‘ਜ਼ੀਰੋ ਟੋਲਰੈਂਸ’ ਦੀ ਨੀਤੀ ਰੱਖੀ ਜਾਵੇਗੀ। ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਡੀਆ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਜ਼ਿੰਮੇਵਾਰਾਂ ਨੂੰ ਸਲਾਖ਼ਾਂ ਪਿੱਛੇ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਤਿੰਨ ਵਿਧਾਨ ਸਭਾ ਹਲਕੇ ਸ਼ਾਮਲ ਹਨ। ਜਿਨ੍ਹਾਂ ’ਚੋਂ ਮੁਹਾਲੀ ਅਤੇ ਖਰੜ ਸ੍ਰੀ ਅਨੰਦਪੁਰ ਸਾਹਿਬ ਸੰਸਦੀ ਹਲਕੇ ਵਿੱਚ ਆਉਂਦੇ ਹਨ ਜਦੋਂਕਿ ਡੇਰਾਬੱਸੀ, ਪਟਿਆਲਾ ਸੰਸਦੀ ਹਲਕੇ ਵਿੱਚ ਆਉਂਦਾ ਹੈ। ਉਂਜ ਡੇਰਾਬੱਸੀ ਮੁਹਾਲੀ ਜ਼ਿਲ੍ਹੇ ਦਾ ਹਿੱਸਾ ਹੈ। ਇਨ੍ਹਾਂ ਹਲਕਿਆਂ ਵਿੱਚ 818 ਪੋਲਿੰਗ ਬੂਥ ਹਨ ਅਤੇ 7,90,499 ਵੋਟਰ ਹਨ। ਜਿਨ੍ਹਾਂ ’ਚੋਂ 4,14,276 ਪੁਰਸ਼, 3,76,187 ਮਹਿਲਾ ਅਤੇ 36 ਤੀਜੇ ਲਿੰਗ ਦੇ ਵੋਟਰ ਹਨ। ਕੋਈ ਵੀ ਵਿਅਕਤੀ ਜੋ 1 ਅਪਰੈਲ, 2024 ਨੂੰ 18 ਸਾਲ ਦੀ ਉਮਰ ਪੂਰੀ ਕਰਦਾ ਹੈ, ਉਹ 5 ਮਈ ਤੱਕ ਆਪਣਾ ਨਾਮ ਦਰਜ ਕਰਵਾ ਸਕਦਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਮੁਹਾਲੀ ਨਾਲ ਲੱਗਦੀਆਂ ਗੁਆਂਢੀ ਸੂਬਿਆਂ ਦੀਆਂ ਅੰਤਰਰਾਜੀ ਸੀਮਾਵਾਂ ਸਾਂਝੀਆਂ ਹੋਣ ਕਾਰਨ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ’ਤੇ ਚੌਕਸੀ ਰੱਖਣ ਲਈ ਹਰੇਕ ਹਲਕੇ ਵਿੱਚ 3 ਕਾਰਜਸ਼ੀਲ ਫਲਾਇੰਗ ਸਕੁਐਡ ਟੀਮਾਂ ਤਾਇਨਾਤ ਹੋਣਗੀਆਂ। ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਤੋਂ ਕਾਰਜਸ਼ੀਲ ਹੋਣ ਲਈ ਹਰੇਕ ਹਲਕੇ ਵਿੱਚ 4 ਸਟੈਟਿਕ ਸਰਵੇਲੈਂਸ ਟੀਮਾਂ ਹਨ। ਇਸ ਤੋਂ ਇਲਾਵਾ ਇੱਕ 24 ਘੰਟੇ ਖੁੱਲ੍ਹਾ ਰਹਿਣ ਵਾਲਾ ਸ਼ਿਕਾਇਤ ਸੈੱਲ ਕਾਰਜਸ਼ੀਲ ਹੈ। ਜਿਸਦਾ ਟੋਲ-ਫ੍ਰੀ ਨੰਬਰ 1950 ਅਤੇ ਈਮੇਲ complaintcellmohali20240gmail.com ਹੈ।
ਐੱਸਐੱਸਪੀ ਸੰਦੀਪ ਗਰਗ ਨੇ ਜ਼ਿਲ੍ਹਾ ਪੁਲੀਸ ਵੱਲੋਂ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਮੁਹਾਲੀ ਦੀ ਅੰਤਰਰਾਜੀ ਸਰਹੱਦੀ ਸਾਂਝ ਨੂੰ ਦੇਖਦੇ ਹੋਏ ਨਗਦੀ, ਸ਼ਰਾਬ ਅਤੇ ਨਸ਼ਿਆਂ ਦੀ ਆਮਦ ਨੂੰ ਰੋਕਣ ਲਈ ਪਹਿਲਾਂ ਹੀ ਨਾਕੇ ਲਗਾਏ ਗਏ ਹਨ। ਇਸ ਤੋਂ ਇਲਾਵਾ ਮੁਲਜ਼ਮਾਂ ਅਤੇ ਪੀਓਜ਼ ਨੂੰ ਗ੍ਰਿਫ਼ਤਾਰ ਕਰਨ ਲਈ ਗੈਰ-ਜ਼ਮਾਨਤੀ ਵਾਰੰਟਾਂ ’ਤੇ ਅਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 9000 ਲਾਇਸੈਂਸੀ ਹਥਿਆਰ ਹਨ, ਜੋ ਥਾਣਿਆਂ ਜਾਂ ਅਸਲਾ ਡੀਲਰਾਂ ਕੋਲ ਜਮ੍ਹਾਂ ਕਰਵਾਉਣੇ ਪੈਂਦੇ ਹਨ। ਇਨ੍ਹਾਂ ’ਚੋਂ 1500 ਦੀ ਪ੍ਰਾਪਤੀ ਕਰ ਲਈ ਗਈ ਹੈ ਅਤੇ ਬਾਕੀ ਅਸਲਾ ਲਾਇਸੈਂਸ ਧਾਰਕਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਛੋਟ ਪ੍ਰਾਪਤ ਸ਼੍ਰੇਣੀਆਂ ਨੂੰ ਛੱਡ ਕੇ ਏਅਰਗੰਨ ਵਰਗੇ ਹਥਿਆਰ ਵੀ ਜਮ੍ਹਾਂ ਕਰਵਾਏ ਜਾਣਗੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਾਈਵੇਟ ਬਾਊਂਸਰਾਂ ਦੀ ਵਰਤੋਂ ਨੂੰ ‘ਮਸਲ ਪਾਵਰ’ ਵਜੋਂ ਮੰਨਿਆ ਜਾਵੇਗਾ ਕਿਉਂਕਿ ਸਾਰੇ ਉਮੀਦਵਾਰਾਂ ਨੂੰ ਪੁਲੀਸ ਵੱਲੋਂ ਢੁਕਵੀਂ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਹਥਿਆਰਬੰਦ ਪੁਲੀਸ ਬਲ ਦੀ ਇੱਕ ਕੰਪਨੀ ਪਹਿਲਾਂ ਹੀ ਪਹੁੰਚ ਚੁੱਕੀ ਹੈ ਅਤੇ ਗਸ਼ਤ, ਫਲੈਗ ਮਾਰਚ, ਏਰੀਆ ਡੋਮੀਨੇਸ਼ਨ ਲਈ ਲੋੜ ਅਨੁਸਾਰ ਤਾਇਨਾਤ ਕੀਤੀ ਗਈ ਹੈ।
ਏਡੀਸੀ (ਜਨਰਲ) ਵਿਰਾਜ ਐਸ ਤਿੜਕੇ ਨੇ ਦੱਸਿਆ ਕਿ ਗੁੰਮਰਾਹਕੁਨ ਸੂਚਨਾਵਾਂ, ਫਰਜ਼ੀ ਖ਼ਬਰਾਂ ਅਤੇ ਪੇਡ ਨਿਊਜ਼ (ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ) ਨੂੰ ਰੋਕਣ ਅਤੇ ਉਸ ’ਤੇ ਨਜ਼ਰ ਰੱਖਣ ਲਈ ਪਹਿਲਾਂ ਹੀ ਇੱਕ ਮੀਡੀਆ ਨਿਗਰਾਨੀ ਸੈੱਲ ਕੰਮ ਕਰ ਰਿਹਾ ਹੈ, ਜਿੱਥੇ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ। ਏਡੀਸੀ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਕਿਹਾ ਕਿ ਐਮਸੀਸੀ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…