nabaz-e-punjab.com

ਕਲੋਜ਼ਰ ਰਿਪੋਰਟ: ਚੰਡੀਗੜ੍ਹ ਪੁਲੀਸ ਵੱਲੋਂ ਹਵਾਰਾ ਕਮੇਟੀ ਤੇ ਸਿੱਖਾਂ ’ਤੇ ਲਾਠੀਚਾਰਜ, ਕਈ ਜ਼ਖ਼ਮੀ ਪੱਗਾਂ ਲੱਥੀਆਂ

ਸਿੱਖ ਆਗੂਆਂ ਵੱਲੋਂ ਡੇਰਾ ਪ੍ਰੇਮੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਕਲੋਜਰ ਰਿਪੋਰਟ ਵਾਪਸ ਲੈਣ ਦੀ ਮੰਗ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਨਾਲੋਂ ਵੱਧ ਅੱਤਿਆਚਾਰੀ: ਸਿੱਖ ਆਗੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੁਲਾਈ:
ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ਸਬੰਧੀ ਪਿਛਲੇ ਦਿਨੀਂ ਸੀਬੀਆਈ ਵੱਲੋਂ ਚੁੱਪ ਚੁਪੀਤੇ ਮੁਹਾਲੀ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਦਾਇਰ ਕੀਤੀ ਕਲੋਜ਼ਰ ਰਿਪੋਰਟ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸੜਕਾਂ ’ਤੇ ਉਤਰ ਆਏ ਹਨ। ਜਗਤਾਰ ਸਿੰਘ ਹਵਾਰਾ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਅਤੇ ਹੋਰਨਾਂ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸੋਮਵਾਰ ਨੂੰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਇਕੱਠੇ ਹੋਏ ਅਤੇ ਬੇਅਦਬੀ ਮਾਮਲਿਆਂ ਅਤੇ ਸੀਬੀਆਈ ਦੀ ਕਲੋਜ਼ਰ ਰਿਪੋਰਟ ’ਤੇ ਲੰਮੀ ਚਰਚਾ ਕਰਨ ਤੋਂ ਬਾਅਦ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਭਾਈ ਸੁਖਦੀਪ ਸਿੰਘ ਖੋਸਾ, ਭਾਈ ਜਸਵਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ ਮੱਖੂ, ਮਾ. ਬਲਦੇਵ ਸਿੰਘ, ਰੁਪਿੰਦਰ ਸਿੰਘ ਪੰਜਗਰਾਈਂ, ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਸਿੱਖਾਂ ਨੇ ਆਪਣੇ ਹੱਥਾਂ ਵਿੱਚ ਕੇਸਰੀ, ਨੀਲੇ ਅਤੇ ਕਾਲੇ ਝੰਡੇ ਲੈ ਕੇ ਸੀਬੀਆਈ ਦਫ਼ਤਰ ਵੱਲ ਕੂਚ ਕਰਨ ਦਾ ਯਤਨ ਕੀਤਾ ਲੇਕਿਨ ਯੂਟੀ ਪੁਲੀਸ ਨੇ ਪ੍ਰਦਰਸ਼ਨਕਾਰੀ ਸਿੱਖਾਂ ਨੂੰ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਬੈਰੀਕੇਟ ਲਗਾ ਕੇ ਰੋਕ ਲਿਆ।
ਸਿੱਖ ਨੁਮਾਇੰਦਿਆਂ ਨੇ ਸ਼ਾਂਤਮਈ ਢੰਗ ਨਾਲ ਰੋਸ ਮੁਜ਼ਾਹਰਾ ਕਰਦਿਆਂ ਸੀਬੀਆਈ ਦਫ਼ਤਰ ਤੱਕ ਜਾਣ ਦੇਣ ਦੀ ਮੰਗ ਕੀਤੀ ਲੇਕਿਨ ਯੂਟੀ ਪੁਲੀਸ ਨੇ ਉਨ੍ਹਾਂ ਦਾ ਰਾਹ ਡੱਕ ਲਿਆ ਅਤੇ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਦੀ ਹੱਦ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ। ਜਦੋਂ ਸਿੱਖਾਂ ਨੇ ਬੋਲੇ ਸੋ ਨਿਹਾਲ ਦੇ ਜੈਕਾਰੇ ਛੱਡ ਕੇ ਅੱਗੇ ਵਧਣ ਦਾ ਯਤਨ ਕੀਤਾ ਤਾਂ ਪੁਲੀਸ ਨੇ ਭੀੜ ਨੂੰ ਖਦੇੜਨ ਲਈ ਹਲਕਾ ਲਾਠੀਚਾਰਜ ਕੀਤਾ ਅਤੇ ਪਾਣੀ ਦੀਆਂ ਬੁਛਾੜਾ ਮਾਰੀਆਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਜਿਸ ਕਾਰਨ ਕਈ ਸਿੱਖਾਂ ਦੀਆਂ ਪੱਗਾਂ ਲੱਥ ਗਈਆਂ ਅਤੇ ਕਈ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ। ਜਿਸ ਕਾਰਨ ਸਿੱਖ ਨੁਮਾਇੰਦੇ ਉੱਥੇ ਹੀ ਸੜਕ ’ਤੇ ਚੱਕਾ ਜਾਮ ਕਰਕੇ ਧਰਨੇ ’ਤੇ ਬੈਠ ਗਏ। ਜਿਸ ਕਾਰਨ ਇਸ ਸੜਕ ’ਤੇ ਕਾਫੀ ਸਮੇਂ ਤੱਕ ਆਵਾਜਾਈ ਠੱਪ ਰਹੀ।
ਇਸ ਦੌਰਾਨ ਐਸਪੀ ਰੈਂਕ ਦਾ ਅਧਿਕਾਰੀ ਪੰਜ ਮੈਂਬਰੀ ਕਮੇਟੀ ਦੇ ਆਗੂਆਂ ਨੂੰ ਖ਼ੁਦ ਸੀਬੀਆਈ ਦਫ਼ਤਰ ਤੱਕ ਲੈ ਕੇ ਗਿਆ। ਜਿੱਥੇ ਸੀਬੀਆਈ ਅਧਿਕਾਰੀ ਨੇ ਗੇਟ ਉੱਤੇ ਹੀ ਸਿੱਖ ਆਗੂਆਂ ਕੋਲੋਂ ਮੰਗ ਪੱਤਰ ਹਾਸਲ ਕੀਤਾ ਅਤੇ ਸੀਬੀਆਈ ਡਾਇਰੈਕਟਰ ਸਮੇਤ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰਾਲੇ ਨੂੰ ਉਨ੍ਹਾਂ ਦੀਆਂ ਭਾਵਨਾਵਾਂ ਬਾਰੇ ਜਾਣੂ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਭਾਈ ਸੁਖਦੀਪ ਸਿੰਘ ਖੋਸਾ ਅਤੇ ਭਾਈ ਜਸਵਿੰਦਰ ਸਿੰਘ ਨੇ ਮੰਗ ਕੀਤੀ ਕਿ ਬੇਅਦਬੀ ਲਈ ਜ਼ਿੰਮੇਵਾਰ ਡੇਰਾ ਪ੍ਰੇਮੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਕੇਸ ਖ਼ਤਮ ਕਰਨ ਲਈ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਦਾਇਰ ਕਲੋਜ਼ਰ ਰਿਪੋਰਟ ਤੁਰੰਤ ਵਾਪਸ ਲਈ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਨਾਲੋਂ ਵੱਧ ਅੱਤਿਆਚਾਰੀ ਹੈ। ਉਨ੍ਹਾਂ ਕਿਹਾ ਕਿ ਅੱਜ ਪ੍ਰਦਰਸ਼ਨਕਾਰੀ ਸਿੱਖਾਂ ਉੱਤੇ ਅੱਥਰੂ ਗੈਸ ਦੇ ਗੋਲੇ ਛੱਡ ਅਤੇ ਲਾਠੀਚਾਰਜ ਕਰਕੇ ਫਰੀਦਕੋਟ ਵਿੱਚ ਹੋਏ ਜਬਰ ਜੁਲਮ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਲਕੇ 23 ਜੁਲਾਈ ਨੂੰ ਮੁਹਾਲੀ ਅਦਾਲਤ ਦੇ ਫੈਸਲੇ ਤੋਂ ਬਾਅਦ 24 ਜੁਲਾਈ ਨੂੰ ਲੁਧਿਆਣਾ ਵਿੱਚ ਮੀਟਿੰਗ ਸੱਦ ਕੇ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ। ਇਸ ਮਗਰੋਂ ਸਿੱਖਾਂ ਨੇ ਮੁੜ ਗੁਰਦੁਆਰਾ ਅੰਬ ਸਾਹਿਬ ਪਹੁੰਚ ਕੇ ਅਰਦਾਸ ਕੀਤੀ ਅਤੇ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਪ੍ਰੋ. ਬਲਜਿੰਦਰ ਸਿੰਘ, ਮਾ. ਸੰਤੋਖ ਸਿੰਘ, ਭਾਈ ਵਿਸਾਖਾ,, ਭਾਈ ਸੁਰਜੀਤ ਸਿੰਘ ਇਆਲੀ, ਪਹਿਰੇਦਾਰ ਦੇ ਮੁੱਖ ਸੰਪਾਦਕ ਜਸਪਾਲ ਸਿੰਘ ਹੇਰਾਂ, ਵਕੀਲ ਅਮਰ ਸਿੰਘ ਚਾਹਲ, ਭਾਈ ਖੁਸ਼ਹਾਲ ਸਿੰਘ, ਸਤਨਾਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਨੁਮਾਇੰਦੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …