ਮਹਿਲਾ ਕਾਂਗਰਸ ਵੱਲੋਂ ਅੌਰਤਾਂ ਦੀ ਸੁਰੱਖਿਆ ਦੇ ਮੁੱਦੇ ’ਤੇ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਨਬਜ਼-ਏ-ਪੰਜਾਬ, ਰਾਜਪੁਰਾ, 21 ਮਾਰਚ:
ਕਾਂਗਰਸ ਪਾਰਟੀ ਵੱਲੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਰਾਜਪੁਰਾ ਦੇ ਟਾਹਲੀ ਵਾਲਾ ਚੌਕ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਮਹਿਲਾ ਕਾਂਗਰਸ ਜ਼ਿਲ੍ਹਾ ਪਟਿਆਲਾ (ਦਿਹਾਤੀ) ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਵੀ ਸ਼ਮੂਲੀਅਤ ਕੀਤੀ। ਬੀਬੀਆਂ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ‘ਆਪ’ ਲੀਡਰਸ਼ਿਪ ਨੇ ਪੰਜਾਬ ਦੀਆਂ ਅੌਰਤਾਂ ਨੂੰ ਪ੍ਰਤੀ ਮਹੀਨਾ 1000 ਗਰੰਟੀ ਦੇਣ ਦਾ ਵਾਅਦਾ ਕੀਤਾ ਸੀ ਪ੍ਰੰਤੂ ਚਾਰ ਸਾਲਾਂ ਬਾਅਦ ਵੀ ਇਹ ਗਰੰਟੀ ਹੁਣ ਤੱਕ ਪੂਰੀ ਨਹੀਂ ਹੋਈ। ਇਸ ਨੂੰ ਅੌਰਤਾਂ ਨਾਲ ਵੱਡਾ ਵਿਸ਼ਵਾਸਘਾਤ ਦੱਸਦਿਆਂ ਸਾਬਕਾ ਵਿਧਾਇਕ ਨੇ ਕਿਹਾ ਕਿ 2027 ਦੀਆਂ ਚੋਣਾਂ ਨੇੜੇ ਆਉਣ ਦੇ ਨਾਲ ਪੰਜਾਬ ਸਰਕਾਰ ਵੱਲੋਂ ਅੌਰਤਾਂ ਨੂੰ ਲੁਭਾਉਣ ਲਈ ਫਿਰ ਤੋਂ ਝੂਠੇ ਵਾਅਦੇ ਕਰ ਰਹੀ ਹੈ।
ਇਸ ਮੌਕੇ ਬੀਬੀ ਗੁਰਸ਼ਰਨ ਕੌਰ ਰੰਧਾਵਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿੱਚ ਅੌਰਤਾਂ ਸੁਰੱਖਿਅਤ ਨਹੀਂ ਹਨ, ਅਤੇ ਚੇਨ ਸਨੈਚਿੰਗ ਅਤੇ ਕਤਲ ਵਰਗੀਆਂ ਘਟਨਾਵਾਂ ਰੋਜ਼ਾਨਾ ਵਾਪਰ ਰਹੀਆਂ ਹਨ, ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਮੌਜੂਦਾ ਸਰਕਾਰ ਹਰ ਫਰੰਟ ’ਤੇ ਅਸਫਲ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਅੌਰਤਾਂ ਨੇ ਪੰਜਾਬ ਦੀ ‘ਆਪ’ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਸਾਰੇ ਵਾਅਦੇ ਪੂਰੇ ਨਹੀਂ ਕੀਤੇ ਤਾਂ ਕਾਂਗਰਸ ਪਾਰਟੀ ਵੱਲੋਂ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।