ਮੇਅਰ ਕੁਲਵੰਤ ਸਿੰਘ ਵੱਲੋਂ ਮੁਹਾਲੀ ਸ਼ਹਿਰ ਵਿੱਚ ਵਿਸ਼ੇਸ਼ ਸਫਾਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਨੇੜ ਭਵਿੱਖ ਵਿੱਚ ਮੁਹਾਲੀ ਨੂੰ ਸਫ਼ਾਈ ਪੱਖੋਂ ਦੇਸ਼ ਦਾ ਸਭ ਤੋਂ ਮੋਹਰੀ ਸ਼ਹਿਰ ਬਣਾਉਣ ਸਾਡਾ ਮੁੱਖ ਟੀਚਾ: ਮੇਅਰ ਕੁਲਵੰਤ ਸਿੰਘ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਈ:
ਮੁਹਾਲੀ ਨਗਰ ਨਿਗਮ ਦੇ ਮੇਅਰ ਸ੍ਰ. ਕੁਲਵੰਤ ਸਿੰਘ ਨੇ ਅੱਜ ਇੱਥੇ ਸਥਾਨਕ ਸੈਕਟਰ-71 ਤੋਂ ਸਫਾਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਨਿਗਮ ਦੇ ਸਹਾਇਕ ਕਮਿਸ਼ਨਰ ਸਰਬਜੀਤ ਸਿੰਘ ਨੇ ਦਸਿਆ ਕਿ 5 ਜੂਨ ਨੂੰ ਵਾਤਾਵਰਨ ਦਿਵਸ ਮੌਕੇ ਪੂਰੇ ਭਾਰਤ ਵਿਚ ਹੀ ਸੁੱਕਾ ਕੂੜਾ ਅਤੇ ਗਿੱਲਾ ਕੂੜਾ ਵੱਖ-ਵੱਖ ਪਾਉਣ ਦੀ ਮੁਹਿੰਮ ਸ਼ੁਰੂ ਹੋ ਰਹੀ ਹੈ, ਜਿਸ ਤਹਿਤ ਅੱਜ ਸੈਕਟਰ-71 ਵਿੱਚ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਕੂੜਾ ਪਾਉਣ ਲਈ ਹਰੇ ਅਤੇ ਨੀਲੇ ਰੰਗ ਦੇ ਡੱਬੇ ਵੰਡੇ ਗਏ। ਇਨ੍ਹਾਂ ਵੱਖ ਵੱਖ ਡੱਬਿਆਂ ਵਿੱਚ ਸੁੱਕਾ ਅਤੇ ਗਿੱਲਾ ਕੂੜਾ ਵੱਖ-ਵੱਖ ਪਾਇਆ ਜਾਵੇਗਾ ਤਾਂ ਕਿ ਵਾਤਾਵਰਨ ਦੀ ਸੰਭਾਲ ਹੋ ਸਕੇ।
ਇਸ ਮੌਕੇ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਐਸ.ਏ.ਐਸ. ਨਗਰ (ਮੁਹਾਲੀ) ਨੂੰ ਆਉਣ ਵਾਲੇ ਸਮੇਂ ਵਿੱਚ ਦੇਸ਼ ਦਾ ਸਭ ਤੋਂ ਸਾਫ਼ ਸੁਥਰਾ ਸ਼ਹਿਰ ਬਣਾਉਣਾ ਹੈ ਅਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਨੇੜ ਭਵਿੱਖ ਵਿੱਚ ਮੁਹਾਲੀ ਨੂੰ ਇਹ ਮਾਣ ਜ਼ਰੂਰ ਹਾਸਲ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਰਿਹਾਇਸ਼ੀ ਖੇਤਰ ਵਿੱਚ ਮੈਨੂਅਲ ਸਫ਼ਾਈ ਅਤੇ ਮੁੱਖ ਸੜਕਾਂ ਦੀ ਸਫ਼ਾਈ ਮਸ਼ੀਨਾਂ ਰਾਹੀਂ ਕੀਤੀ ਜਾਂਦੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਮਸ਼ੀਨੀ ਸਫ਼ਾਈ ਦਾ ਦਾਇਰਾ ਵਧਾਇਆ ਜਾਵੇਗਾ। ਲੋਕ ਸਵੇਰੇ ਜਦੋਂ ਉੱਠਣਗੇ ਤਾਂ ਉਨ੍ਹਾਂ ਨੂੰ ਘਰਾਂ ਦੇ ਮੂਹਰੇ ਸਾਫ਼ ਸੁਥਰੀਆਂ ਸੜਕਾਂ ਨਜ਼ਰ ਆਉਣਗੀਆਂ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਦਾ ਕੂੜਾ ਕਰਕਟ ਸਿਰਫ਼ ਨਿਰਧਾਰਿਤ ਥਾਵਾਂ ’ਤੇ ਹੀ ਸੁੱਟਣ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਾਰੇ ਚੌਂਕ ਚੌਹਰਾਇਆ ਨੂੰ ਖ਼ੂਬਸੂਰਤ ਬਣਾਉਣ ਲਈ ਵੱਖ ਵੱਖ ਸੰਸਥਾਵਾਂ ਨਾਲ ਤਾਲਮੇਲ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਇਸ ਨੂੰ ਹੋਰ ਵੀ ਕਾਰਗਰ ਬਣਾਇਆ ਜਾਵੇਗਾ। ਇਸ ਮੌਕੇ ਨਿਗਮ ਦੇ ਕਮਿਸ਼ਨਰ ਰਾਜੇਸ਼ ਧੀਮਾਨ, ਜੁਆਇੰਟ ਕਮਿਸ਼ਨਰ ਅਵਨੀਤ ਕੌਰ, ਸੀਨੀਅਰ ਡਿਪਟੀ ਮੇਅਰ ਰਿਸਵ ਜੈਨ, ਨਿਗਮ ਦੇ ਅਧਿਕਾਰੀ, ਕੌਂਸਲਰ ਅਤੇ ਸਮਾਜ ਸੇਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…