ਨਾਜਾਇਜ਼ ਮਾਈਨਿੰਗ ਖ਼ਿਲਾਫ਼ ‘ਆਪ’ ਆਗੂ ਤੇ ਪਿੰਡ ਵਾਸੀਆਂ ਨੇ ਡੀਸੀ ਨਾਲ ਕੀਤੀ ਮੀਟਿੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਸਤੰਬਰ:
ਜ਼ਿਲ੍ਹਾ ਮੁਹਾਲੀ ਦੇ ਮਾਜਰੀ ਬਲਾਕ ਅਧੀਨ ਆਉਂਦੇ ਪਿੰਡ ਅਭੀਪੁਰ ਅਤੇ ਹੋਰਨਾਂ ਪਿੰਡਾਂ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਦੇ ਖ਼ਿਲਾਫ਼ ਆਪ ਆਗੂ ਜਗਦੇਵ ਸਿੰਘ ਮਲੋਆ ਅਤੇ ਪਿੰਡ ਵਾਸੀਆਂ ਵੱਲੋਂ ਮੁਹਾਲੀ ਵਿੱਚ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਰੇਤ ਮਾਫ਼ੀਆਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਕਿ ਪਿੰਡ ਅਭੀਪੁਰ ਵਿੱਚ ਸ਼ਰ੍ਹੇਆਮ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਪਿੰਡ ਵਾਸੀ ਨਾਜਾਇਜ਼ ਮਾਈਨਿੰਗ ਰੋਕਣ ਲਈ ਰਾਤਾਂ ਜਾਗ ਕੇ ਕੱਟ ਰਹੇ ਹਨ ਅਤੇ ਰਾਤ ਦੇ ਸਮੇਂ ਸੜਕਾਂ ’ਤੇ ਧਰਨੇ ਅਤੇ ਠੀਕਰੇ ਪਹਿਰੇ ਦਿੱਤੇ ਜਾ ਰਹੇ ਹਨ ਪ੍ਰੰਤੂ ਸਬੰਧਤ ਅਧਿਕਾਰੀ ਗੂੜੀ ਨੀਂਦ ਵਿੱਚ ਸੁੱਤੇ ਹੋਏ ਹਨ।
ਇਸ ਮੌਕੇ ਡੀਸੀ ਨੇ ਨਾਜਾਇਜ਼ ਮਾਈਨਿੰਗ ਵਿਰੋਧੀ ਸੰਘਰਸ਼ ਕਮੇਟੀ ਤੋਂ ਗੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਸੁਝਾਅ ਵੀ ਮੰਗੇ। ਧਰਨੇ ਦੀ ਅਗਵਾਈ ਕਰਨ ਵਾਲੇ ਪਿੰਡ ਅਭੀਪੁਰ ਦੇ ਵਸਨੀਕ ਰਾਮ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਕਈ ਥਾਵਾਂ ’ਤੇ ਸੀਸੀਟੀਵੀ ਕੈਮਰੇ ਲਗਾਉਣ ਅਤੇ ਚੈੱਕ ਪੋਸਟਾਂ ਬਣਾਉਣ ਬਾਰੇ ਗੱਲ ਕੀਤੀ ਅਤੇ ਨਾਜਾਇਜ਼ ਮਾਈਨਿੰਗ ਰੋਕਣ ਠੋਸ ਕਦਮ ਚੁੱਕਣ ਅਤੇ ਜ਼ਿੰਮੇਵਾਰ ਵਿਅਕਤੀਆਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦਾ ਭਰੋਸਾ ਦਿੱਤਾ। ਪਿੰਡ ਵਾਸੀਆਂ ਨੇ ਦੱਸਿਆ ਕਿ ਸਰਕਾਰੀ ਸਰਪ੍ਰਸਤੀ ਹੇਠ ਗੁੰਡਾ ਅਨਸਰ ਰਾਤ ਨੂੰ ਨਾਜਾਇਜ਼ ਮਾਈਨਿੰਗ ਕਰਦੇ ਹਨ ਅਤੇ ਜੇਕਰ ਕੋਈ ਵਿਅਕਤੀ ਉਨ੍ਹਾਂ ਦਾ ਰਾਹ ਡੱਕਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹ ਲੜਾਈ ਝਗੜਾ ਕਰਨ ’ਤੇ ਉਤਾਰੂ ਹੋ ਜਾਂਦੇ ਹਨ ਅਤੇ ਹੁਣ ਤੱਕ ਵਿਰੋਧ ਕਰਨ ਵਾਲੇ ਲੋਕਾਂ ’ਤੇ ਕਈ ਹਮਲੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰੇਤ ਮੁਾਫ਼ੀਆ ਨੂੰ ਜਲਦੀ ਨੱਥ ਨਹੀਂ ਪਾਈ ਗਈ ਤਾਂ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਸੋਢੀ ਸਿੰਘ ਕੁਬਾਹੇੜੀ, ਰਣਜੋਧ ਸਿੰਘ, ਭਾਗ ਸਿੰਘ ਵੀ ਹਾਜ਼ਰ ਸਨ।