ਮੁੱਖ ਮੰਤਰੀ ਤੀਰਥ ਯਾਤਰਾ: ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ’ਚੋਂ 13ਵੀਂ ਬੱਸ ਨੂੰ ਕੀਤਾ ਰਵਾਨਾ
ਨਬਜ਼-ਏ-ਪੰਜਾਬ, ਮੁਹਾਲੀ, 19 ਮਾਰਚ:
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ਰਧਾਲੂਆਂ ਦੀ 13ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਤੀਰਥ ਯਾਤਰਾ ਲਈ ਰਵਾਨਾ ਕੀਤਾ ਗਿਆ। ਗੁਰਦੁਆਰਾ ਨਾਨਕ ਦਰਬਾਰ, ਸੈਕਟਰ-91, ਮੁਹਾਲੀ ਤੋਂ ਸ਼ਰਧਾਲੂਆਂ ਨਾਲ ਭਰੀ ਇਸ ਬੱਸ ਨੂੰ ਰਵਾਨਾ ਕਰਨ ਮੌਕੇ ਵਿਧਾਇਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਅਤੇ ਦੋ ਰਾਤਾਂ ਦੀ ਹੋਵੇਗੀ, ਜਿਸ ਤੋਂ ਬਾਅਦ ਸ਼ਰਧਾਲੂ ਸੁਰੱਖਿਅਤ ਤਰੀਕੇ ਨਾਲ ਵਾਪਸ ਮੁਹਾਲੀ ਪਹੁੰਚਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਆਉਣ-ਜਾਣ ਅਤੇ ਰਹਿਣ ਦੀ ਪੂਰੀ ਸੁਵਿਧਾ ਯਕੀਨੀ ਬਣਾਈ ਗਈ ਹੈ। ਹਰ ਬੱਸ ਦੇ ਨਾਲ ਮੈਡੀਕਲ ਮਾਹਿਰ ਅਤੇ ਗਾਈਡ ਦੀ ਵਿਵਸਥਾ ਕੀਤੀ ਜਾਂਦੀ ਹੈ, ਤਾਂ ਜੋ ਯਾਤਰਾ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੀ ਸਾਰਥਕ ਸੋਚ ਅਨੁਸਾਰ ਇਸ ਯੋਜਨਾ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਅਤੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਆਪਣੇ-ਆਪਣੇ ਹਲਕਿਆਂ ਵਿੱਚ ਰਜਿਸਟ੍ਰੇਸ਼ਨ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨੂੰ ਅਗਾਂਹ ਵੀ ਜਾਰੀ ਰੱਖਿਆ ਜਾਵੇਗਾ, ਤਾਂ ਜੋ ਕੋਈ ਵੀ ਸ਼ਰਧਾਲੂ ਇਸ ਮੌਕੇ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਦੱਸਿਆ ਕਿ ਯਾਤਰਾ ਤੋਂ ਵਾਪਸੀ ਉਪਰੰਤ ਸ਼ਰਧਾਲੂਆਂ ਨਾਲ ਫੋਨ ਰਾਹੀਂ ਸੰਪਰਕ ਕਰਕੇ ਉਨ੍ਹਾਂ ਦੇ ਅਨੁਭਵ ਜਾਣੇ ਜਾਂਦੇ ਹਨ, ਜਿਨ੍ਹਾਂ ਵੱਲੋਂ ਇਸ ਯੋਜਨਾ ਦੀ ਭਰਪੂਰ ਸਰਾਹਨਾ ਕੀਤੀ ਜਾਂਦੀ ਹੈ। ਉਨ੍ਹਾਂ ਇਸ ਯੋਜਨਾ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ ਨੂੰ ਲੈ ਕੇ ਸੰਗਤ ਵਿੱਚ ਭਾਰੀ ਉਤਸ਼ਾਹ ਹੈ ਅਤੇ ਲੋਕ ਆਪਣੇ ਰਿਸ਼ਤੇਦਾਰਾਂ ਤੇ ਦੋਸਤਾਂ ਨੂੰ ਵੀ ਇਸ ਯੋਜਨਾ ਨਾਲ ਜੁੜਨ ਲਈ ਪ੍ਰੇਰਿਤ ਕਰ ਰਹੇ ਹਨ। ਇਸ ਮੌਕੇ ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਅਵਤਾਰ ਸਿੰਘ ਜਨਰਲ ਸਕੱਤਰ, ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਸੈਕਟਰ-74), ਸ਼ੇਰ ਸਿੰਘ ਪ੍ਰਧਾਨ, ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਸੈਕਟਰ-74), ਬਲਦੇਵ ਸਿੰਘ ਕੰਗ, ਅਜਮੇਰ ਸਿੰਘ ਸੋਹਾਣਾ), ਗੁਰਦੇਵ ਸਿੰਘ, ਗੁਰਵਿੰਦਰ ਸਿੰਘ, ਗੁਰਨਾਮ ਸਿੰਘ, ਗੁਰਮੀਤ ਸਿੰਘ, ਨਿਹਾਲ ਸਿੰਘ ਵਿਰਕ, ਗੁਰਦੀਪ ਸਿੰਘ ਟਿਵਾਣਾ, ਬਚਿੱਤਰ ਸਿੰਘ, ਅਮਰਜੀਤ ਸਿੰਘ, ਸੁਖਵੰਤ ਸਿੰਘ ਅਤੇ ਜਗਦੀਸ਼ ਸਿੰਘ ਵੀ ਮੌਜੂਦ ਸਨ।