ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦਾ ਮੁੱਦਾ ਚੁੱਕਿਆ

ਸਤੰਬਰ ਦੇ ਅਖੀਰ ਤੱਕ ਸ਼ਹਿਰ ਵਿੱਚ ਲੋੜ ਅਨੁਸਾਰ ਸੀਸੀਟੀਵੀ ਕੈਮਰੇ ਲਗਾਏ ਜਾਣ: ਮੁੱਖ ਮੰਤਰੀ

ਮੁਹਾਲੀ ਵਿੱਚ ਸਥਾਪਿਤ ਕੀਤਾ ਜਾਵੇਗਾ ‘ਕਮਾਂਡ ਕੰਟਰੋਲ ਸੈਂਟਰ’

ਨਬਜ਼-ਏ-ਪੰਜਾਬ, ਮੁਹਾਲੀ, 7 ਮਾਰਚ:
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਦੀ ਮਿੰਨੀ ਰਾਜਧਾਨੀ ਵਜੋਂ ਵਿਕਸਤ ਹੋ ਰਹੇ ਮੁਹਾਲੀ ਸ਼ਹਿਰ ਦੇ ਹਰ ਕੋਨੇ ਵਿੱਚ ਸੀਸੀਟੀਵੀ ਕੈਮਰੇ ਲਗਾਉਣ ’ਤੇ ਜ਼ੋਰ ਦਿੰਦਿਆਂ ਲੋਕਾਂ ਨੂੰ ਆਵਾਜਾਈ ਦੀ ਸਹੂਲਤ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਪੰਜਾਬ ਵਿਧਾਨ ਸਭਾ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਹੋਰ ਜ਼ਰੂਰੀ ਮੁੱਦੇ ਚੁੱਕਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਵੱਖ-ਵੱਖ ਸ਼ਹਿਰਾਂ ਤੋਂ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ ਅਤੇ ਕਾਰੋਬਾਰੀ ਲੋਕ ਆਉਂਦੇ ਹਨ। ਜਿਨ੍ਹਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਸਾਰੇ ਚੌਂਕਾਂ ਅਤੇ ਪ੍ਰਮੁੱਖ ਸੜਕਾਂ ’ਤੇ ਸੀਸੀਟੀਵੀ ਕੈਮਰੇ ਲਗਾਉਣੇ ਬਹੁਤ ਜ਼ਰੂਰੀ ਹਨ।
ਉਧਰ, ਆਪਣੀ ਹੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਚੁੱਕੇ ਸਵਾਲਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੁਹਾਲੀ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਅਤੇ ਕਮਾਂਡ ਕੰਟਰੋਲ ਸੈਂਟਰ ਸਥਾਪਿਤ ਕਰਨ ਦਾ ਕੰਮ ਸਤੰਬਰ ਦੇ ਅਖੀਰ ਤੱਕ ਪੂਰਾ ਕਰ ਲਿਆ ਜਾਵੇਗਾ। ਇਸ ਸਬੰਧੀ ਕੁਲਵੰਤ ਸਿੰਘ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਸ਼ਹਿਰ ਦੇ ਵਿਕਾਸ ਲਈ ਸਰਕਾਰੀ ਖ਼ਜ਼ਾਨੇ ਦਾ ਮੂੰਹ ਮੁਹਾਲੀ ਵੱਲ ਖੋਲ੍ਹਣ ਦੀ ਗੁਹਾਰ ਵੀ ਲਗਾਉਂਦਿਆਂ ਕਿਹਾ ਕਿ ਜਿਹੜਾ ਪੈਸਾ ਜਿਸ ਮੰਤਵ ਲਈ ਭੇਜਿਆ ਜਾਵੇਗਾ, ਉਸੇ ਕੰਮ ’ਤੇ ਖ਼ਰਚ ਕੀਤਾ ਜਾਵੇਗਾ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੀਸੀਟੀਵੀ ਕੈਮਰੇ ਲੱਗਣ ਨਾਲ ਸ਼ਹਿਰ ਵਿੱਚ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਵੇਗੀ। ਇਸ ਨਾਲ ਜਿੱਥੇ ਅੌਰਤਾਂ, ਬੱਚਿਆਂ ਅਤੇ ਹਰ ਸ਼ਾਂਤੀ ਪਸੰਦ ਵਿਅਕਤੀ ਦੀ ਸੁਰੱਖਿਆ ਵਿੱਚ ਵਾਧਾ ਹੋਵੇਗਾ, ਉੱਥੇ ਪੁਲੀਸ ਫੋਰਸ ਉੱਤੇ ਕੰਮ ਦਾ ਬੋਝ ਘਟੇਗਾ, ਸੜਕੀ ਹਾਦਸਿਆਂ ਵਿੱਚ ਕਮੀ ਆਵੇਗੀ ਅਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਵੀ ਕਾਬੂ ਪਾਇਆ ਜਾ ਸਕੇਗਾ, ਕਿਉਂਕਿ ਸੀਸੀਟੀਵੀ ਕੈਮਰਿਆਂ ਰਾਹੀਂ ਈ-ਚਲਾਨ ਵੀ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕਰਵਾਉਣ ਲਈ ਵਚਨਬੱਧ ਹਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…