nabaz-e-punjab.com

ਮੁਹਾਲੀ ਅਦਾਲਤ ਵੱਲੋਂ ਇੱਕ ਹੋਰ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਬਰੀ

ਨਬਜ਼-ਏ-ਪੰਜਾਬ, ਮੁਹਾਲੀ, 19 ਮਈ:
ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਇੱਕ ਹੋਰ ਅਪਰਾਧਿਕ ਮਾਮਲੇ ਵਿੱਚ ਖਾੜਕੂ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਦੋਸ਼ ਮੁਕਤ ਕਰਾਰ ਦਿੰਦਿਆਂ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਉਹ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਅਤੇ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਬੰਦ ਹੈ।
ਅਦਾਲਤੀ ਕਾਰਵਾਈ ਤੋਂ ਬਾਅਦ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਜਗਤਾਰ ਸਿੰਘ ਹਵਾਰਾ ਦੇ ਖ਼ਿਲਾਫ਼ ਸਾਲ 2005 ਵਿੱਚ ਖਰੜ ਥਾਣੇ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 2020 ਵਿੱਚ ਹਵਾਰਾ ਦੀ ਗ੍ਰਿਫ਼ਤਾਰੀ ਪਾਈ ਸੀ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਅਦਾਲਤ ਵਿੱਚ ਚੱਲ ਰਹੀ ਸੀ। ਅੱਜ ਅਦਾਲਤ ਨੇ ਉਨ੍ਹਾਂ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਹਵਾਰਾ ਖ਼ਿਲਾਫ਼ ਇਹ ਅੰਤਿਮ ਕੇਸ ਸੀ, ਜਿਸ ’ਚੋਂ ਵੀ ਉਹ ਬਰੀ ਹੋ ਗਏ ਹਨ।
ਬਚਾਅ ਪੱਖ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਹੁਣ ਜਥੇਦਾਰ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਪੰਜਾਬ ਵਿੱਚ ਕੋਈ ਵੀ ਪੁਰਾਣਾ ਕੇਸ ਪੈਂਡਿੰਗ ਨਹੀਂ ਰਿਹਾ। ਉਹ ਸਾਰੇ ਕਰੀਬ 36 ਕੇਸਾਂ ਚੋਂ ਬਰੀ ਹੋ ਚੁੱਕੇ ਹਨ। ਹੁਣ ਸਿਰਫ਼ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਉਮਰ ਕੈਦੀ ਹੈ। ਇਸ ਤਰ੍ਹਾਂ ਹੁਣ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਲਈ ਰਾਹ ਪੱਧਰਾ ਹੋ ਗਿਆ ਹੈ। ਵਕੀਲ ਨੇ ਕਿਹਾ ਕਿ ਅਦਾਲਤ ਦੇ ਤਾਜ਼ਾ ਹੁਕਮਾਂ ਦੀ ਕਾਪੀ ਮਿਲਣ ਤੋਂ ਬਾਅਦ ਸਾਰੇ ਕਾਨੂੰਨੀ ਪੱਖਾਂ ਨੂੰ ਵਿਚਾਰ ਕੇ ਹਵਾਰਾ ਨੂੰ ਪੈਰੋਲ ਦੇਣ ਲਈ ਉੱਚ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪੂਰੀ ਤਰ੍ਹਾਂ ਝੂਠਾ ਸੀ ਅਤੇ ਕੇਸ ਦੀ ਸੁਣਵਾਈ ਦੌਰਾਨ ਪੰਜਾਬ ਪੁਲੀਸ ਹਵਾਰਾ ਦੇ ਖ਼ਿਲਾਫ਼ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਜਿਸ ਦੇ ਚੱਲਦਿਆਂ ਅਦਾਲਤ ਵੱਲੋਂ ਉਨ੍ਹਾਂ ਨੂੰ ਦੋਸ਼ ਮੁਕਤ ਕਰਾਰ ਦਿੰਦੇ ਹੋਏ ਇਸ ਅਖੀਰਲੇ ਪਰਚੇ ’ਚੋਂ ਵੀ ਬਰੀ ਕੀਤਾ ਗਿਆ। ਉਧਰ, ਸੁਰੱਖਿਆ ਪ੍ਰਬੰਧਾਂ ਦੇ ਕਾਰਨ ਅੱਜ ਹਵਾਰਾ ਨੂੰ ਫਿਜ਼ੀਕਲ ਤੌਰ ’ਤੇ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਜਾ ਸਕਿਆ। ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…