Share on Facebook Share on Twitter Share on Google+ Share on Pinterest Share on Linkedin ਮੁਹਾਲੀ ਫਾਇਰ ਬ੍ਰਿਗੇਡ ਵੱਲੋਂ ਵੱਖ-ਵੱਖ ਸਰਕਾਰੀ ਦਫ਼ਤਰਾਂ, ਵੱਡੀਆਂ ਕੰਪਨੀਆਂ ਤੇ ਸ਼ਾਪਿੰਗ ਮਾਲਾਂ ਨੂੰ ਨੋਟਿਸ ਜਾਰੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਅੱਗ ਬੁਝਾਊ ਯੰਤਰਾਂ ਨੂੰ ਸਹੀ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਪਰੈਲ: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਜ਼ਿਆਦਾਤਰ ਅਦਾਰਿਆਂ ਅਤੇ ਫੈਕਟਰੀਆਂ ਅਤੇ ਕੰਪਨੀਆਂ ਵਿੱਚ ਅੱਗ ਬੁਝਾਉਣ ਦੇ ਪੁਖ਼ਤ ਇੰਤਜ਼ਾਮ ਨਹੀਂ ਹਨ। ਵਿਭਾਗੀ ਜਾਣਕਾਰੀ ਅਨੁਸਾਰ ਸ਼ਹਿਰ ਵਿੱਚ ਬੜੀ ਮੁਸ਼ਕਲ ਨਾਲ 20 ਕੁ ਫੀਸਦੀ ਅਦਾਰਿਆਂ ਵਿੱਚ ਅੱਗ ਬੁਝਾਊ ਯੰਤਰ ਸਹੀ ਤਰੀਕੇ ਨਾਲ ਕੰਮ ਕਰਦੇ ਹਨ ਜਦੋਂਕਿ 80 ਫੀਸਦੀ ਅਦਾਰੇ ਰੱਬ ਭਰੋਸੇ ਚੱਲ ਰਹੇ ਹਨ। ਹਾਲ ਹੀ ਵਿੱਚ ਮੁਹਾਲੀ ਵਿੱਚ ਦੋ ਫੈਕਟਰੀਆਂ ਇੱਕ ਕੈਮੀਕਲ ਅਤੇ ਥੀਨਰ ਫੈਕਟਰੀ ਅਤੇ ਦੂਜੀ ਗੱਤਾ ਫੈਕਟਰੀ ਵਿੱਚ ਭਿਆਨਕ ਅੱਗਾਂ ਲੱਗ ਚੁੱਕੀਆਂ ਹਨ ਅਤੇ ਸਨਅਤਕਾਰਾਂ ਦਾ ਕਰੋੜਾਂ ਦਾ ਨੁਕਸਾਨ ਹੋਇਆ ਹੈ। ਉਧਰ, ਮੁਹਾਲੀ ਫਾਇਰ ਬ੍ਰਿਗੇਡ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਸ਼ਿਕੰਜਾ ਕੱਸਦਿਆਂ ਵੱਖ-ਵੱਖ ਸਰਕਾਰੀ ਦਫ਼ਤਰਾਂ, ਵੱਡੀਆਂ ਕੰਪਨੀਆਂ ਅਤੇ ਸ਼ਾਪਿੰਗ ਮਾਲਾਂ ਨੂੰ ਨੋਟਿਸ ਜਾਰੀ ਕੀਤੇ ਹਨ। ਵਿਭਾਗ ਨੇ ਆਪਣੇ ਨੋਟਿਸਾਂ ਵਿੱਚ ਸਖ਼ਤ ਤਾੜਨਾ ਕੀਤੀ ਗਈ ਹੈ ਕਿ ਸਬੰਧਤ ਅਦਾਰੇ ਅੱਗ ਬੁਝਾਊ ਯੰਤਰਾਂ ਨੂੰ ਸਹੀ ਤਰੀਕੇ ਨਾਲ ਰੱਖਿਆ ਜਾਵੇ। ਮੁਹਾਲੀ ਫਾਇਰ ਬਿਗ੍ਰੇਡ ਦੇ ਅਸਿਸਟੈਂਟ ਡਵੀਜ਼ਨਲ ਫਾਇਰ ਅਫ਼ਸਰ ਕ੍ਰਿਸ਼ਨ ਲਾਲ ਕੱਕੜ ਨੇ ਦੱਸਿਆ ਕਿ ਗਰਮੀ ਦਾ ਮੌਸਮ ਸ਼ੁਰੂ ਹੁੰਦੇ ਹੀ ਅੱਗ ਲੱਗਣ ਦੀਆਂ ਘਟਨਾਵਾਂ ਵਧਣੀਆਂ ਸ਼ੁਰੂ ਹੋ ਜਾਂਦੀਆਂ ਹਨ। ਇਸ ਲਈ ਸਰਕਾਰੀ ਦਫ਼ਤਰਾਂ ਅਤੇ ਵੱਡੀਆਂ ਦੁਕਾਨਾਂ ਅਤੇ ਪ੍ਰਾਈਵੇਟ ਕੰਪਨੀਆਂ ਵਿੱਚ ਅੱਗ ਬੁਝਾਊ ਯੰਤਰ ਹੋਣੇ ਬਹੁਤ ਜ਼ਰੂਰੀ ਹਨ ਅਤੇ ਇਹ ਅੱਗ ਬੁਝਾਊ ਯੰਤਰ ਸਹੀ ਤਰ੍ਹਾਂ ਕੰਮ ਕਰਦੇ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਫਾਇਰ ਬਿਗ੍ਰੇਡ ਵਿਭਾਗ ਵੱਲੋਂ ਵੱਖ-ਵੱਖ ਸਰਕਾਰੀ ਦਫ਼ਤਰਾਂ, ਵੱਡੀਆਂ ਕੰਪਨੀਆਂ ਅਤੇ ਸ਼ਾਪਿੰਗ ਮਾਲਾਂ ਦੇ ਪ੍ਰਬੰਧਕਾਂ ਨੂੰ ਨੋਟਿਸ ਭੇਜ ਕੇ ਕਿਹਾ ਗਿਆ ਹੈ ਕਿ ਇਨ੍ਹਾਂ ਥਾਵਾਂ ’ਤੇ ਅੱਗ ਬੁਝਾਊ ਯੰਤਰ ਸਹੀ ਹਾਲਤ ਵਿੱਚ ਰੱਖੇ ਜਾਣ। ਉਨ੍ਹਾਂ ਕਿਹਾ ਕਿ ਅਸਲੀਅਤ ਤਾਂ ਇਹ ਹੈ ਕਿ ਮੁਹਾਲੀ ਵਿੱਚ ਸਿਰਫ਼ 20 ਫੀਸਦੀ ਅਦਾਰਿਆਂ ਦੇ ਕੋਲ ਸਹੀ ਹਾਲਤ ਵਿੱਚ ਕੰਮ ਕਰਦੇ ਅੱਗ ਬੁਝਾਊ ਯੰਤਰ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਫਾਇਰ ਬ੍ਰਿਗੇਡ ਕੋਲ 8 ਅੱਗ ਬੁਝਾਊ ਗੱਡੀਆਂ ਹਨ, ਇਕ ਹਾਈਡਰੋਲਿਕ ਲਿਫਟ ਅਤੇ ਇੱਕ ਵੱਡਾ ਬੂਜਰ ਹੈ ਪਰ ਸਟਾਫ਼ ਦੀ ਕਮੀ ਕਾਰਨ ਕਈ ਵਾਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਵਿਭਾਗ ਵਿਚ ਸਟਾਫ ਦੀ ਕਮੀ ਨੂੰ ਪੂਰਾ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਸ਼ਹਿਰ ਦੀਆਂ ਵੱਡੀ ਗਿਣਤੀ ਮਾਰਕੀਟਾਂ ਖਾਸ ਕਰਕੇ ਰੇਹੜੀ ਮਾਰਕੀਟਾਂ ਵਿਚ ਅੱਗ ਬੁਝਾਊ ਯੰਤਰਾਂ ਦੀ ਅਣਹੋਂਦ ਹੈ, ਜਿਸ ਕਾਰਨ ਇਨ੍ਹਾਂ ਥਾਵਾਂ ਤੇ ਕਦੇ ਵੀ ਕੋਈ ਅੱਗ ਲੱਗਣ ਦੀ ਘਟਨਾ ਵਾਪਰ ਸਕਦੀ ਹੈ। ਪਿਛਲੇ ਦਿਨੀਂ ਕੈਮੀਕਲ ਤੇ ਥੀਨਰ ਫੈਕਟਰੀ ਅਤੇ ਗੱਤਾ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਚੁੱਕੀ ਹੈ। ਇਸ ਤੋਂ ਪਹਿਲਾਂ ਫੇਜ਼-3 ਅਤੇ ਫੇਜ਼-4 ਵਿੱਚ ਰੇਹੜੀ ਮਾਰਕੀਟਾਂ ਵਿੱਚ ਅੱਗ ਲੱਗ ਚੁੱਕੀ ਹੈ, ਜਿਸ ਕਾਰਨ ਕਾਫ਼ੀ ਨੁਕਸਾਨ ਹੋਇਆ ਸੀ, ਅੱਗ ਲੱਗਣ ਦੀਆਂ ਇਨ੍ਹਾਂ ਵੱਡੀਆਂ ਘਟਨਾਵਾਂ ਤੋਂ ਬਾਅਦ ਵੀ ਵੱਡੀ ਗਿਣਤੀ ਰੇਹੜੀ ਮਾਰਕੀਟਾਂ ਅਤੇ ਹੋਰ ਅਦਾਰਿਆਂ ਵਿੱਚ ਅੱਗ ਬੁਝਾਊ ਯੰਤਰਾਂ ਦੀ ਅਣਹੋਂਦ ਹੈ, ਜਿਸ ਕਰਕੇ ਇਨ੍ਹਾਂ ਥਾਵਾਂ ’ਤੇ ਕਦੇ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ