Nabaz-e-punjab.com

ਮੁਹਾਲੀ ਪੁਲੀਸ ਵੱਲੋਂ ਗੁਰਦੁਆਰਾ ਕਲਗੀਧਰ ਸਾਹਿਬ ਦਾ ਪ੍ਰਧਾਨ ਜਤਿੰਦਰਪਾਲ ਸਿੰਘ ਜੇਪੀ ਗ੍ਰਿਫ਼ਤਾਰ

ਮੁਲਜ਼ਮਾਂ ਦੇ ਖ਼ਿਲਾਫ਼ ਧਾਰਾ 295ਏ ਦੇ ਜੁਰਮ ਦਾ ਵਾਧਾ, ਏਐਸਆਈ ਓਮ ਪ੍ਰਕਾਸ਼ ਨੂੰ ਵੀ ਕੀਤਾ ਨਾਮਜ਼ਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੂਨ:
ਇੱਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿੱਚ ਬੀਤੀ 22 ਮਈ ਨੂੰ ਹੋਏ ਵਿਵਾਦ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਅੱਜ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਵਿਰੋਧੀ ਧੜੇ ਦੇ ਆਗੂ ਜਸਪਾਲ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਫੇਜ਼-1 ਵਿੱਚ ਜਤਿੰਦਰਪਾਲ ਸਿੰਘ, ਅਮਰਜੀਤ ਸਿੰਘ ਅਤੇ 5 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 323, 341, 506, 148 ਅਤੇ 149 ਤਹਿਤ ਦਰਜ ਕੀਤਾ ਗਿਆ ਸੀ। ਪੁਲੀਸ ਨੇ ਹੁਣ ਮੁਲਜ਼ਮਾਂ ਖ਼ਿਲਾਫ਼ ਧਾਰਾ 295ਏ ਜੁਰਮ ਦਾ ਵਾਧਾ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਪੱਤਰਕਾਰ ਮੇਜਰ ਸਿੰਘ ਦੀ ਥਾਣੇ ਵਿੱਚ ਕੁੱਟਮਾਰ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਏਐਸਆਈ ਓਮ ਪ੍ਰਕਾਸ਼ ਨੂੰ ਵੀ ਨਾਮਜ਼ਦ ਕਰ ਲਿਆ ਹੈ।
ਇਸ ਗੱਲ ਦੀ ਪੁਸ਼ਟੀ ਬੁੱਧਵਾਰ ਦੇਰ ਸ਼ਾਮ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਥਾਣਾ ਫੇਜ਼-1 ਦੇ ਐਸਐਚਓ ਮਨਫੂਲ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਜਤਿੰਦਰਪਾਲ ਸਿੰਘ ਨੂੰ ਅੱਜ ਮੁਹਾਲੀ ਅਦਾਲਤ ਦੇ ਬਾਹਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਏਐਸਆਈ ਓਮ ਪ੍ਰਕਾਸ਼ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਕੀਤੇ ਗਏ ਮਾਮਲੇ ਵਿੱਚ ਅੱਜ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਅੱਜ ਦੁਪਹਿਰ ਵੇਲੇ ਜਤਿੰਦਰਪਾਲ ਸਿੰਘ ਨੇ ਸੋਸ਼ਲ ਮੀਡੀਆ ’ਤੇ ਮਦਦ ਦੀ ਗੁਹਾਰ ਲਗਾਉਂਦਿਆਂ ਲਿਖਿਆ ਸੀ ਕਿ ਪੁਲੀਸ ਨੇ ਉਸ ਨੂੰ ਧਾਰਾ 295ਏ ਦੇ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਪ੍ਰੰਤੂ ਕੋਈ ਵੀ ਆਗੂ ਪ੍ਰਧਾਨ ਜੇਪੀ ਸਿੰਘ ਦੀ ਮਦਦ ਲਈ ਖੁੱਲ੍ਹ ਕੇ ਅੱਗੇ ਨਹੀਂ ਆਇਆ ਅਤੇ ਸ਼ਾਮ ਤੱਕ ਕੋਈ ਵੀ ਪੁਲੀਸ ਅਧਿਕਾਰੀ ਆਪਣਾ ਮੂੰਹ ਤੱਕ ਖੋਲ੍ਹਣ ਨੂੰ ਤਿਆਰ ਨਹੀਂ ਸੀ। ਦੇਰ ਸ਼ਾਮ ਪੁਲੀਸ ਨੇ ਪ੍ਰਧਾਨ ਦੀ ਗ੍ਰਿਫ਼ਤਾਰੀ ਅਤੇ ਥਾਣੇਦਾਰ ਓਮ ਪ੍ਰਕਾਸ਼ ਨੂੰ ਧਾਰਾ 295ਏ ਤਹਿਤ ਨਾਮਜ਼ਦ ਕਰਨ ਦੀ ਪੁਸ਼ਟੀ ਕੀਤੀ ਗਈ। ਪੀੜਤ ਪੱਤਰਕਾਰ ਅਤੇ ਯੂਨਾਈਟਿਡ ਸਿੱਖ ਸੰਸਥਾ ਅਤੇ ਹੋਰ ਜਥੇਬੰਦੀਆਂ ਵੀ ਲਗਾਤਾਰ ਏਐਸਆਈ ਓਮ ਪ੍ਰਕਾਸ਼ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕਰ ਰਹੀਆਂ ਸਨ।
ਪੁਲੀਸ ਦੀ ਜਾਣਕਾਰੀ ਅਨੁਸਾਰ ਕੇਸ ਦਰਜ ਹੋਣ ਤੋਂ ਬਾਅਦ ਜਤਿੰਦਰਪਾਲ ਸਿੰਘ ਪੁਲੀਸ ਕੋਲ ਜਾਂਚ ਵਿੱਚ ਸ਼ਾਮਲ ਨਹੀਂ ਹੋਇਆ ਅਤੇ ਅੱਜ ਜ਼ਮਾਨਤ ਲਈ ਸਿੱਧਾ ਮੁਹਾਲੀ ਅਦਾਲਤ ਵਿੱਚ ਪਹੁੰਚ ਗਿਆ। ਇਸ ਦੌਰਾਨ ਵਿਰੋਧੀ ਧੜੇ ਨੇ ਪੁਲੀਸ ਨੂੰ ਇਤਲਾਹ ਦੇ ਦਿੱਤੀ ਅਤੇ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਪ੍ਰਧਾਨ ਨੂੰ ਗ੍ਰਿਫ਼ਤਾਰ ਕਰ ਲਿਆ। ਥਾਣਾ ਮੁਖੀ ਨੇ ਦੱਸਿਆ ਕਿ ਗੁਰਦੁਆਰਾ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਨੂੰ ਭਲਕੇ ਵੀਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਲਿਆ ਜਾਵੇਗਾ ਅਤੇ ਸਮੁੱਚੇ ਘਟਨਾਕ੍ਰਮ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਉਧਰ, ਬੀਤੇ ਦਿਨੀਂ ਜਤਿੰਦਰਪਾਲ ਸਿੰਘ ਜੇਪੀ ਮੀਡੀਆ ਵਿੱਚ ਬਿਆਨ ਜਾਰੀ ਕਰਕੇ ਦੋਸ਼ ਲਾਇਆ ਸੀ ਕਿ ਸਿਆਸੀ ਦਬਾਅ ਹੇਠ ਉਨ੍ਹਾਂ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …