nabaz-e-punjab.com

ਸੜਕ ਹਾਦਸੇ ਵਿੱਚ ਮੋਟਰ ਸਾਈਕਲ ਸਵਾਰ ਦੀ ਮੌਤ

ਨਬਜ਼-ਏ-ਪੰਜਾਬ, ਮੁਹਾਲੀ, 16 ਮਈ:
ਮੁਹਾਲੀ ਏਅਰਪੋਰਟ ਸੜਕ ’ਤੇ ਸੀਪੀ-67 ਮਾਲ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਵਤਾਰ ਸਿੰਘ (39) ਵਾਸੀ ਪਿੰਡ ਮਨੌਲੀ (ਮੁਹਾਲੀ) ਵਜੋਂ ਹੋਈ ਹੈ। ਉਹ ਪ੍ਰਾਈਵੇਟ ਡਰਾਈਵਿੰਗ ਵਜੋਂ ਕੰਮ ਕਰਦਾ ਸੀ। ਘਟਨਾ ਬੀਤੀ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ। ਜਾਂਚ ਅਧਿਕਾਰੀ ਹਰਨੇਕ ਸਿੰਘ ਨੇ ਦੱਸਿਆ ਕਿ ਵੀਰਵਾਰ ਦੇਰ ਸ਼ਾਮ ਅਵਤਾਰ ਸਿੰਘ ਕੰਮ ਤੋਂ ਬਾਅਦ ਆਪਣੇ ਮੋਟਰ ਸਾਈਕਲ ’ਤੇ ਵਾਪਸ ਘਰ ਪਰਤ ਰਿਹਾ ਸੀ, ਜਦੋਂ ਉਹ ਸੀਪੀ-67 ਮਾਲ ਨੇੜੇ ਪਹੁੰਚਿਆ ਤਾਂ ਇੱਕ ਤੇਜ਼ ਰਫ਼ਤਾਰ ਕੈਂਟਰ ਨੇ ਉਸ ਦੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਉਹ ਸੜਕ ’ਤੇ ਡਿੱਗ ਗਿਆ। ਉਸ ਦੇ ਸਿਰ ਵਿੱਚ ਡੂੰਘੀ ਸੱਟ ਵੱਜਣ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮੋਟਰ ਸਾਈਕਲ ਸਵਾਰ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਜਾਂਚ ਅਧਿਕਾਰੀ ਹਰਨੇਕ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਦੇ ਭਰਾ ਜਗਤਾਰ ਸਿੰਘ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਕੈਂਟਰ ਚਾਲਕ ਵਾਰਿਸ ਅਲੀ ਵਾਸੀ ਅਯੋਧਿਆ (ਯੂਪੀ) ਦੇ ਖ਼ਿਲਾਫ਼ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਕੈਂਟਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਹਾਦਸਾਗ੍ਰਸਤ ਵਾਹਨ ਵੀ ਕਬਜ਼ੇ ਵਿੱਚ ਲੈ ਲਏ ਗਏ ਹਨ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਸਰਕਾਰੀ ਹਸਪਤਾਲ ਵਿੱਚ ਪੋਸਟ ਮਾਰਟਮ ਤੋਂ ਬਾਅਦ ਪੁਲੀਸ ਨੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…